ਚੰਡੀਗੜ੍ਹ, 18 ਨਵੰਬਰ 2024 : ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ। ਇਸ ਵਿੱਚ ਸੁਖਬੀਰ ਬਾਦਲ ਵੱਲੋਂ ਦਿੱਤੇ ਅਸਤੀਫੇ ‘ਤੇ ਚਰਚਾ ਕੀਤੀ ਗਈ। ਇਹ ਮੀਟਿੰਗ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਦੱਸ ਦਈਏ ਕਿ ਸੁਖਬੀਰ ਬਾਦਲ ਦੇ ਅਸਤੀਫੇ ਸਬੰਧੀ ਫੈਸਲਾ ਪਾਰਟੀ ਦੇ ਜ਼ਿਲ੍ਹਾ ਜਥੇਦਾਰਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਪਾਰਟੀ ਦੇ ਹੋਰ ਵਿੰਗਾਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਨ ਤਕ ਟਾਲ ਦਿੱਤਾ ਹੈ।। ਦੱਸਿਆ ਗਿਆ ਹੈ ਕਿ ਵਿਚਾਰ-ਚਰਚਾ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਏਗਾ। ਮੀਟਿੰਗ ਸ਼ੁਰੂ ਹੁੰਦੇ ਹੀ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਝਰ ਅਤੇ ਹੋਰ ਯੂਥ ਵਰਕਰਾਂ ਨੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਮੰਗ ਪੱਤਰ ਸੌਂਪਦਿਆਂ ਸੁਖਬੀਰ ਬਾਦਲ ਦੇ ਅਸਤੀਫੇ ਨੂੰ ਨਾਮਨਜ਼ੂਰ ਕਰਨ ਦੀ ਪੇਸ਼ਕਸ਼ ਕੀਤੀ। ਇਸ ‘ਤੇ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅਸੀਂ ਇਸ ਮੁੱਦੇ ‘ਤੇ ਵਿਚਾਰ ਕਰਾਂਗੇ। ਇਸ ਤੋਂ ਇਲਾਵਾ ਮੀਟਿੰਗ ‘ਚ ਹਰਿਆਣਾ ਨੂੰ ਚੰਡੀਗੜ੍ਹ ‘ਚ ਵਿਧਾਨ ਸਭਾ ਲਈ ਜ਼ਮੀਨ ਦੇਣ ਦੇ ਮੁੱਦੇ ‘ਤੇ ਵੀ ਚਰਚਾ ਕੀਤੀ ਗਈ। ਦੱਸ ਦਈਏ ਕਿ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ 16 ਨਵੰਬਰ ਨੂੰ ਅਸਤੀਫ਼ਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਵਰਕਿੰਗ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵਰਕਿੰਗ ਕਮੇਟੀ ਦੀ ਇੱਕ ਐਮਰਜੈਂਸੀ ਮੀਟਿੰਗ 18 ਨਵੰਬਰ ਦੀ ਦੁਪਹਿਰ ਨੂੰ ਪਾਰਟੀ ਦਫ਼ਤਰ ਚੰਡੀਗੜ੍ਹ ਵਿੱਚ ਸੱਦੀ। ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਜਥੇਦਾਰ ਰਘਬੀਰ ਸਿੰਘ ਨੇ ਉਨ੍ਹਾਂ ਨੂੰ ਤਨਖਾਹੀਆ ਕਰਾਰ ਦਿੰਦਿਆਂ ਇਹ ਹੁਕਮ ਦਿੱਤਾ ਸੀ ਕਿ ਜਦੋਂ ਤੱਕ ਸੁਖਬੀਰ ਤਖ਼ਤ ਸਿੰਘ ਸਾਹਿਬਾਨ ਅੱਗੇ ਪੇਸ਼ ਹੋ ਕੇ ਲਿਖਤੀ ਮੁਆਫ਼ੀ ਨਹੀਂ ਮੰਗਦੇ, ਉਦੋਂ ਤੱਕ ਉਹ ਤਨਖਾਹੀਆ ਰਹਿਣਗੇ। ਪਰ ਢਾਈ ਮਹੀਨਿਆਂ ਦਾ ਸਮਾਂ ਲੰਘ ਜਾਣ ਦੇ ਬਾਵਜੂਦ ਅਜੇ ਤਕ ਧਾਰਮਿਕ ਸਜਾ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਤਿੰਨ ਦਿਨ ਪਹਿਲਾਂ ਵੀ ਜਥੇਦਾਰ ਦੀ ਗੈਰਹਾਜ਼ਰੀ ਵਿੱਚ ਸੁਖਬੀਰ ਬਾਦਲ ਮੁੜ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਲਿਖਤੀ ਮੁਆਫੀਨਾਮਾ ਲੈ ਕੇ ਪੇਸ਼ ਹੋਏ ਸਨ। ਇਸ ਦੌਰਾਨ ਕੁਰਸੀ ਤੋਂ ਡਿੱਗਣ ਕਾਰਨ ਉਨ੍ਹਾਂ ਦੀ ਸੱਜੀ ਲੱਤ ਫਰੈਕਚਰ ਹੋ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਸੰਭਾਵਨਾ ਹੈ ਕਿ ਦਸੰਬਰ ਮਹੀਨੇ ਤਕ ਕਿਸੇ ਵੀ ਦਿਨ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕਰਕੇ ਧਾਰਮਿਕ ਸਜ਼ਾ ਸੁਣਾਈ ਜਾ ਸਕਦੀ ਹੈ।
ਸੁਖਬੀਰ ਬਾਦਲ ਦੇ ਹੱਕ ‘ਚ ਡਾ. ਚੀਮਾ ਅਤੇ ਐਨ.ਕੇ. ਸ਼ਰਮਾ ਨੇ ਪਾਰਟੀ ਛੱਡਣ ਦਾ ਕੀਤਾ ਐਲਾਨ
ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵੱਲੋਂ ਸੁਖਬੀਰ ਬਾਦਲ ਦੇ ਹੱਕ ‘ਚ ਅਸਤੀਫੇ ਦੇਣ ਦਾ ਦੌਰ ਜਾਰੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਨਰਿੰਦਰ ਕੁਮਾਰ ਸ਼ਰਮਾ (ਐਨ.ਕੇ.) ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਐਨ ਕੇ ਸ਼ਰਮਾ ਨੇ ਇਹ ਵੀ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦੇ ਪ੍ਰਧਾਨ ਬਣੇ ਰਹਿੰਦੇ ਹਨ ਤਾਂ ਉਹ ਪਾਰਟੀ ਵਰਕਰ ਵਜੋਂ ਪਾਰਟੀ ਵਿੱਚ ਕੰਮ ਕਰਦੇ ਰਹਿਣਗੇ। ਇਸ ਤੋਂ ਪਹਿਲਾ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਵੀ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਮਰਥਨ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਦੱਸ ਦਈਏ ਕਿ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ 16 ਨਵੰਬਰ ਨੂੰ ਅਸਤੀਫ਼ਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਵਰਕਿੰਗ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵਰਕਿੰਗ ਕਮੇਟੀ ਦੀ ਇੱਕ ਐਮਰਜੈਂਸੀ ਮੀਟਿੰਗ ਅੱਜ 18 ਨਵੰਬਰ ਪਾਰਟੀ ਦਫ਼ਤਰ ਚੰਡੀਗੜ੍ਹ ਵਿੱਚ ਸੱਦੀ।