ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਸਰਕਾਰਾਂ ਵੱਲੋਂ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਤੇ ਪ੍ਰਗਟਾਇਆ ਸਖ਼ਤ ਇਤਰਾਜ਼ 

ਚੰਡੀਗੜ੍ਹ, 23 ਅਕਤੂਬਰ, 2024 : ਸੁਪਰੀਮ ਕੋਰਟ ਨੇ ਵਾਤਾਵਰਨ ਕਾਨੂੰਨਾਂ ਨੂੰ ਕਮਜ਼ੋਰ ਬਣਾਉਣ ਲਈ ਕੇਂਦਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਸਰਕਾਰ ਤੋਂ ਪੁੱਛਿਆ ਹੈ ਕਿ ਪਰਾਲੀ ਸਾੜਨ ‘ਤੇ ਜੁਰਮਾਨੇ ਸਬੰਧੀ ਸੀਏਕਿਊਐਮ ਐਕਟ ਦੀ ਵਿਵਸਥਾ ਨੂੰ ਲਾਗੂ ਨਹੀਂ ਕੀਤਾ ਗਿਆ। ਅਦਾਲਤ ਨੇ ਕਿਹਾ ਕਿ ਪਰਾਲੀ ਸਾੜਨ ਦੇ ਅੰਕੜਿਆਂ ਨੂੰ ਝੂਠ ਦੱਸਿਆ ਜਾ ਰਿਹਾ ਹੈ। ਰਾਜ ਸਰਕਾਰਾਂ ਨੂੰ ਝਾੜ ਪਾਉਂਦਿਆ ਕਿਹਾ ਹੈ ਕਿ ਵੀ ਸੂਬੇ ਇਸ ਮਾਮਲੇ ‘ਚ ਗੰਭੀਰ ਨਹੀਂ ਹਨ। ਸਿਖਰਲੀ ਅਦਾਲਤ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਕਾਨੂੰਨ ਨੂੰ ਲਾਗੂ ਕਰਨ ਲਈ ਜ਼ਰੂਰੀ ਪ੍ਰਬੰਧ ਕੀਤੇ ਬਿਨਾਂ ਸੀਏਕਿਊਐਮ ਐਕਟ ਲਾਗੂ ਕੀਤਾ ਗਿਆ ਸੀ। ਇਸ ‘ਤੇ ਕੇਂਦਰ ਨੇ ਸੁਪਰੀਮ ਕੋਰਟ ਨੂੰ ਭਰੋਸਾ ਦਿੱਤਾ ਕਿ ਪਰਾਲੀ ਸਾੜਨ ਸਬੰਧੀ ਸੀਏਕਿਊਐਮ ਐਕਟ ਤਹਿਤ ਜੁਰਮਾਨੇ ਬਾਰੇ ਦਿਸ਼ਾ-ਨਿਰਦੇਸ਼ 10 ਦਿਨਾਂ ਦੇ ਅੰਦਰ ਜਾਰੀ ਕਰ ਦਿੱਤੇ ਜਾਣਗੇ। ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਸਰਕਾਰਾਂ ਵੱਲੋਂ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਅਦਾਲਤ ਨੇ ਕਿਹਾ ਕਿ ਜੇਕਰ ਇਹ ਸਰਕਾਰਾਂ ਸੱਚਮੁੱਚ ਹੀ ਕਾਨੂੰਨ ਨੂੰ ਲਾਗੂ ਕਰਨ ਵਿੱਚ ਦਿਲਚਸਪੀ ਰੱਖਦੀਆਂ ਹਨ ਤਾਂ ਘੱਟੋ-ਘੱਟ ਇੱਕ ਕੇਸ ਹੋਣਾ ਚਾਹੀਦਾ ਹੈ। ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਕਿਹਾ ਕਿ 1080 ਦੇ ਕਰੀਬ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ ਪਰ ਤੁਸੀਂ ਸਿਰਫ਼ 473 ਲੋਕਾਂ ਤੋਂ ਮਾਮੂਲੀ ਜੁਰਮਾਨਾ ਵਸੂਲਿਆ ਹੈ। ਤੁਸੀਂ 600 ਜਾਂ ਵੱਧ ਲੋਕਾਂ ਨੂੰ ਛੱਡ ਰਹੇ ਹੋ। ਅਸੀਂ ਤੁਹਾਨੂੰ ਸਪੱਸ਼ਟ ਤੌਰ ‘ਤੇ ਦੱਸ ਦੇਈਏ ਕਿ ਤੁਸੀਂ ਉਲੰਘਣਾ ਕਰਨ ਵਾਲਿਆਂ ਨੂੰ ਇਹ ਸੰਕੇਤ ਦੇ ਰਹੇ ਹੋ ਕਿ ਉਨ੍ਹਾਂ ਦੇ ਖਿਲਾਫ ਕੁਝ ਨਹੀਂ ਕੀਤਾ ਜਾਵੇਗਾ। ਅਜਿਹਾ ਪਿਛਲੇ ਤਿੰਨ ਸਾਲਾਂ ਤੋਂ ਹੋ ਰਿਹਾ ਹੈ। ਸੂਬੇ ਵਿੱਚ ਹੁਣ ਤੱਕ ਸੈਟੇਲਾਈਟ ਰਾਹੀਂ 1393 ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦਾ ਪਤਾ ਲਗਾਇਆ ਜਾ ਚੁੱਕਾ ਹੈ। ਪੁਲਿਸ ਟੀਮਾਂ ਨੇ 874 ਮਾਮਲਿਆਂ ਵਿੱਚ ਐਫਆਈਆਰ ਦਰਜ ਕੀਤੀਆਂ ਹਨ, ਜਦੋਂ ਕਿ 471 ਥਾਵਾਂ ਤੇ ਪਰਾਲੀ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਹਾਲਾਂਕਿ ਸਬੰਧਤ ਥਾਣਿਆਂ ਵਿੱਚ 471 ਕੇਸਾਂ ਦੀ ਡੀ.ਡੀ.ਆਰ. 394 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਵੀ ਲਾਲ ਐਂਟਰੀਆਂ ਕੀਤੀਆਂ ਗਈਆਂ ਹਨ।