ਕਿਸਾਨਾਂ ਨੂੰ ਯੂਰੀਆ ਦੀਆਂ ਬੋਰੀਆਂ ਨਾਲ ਵਾਧੂ ਵਸਤਾਂ ਖਰੀਦਣ ਲਈ ਮਜਬੂਰ ਕਰਨ ਵਾਲੇ ਵਪਾਰੀਆਂ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾ : ਧਾਲੀਵਾਲ

ਲੁਧਿਆਣਾ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਵਪਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ ਜੋ ਕਿਸਾਨਾਂ ਨੂੰ ਯੂਰੀਆ ਦੀਆਂ ਬੋਰੀਆਂ ਨਾਲ ਵਾਧੂ ਵਸਤੂਆਂ ਖਰੀਦਣ ਲਈ ਮਜਬੂਰ ਕਰਦੇ ਪਾਏ ਜਾਣਗੇ। ਸਥਾਨਕ ਰਾਮਗੜ੍ਹੀਆ ਕਾਲਜ (ਲੜਕੀਆਂ) ਵਿਖੇ ਜ਼ੋਨਲ ਯੁਵਕ ਮੇਲੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਅਜਿਹੀ ਕੁਤਾਹੀ ਕਰਨ ਵਾਲੇ ਸੌਦਾਗਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ ਅਤੇ ਦੋਸ਼ੀ ਪਾਏ ਜਾਣ 'ਤੇ ਵਪਾਰੀਆਂ ਦੇ ਲਾਇਸੈਂਸ ਵੀ ਰੱਦ ਕੀਤੇ ਜਾਣਗੇ। ਅਧਿਕਾਰੀਆਂ ਨੂੰ ਚੌਕਸੀ ਰੱਖਣ ਅਤੇ ਇਸ ਸਬੰਧੀ ਕੋਈ ਵੀ ਸ਼ਿਕਾਇਤ ਮਿਲਣ 'ਤੇ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਪਰਾਲੀ ਸਾੜਨ ਦੀ ਸਮੱਸਿਆ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਇਸ ਸਾਲ ਇਨ੍ਹਾਂ ਮਾਮਲਿਆਂ ਵਿੱਚ ਗਿਰਾਵਟ ਆਈ ਹੈ ਨਤੀਜੇ ਵਜੋਂ ਆਸਮਾਨ ਸਾਫ ਨਜ਼ਰ ਆ ਰਿਹਾ ਹੈ। ਬਾਅਦ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਵੱਡੇ ਸੁਪਨੇ ਲੈਣ ਲਈ ਪ੍ਰੇਰਿਆ ਅਤੇ ਆਪਣੇ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਨੂੰ ਵਿਸ਼ਵ ਦੀ ਮਹਾਂਸ਼ਕਤੀ ਬਣਾਉਣ ਲਈ ਨੌਜਵਾਨ ਆਬਾਦੀ ਦੇ ਮੋਢਿਆਂ 'ਤੇ ਵੱਡੀ ਜ਼ਿੰਮੇਵਾਰੀ ਹੈ ਅਤੇ ਉਨ੍ਹਾਂ ਨੂੰ ਆਪਣੇ ਟੀਚਿਆਂ 'ਤੇ ਕੇਂਦਰਿਤ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸਫਲਤਾ ਦਾ ਸਾਹਮਣਾ ਕਰਨ 'ਤੇ ਨਿਰਾਸ਼ ਨਹੀਂ ਹੋਣਾ ਚਾਹੀਦਾ ਕਿਉਂਕਿ ਅਸਫਲਤਾ ਸਫਲਤਾ ਦੇ ਥੰਮ੍ਹ ਹਨ। ਸ. ਧਾਲੀਵਾਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਾਡੇ ਦੇਸ਼ ਦਾ ਭਵਿੱਖ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਅਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਨਕਸ਼ੇ-ਕਦਮਾਂ 'ਤੇ ਚੱਲਣਾ ਚਾਹੀਦਾ ਹੈ, ਜਿਨ੍ਹਾਂ ਦੇਸ਼ ਦੀ ਸੇਵਾ ਕਰਦਿਆਂ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਵਿਸ਼ਵ ਵਿੱਚ ਸਭ ਤੋਂ ਵੱਧ ਨੌਜਵਾਨਾਂ ਦੀ ਆਬਾਦੀ ਵਾਲਾ ਦੇਸ਼ ਹੈ ਅਤੇ ਸਾਡੀ ਜਵਾਨੀ ਦੇਸ਼ ਦੇ ਹੋਰ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ। ਇਸ ਮੌਕੇ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ, ਰਣਜੋਧ ਸਿੰਘ ਅਤੇ ਹੋਰ ਵੀ ਹਾਜ਼ਰ ਸਨ।