ਸਪੀਕਰ ਸੰਧਵਾਂ ਵੱਲੋਂ ਫਿਰੋਜ਼ਪੁਰ ਪੱਟੀ ‘ਚ ਮਿਰਚਾਂ ਦੀ ਕਾਸ਼ਤ ਕਰ ਰਹੇ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ

  • ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕਿਸਾਨਾਂ ਨੂੰ ਮਿਰਚਾਂ ਦੀ ਕਾਸ਼ਤ, ਪ੍ਰੋਸੈਸਿੰਗ ਅਤੇ ਬਰੈਂਡਿੰਗ ਦੀ ਸਿਖਲਾਈ ਦੇਣ ਲਈ ਤਿਆਰ: ਗੁਰਮੀਤ ਸਿੰਘ ਖੁੱਡੀਆਂ
  • ਵਿਧਾਨ ਸਭਾ ਸਪੀਕਰ ਨੇ ਕਿਸਾਨਾਂ ਅਤੇ ਖੇਤੀਬਾੜੀ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਪੰਜਾਬ ਐਗਰੋ ਅਤੇ ਮਾਰਕਫੈਡ ਦੇ ਮਾਹਿਰਾਂ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 4 ਜੁਲਾਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਿਰੋਜ਼ਪੁਰ ਪੱਟੀ ਅਤੇ ਸਰਹੱਦੀ ਖੇਤਰ ਵਿੱਚ ਮਿਰਚਾਂ ਦੀ ਕਾਸ਼ਤ ਕਰ ਰਹੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਤਲਾਸ਼ਣ ‘ਤੇ ਜ਼ੋਰ ਦਿੱਤਾ। ਅੱਜ ਇੱਥੇ ਵਿਧਾਨ ਸਭਾ ਸਕੱਤਰੇਤ ਵਿਖੇ  ਕਿਸਾਨਾਂ ਅਤੇ ਖੇਤੀਬਾੜੀ ਵਿਭਾਗ, ਪੰਜਾਬ ਮੰਡੀ ਬੋਰਡ, ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਅਤੇ ਮਾਰਕਫੈਡ ਦੇ ਮਾਹਿਰਾਂ ਤੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਸ. ਸੰਧਵਾਂ ਨੇ ਕਿਹਾ ਕਿ ਫਿਰੋਜ਼ਪੁਰ ਪੱਟੀ ਅਤੇ ਸਰਹੱਦੀ ਖੇਤਰ ‘ਚ ਮਿਰਚਾਂ ਦੀ ਕਾਸ਼ਤ ਕਰ ਰਹੇ ਕਿਸਾਨਾਂ ਲਈ ਕੋਲਡ ਸਟੋਰ ਅਤੇ ਮਿਰਚਾਂ ਸੁਕਾਉਣ ਲਈ ਘੱਟ ਲਾਗਤ ਵਾਲੇ ਸੋਲਰ ਡਰਾਇਰ ਸਥਾਪਿਤ ਕਰਨਾ ਸਮੇਂ ਦੀ ਵੱਡੀ ਲੋੜ ਹੈ ਅਤੇ ਪੰਜਾਬ ਸਰਕਾਰ ਵੱਲੋਂ ਮਿਰਚ-ਕਾਸ਼ਤਕਾਰਾਂ ਦੀਆਂ ਸਮੱਸਿਆਂ ਦੇ ਨਿਪਟਾਰੇ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇੱਕ ਤਜ਼ਵੀਜ ਮਾਰਕਫੈਡ ਅਤੇ ਪੰਜਾਬ ਐਗਰੋ ਵੱਲੋਂ ਤਿਆਰ ਕਰਕੇ ਮੁੱਖ ਮੰਤਰੀ ਪੰਜਾਬ ਨੂੰ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮਿਰਚ ਕਾਸ਼ਤਕਾਰਾਂ ਦੀ ਆਮਦਨ ਵਧਾਉਣ, ਚੰਗੇ ਤੇ ਵੱਧ ਝਾੜ ਪੈਦਾ ਕਰਨ ਵਾਲੇ ਬੀਜ ਉਪਲੱਬਧ ਕਰਾਉਣ ਅਤੇ ਪ੍ਰੋਸੈਸਿੰਗ ਤੇ ਵੇਚਣ ਲਈ ਹਰ ਤਕਨੀਕੀ ਸਹਾਇਤਾ ਦੇਣ ਲਈ ਵਚਨਬੱਧ ਹੈ। ਸਪੀਕਰ ਨੇ ਕਿਹਾ ਕਿ ਮਿਰਚ ਕਾਸ਼ਤਕਾਰ ਕਿਸਾਨਾਂ ਦੀ ਚੰਗੀ ਫਸਲ, ਸਮੇਂ ਸਿਰ ਮੰਡੀਕਰਨ ਤੇ ਪ੍ਰੋਸੈਸਿੰਗ ਸਬੰਧੀ, ਕਾਸ਼ਤ ਦਾ ਢੁਕਵਾਂ ਮੁੱਲ ਅਤੇ ਮੁਨਾਫ਼ੇ ਦੇ ਸਬੰਧ ਵਿੱਚ  ਸੂਬਾ ਸਰਕਾਰ ਹਰ ਸੰਭਵ ਮਦਦ ਕਰੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਫਿਰੋਜ਼ਪੁਰ ਖੇਤਰ ‘ਚ ਮਿਰਚਾਂ ਤੋਂ ਇਲਾਵਾ ਹੋਰ ਸਬਜ਼ੀਆਂ ਦੀ ਵੀ ਚੰਗੀ ਪੈਦਾਵਾਰ ਹੁੰਦੀ ਹੈ,  ਇਸ ਲਈ ਮਿਰਚ-ਕਾਸ਼ਤਕਾਰੀ ਦੇ ਨਾਲ –ਨਾਲ ਹੋਰ ਸਬਜ਼ੀਆਂ ਦੀ ਕਾਸ਼ਤ ਲਈ ਵੀ ਢੁੱਕਵੇਂ ਉਪਰਾਲੇ ਕੀਤੇ ਜਾਣ। ਇਸ ਮੌਕੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਫਿਰੋਜ਼ਪੁਰ ਇਲਾਕੇ ‘ਚ ਮਿਰਚਾਂ ਦਾ ਵੱਡਾ ਕਾਰੋਬਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕਿਸਾਨਾਂ ਨੂੰ ਮਿਰਚਾਂ ਦੀ ਕਾਸ਼ਤ, ਪ੍ਰੋਸੈਸਿੰਗ ਅਤੇ ਬਰੈਂਡਿੰਗ  ਸਬੰਧੀ ਸਿਖਲਾਈ ਦੇਣ ਲਈ ਤਿਆਰ ਹੈ ਤਾਂ ਜੋ ਕਿਸਾਨ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਪੰਜਾਬ ਐਗਰੋ ਅਤੇ ਮਾਰਕਫੈਡ ਦੇ ਅਧਿਕਾਰੀਆਂ ਦੀ ਇੱਕ ਸਾਂਝੀ ਕਮੇਟੀ ਬਣਾਈ ਜਾਵੇਗੀ, ਜੋ ਮਿਰਚ ਕਾਸ਼ਤਕਾਰਾਂ ਨੂੰ ਉਤਸ਼ਾਹਿਤ ਕਰਨ ਅਤੇ ਹੋਰ ਵੱਖ-ਵੱਖ ਪ੍ਰਬੰਧਾਂ ਬਾਰੇ ਆਪਣੇ ਸੁਝਾਅ ਦੇਵੇਗੀ। ਉਨ੍ਹਾਂ ਕਿਹਾ ਕਿ ਬਿਨ੍ਹਾਂ ਰਸੀਦ ਬੀਜ ਵੇਚਣ ਵਾਲੇ ਵਿਕਰੇਤਾਵਾਂ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਮਿਰਚ ਦੇ ਬੀਜ ਨਿਰਧਾਰਿਤ ਮੁੱਲ ‘ਤੇ ਮਿਲਣੇ ਯਕੀਨੀ ਬਣਾਏ ਜਾਣਗੇ। ਇਸ ਮੀਟਿੰਗ ਵਿੱਚ ਵਿਧਾਇਕ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਸ੍ਰੀ ਰਜਨੀਸ਼ ਕੁਮਾਰ ਦਹੀਆ, ਵਿਧਾਇਕ ਸ. ਫੌਜਾ ਸਿੰਘ ਸਰਾਰੀ, ਵਿਧਾਇਕ ਸ੍ਰੀ ਨਰੇਸ਼ ਕਟਾਰੀਆ, ਡਾ. ਸਤਬੀਰ ਸਿੰਘ ਗੋਸਲ ਉਪ ਕੁਲਪਤੀ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ, ਸ੍ਰੀ ਮਹਿੰਦਰ ਸਿੰਘ ਸਿੱਧੂ ਚੇਅਰਮੈਨ ਪਨਸੀਡ, ਸ੍ਰੀ ਮੰਗਲ ਸਿੰਘ ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ, ਸ੍ਰੀ ਰਾਹੁਲ ਗੁਪਤਾ ਵਧੀਕ ਸਕੱਤਰ ਐਗਰੀ ਤੇ ਐਮ.ਡੀ. ਮਾਰਕਫੈਡ, ਸ੍ਰੀ ਦਲਵਿੰਦਰਜੀਤ ਸਿੰਘ ਵਧੀਕ ਸਕੱਤਰ ਮੰਡੀ ਬੋਰਡ ਤੋਂ ਇਲਾਵਾ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਪੰਜਾਬ ਐਗਰੋ, ਪਨਸੀਡ, ਪੰਜਾਬ ਬਾਗਵਾਨੀ ਵਿਭਾਗ, ਪੰਜਾਬ ਮੰਡੀ ਬੋਰਡ, ਮਾਰਕਫੈਡ ਦੇ ਸੀਨੀਅਰ ਅਧਿਕਾਰੀ, ਡਿਪਟੀ ਕਮਿਸ਼ਨਰ ਫਿਰੋਜ਼ਪੁਰ, ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਫਿਰੋਜ਼ਪੁਰ ਅਤੇ ਮਿਰਚ ਕਾਸ਼ਤਕਾਰ ਕਿਸਾਨ ਹਾਜ਼ਰ ਸਨ।