ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਜਲੰਧਰ ਜ਼ਿਮਨੀ ਚੋਣ 'ਚ ਪੰਜਾਬ ਸਰਕਾਰ ਦੇ ਖਿਲਾਫ਼ ਪ੍ਰਚਾਰ ਕਰਨਗੇ।

ਮਾਨਸਾ, 2 ਅਪਰੈਲ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਜਲੰਧਰ ਜ਼ਿਮਨੀ ਚੋਣ 'ਚ ਪੰਜਾਬ ਸਰਕਾਰ ਦੇ ਖਿਲਾਫ਼ ਪ੍ਰਚਾਰ ਕਰਨਗੇ। ਲੋਕਾਂ ਨੂੰ ਦੱਸਣਗੇ ਕਿ ਭਗਵੰਤ ਮਾਨ ਸਰਕਾਰ ਨੇ ਉਨ੍ਹਾਂ ਦੇ ਜਵਾਨ ਪੁੱਤਰ ਦੇ ਕਤਲ ਦਾ ਇਨਸਾਫ਼ ਦੇਣ ਦੀ ਬਜਾਏ ਲਾਰੇ ਹੀ ਲਾਏ ਹਨ ਅਤੇ ਲੋਕਾਂ ਇਨ੍ਹਾਂ ਦੇ ਵਹਿਕਾਵੇ ਵਿੱਚ ਨਾ ਆਉਣ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਸਰਕਾਰ ਤੋਂ ਖਫ਼ਾ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਆਪਣੇ ਪੁੱਤਰ ਦੇ ਕਤਲ ਮਾਮਲੇ ਵਿੱਚ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਲਾਇਆ ਸੀ ਤਾਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਸਰਕਾਰ ਇਸ ਪ੍ਰਤੀ ਗੰਭੀਰ ਹੈ ਅਤੇ 20 ਮਾਰਚ ਤੋਂ ਬਾਅਦ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣਗੇ, ਪਰ ਸਰਕਾਰ ਨੇ ਮੁੜਕੇ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਨੇ ਸਰਕਾਰ ਦੀਆਂ ਮਿਨਤਾਂ ਨਹੀਂ ਕਰਨੀਆਂ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੇ ਪੁੱਤਰ ਦੀ ਪਹਿਲੀ ਬਰਸੀ ਦਾ ਸਮਾਗਮ ਫੇਲ੍ਹ ਕਰਨ ਲਈ ਸਰਕਾਰ ਨੇ ਹੱਥ ਕੰਡਾ ਅਪਣਾਇਆ ਤਾਂ ਉਸ ਦਿਨ ਉਨ੍ਹਾਂ ਦੇ ਪੁੱਤਰ ਦੀ ਦੂਜੀ ਵਾਰ ਮੌਤ ਹੋ ਗਈ ਸੀ। ਐਤਵਾਰ ਨੂੰ ਪਿੰਡ ਮੂਸਾ ਵਿਖੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦਿਆਂ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਾਸ਼ਟਰਵਾਦੀ ਦੱਸਿਆ ਜਾ ਰਿਹਾ ਹੈ, ਜਿਸ ਦੇ ਹੱਥ ਨਿਰਦੋਸ਼ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਆਪਣੇ ਪੁੱਤ ਦੇ ਕਤਲ ਦਾ ਇਨਸਾਫ਼ ਨਹੀਂ ਮਿਲਦਾ, ਉਹ ਟਿਕਕੇ ਨਹੀਂ ਬੈਠਣਗੇ। ਉਨ੍ਹਾਂ ਕਿਹਾ ਕਿ ਬੇਸ਼ੱਕ ਉਨ੍ਹਾਂ ਨੂੰ ਚੁੱਪ ਕਰਵਾਉਣ ਲਈ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ, ਪਰ ਉਹ ਕਿਸੇ ਵੀ ਧਮਕੀ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਉਨ੍ਹਾਂ ਦਾ ਬੁੱਤ ਵੀ ਪੁੱਤਰ ਦੇ ਬੁੱਤ ਦੇ ਬਰਾਬਰ ਲੱਗ ਜਾਵੇ, ਪਰ ਉਹ ਇਨਸਾਫ਼ ਲੈਣ ਲਈ ਆਖ਼ਰੀ ਸਾਹ ਤੱਕ ਲੜਾਈ ਲੜਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਸੂਰ ਸਿਰਫ਼ ਐਨਾ ਸੀ ਕਿ ਉਸਨੇ ਛੋਟੀ ਉਮਰ ਵਿੱਚ ਵੱਡੀ ਕਾਮਯਾਬੀ ਹਾਸਲ ਕਰ ਲਈ ਸੀ ਅਤੇ ਕੁੱਝ ਲੋਕਾਂ ਤੋਂ ਉਸਦੀ ਕਾਮਯਾਬੀ ਬਰਦਾਸ਼ਤ ਨਹੀਂ ਹੋਈ।