ਚੰਡੀਗੜ੍ਹ, 8 ਨਵੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੀਆਈਏ ਸਟਾਫ਼ ਮਲੋਟ, ਜ਼ਿਲ੍ਹਾ ਮੁਕਤਸਰ ਦੇ ਏਐਸਆਈ ਬਲਜਿੰਦਰ ਸਿੰਘ (ਨੰਬਰ 890/ਐਮਕੇ) ਅਤੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਉਰਫ਼ ਗੋਪੀ (ਨੰਬਰ 183/ਐਮਕੇਐਸ) ਵਿਰੁੱਧ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ। ਅੱਜ ਇੱਥੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮਾਂ ਵਿਰੁੱਧ ਇਹ ਮਾਮਲਾ ਸ਼ਿਕਾਇਤਕਰਤਾ ਬਲਵੀਰ ਸਿੰਘ ਉਰਫ਼ ਬੀਰਾ ਵਾਸੀ ਪਿੰਡ ਸੇਰਵਾਲਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲੈਂਦੇ ਹੋਏ ਜਾਂਚ ਆਰੰਭ ਕਰ ਦਿੱਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਵਿਰੁੱਧ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਦੀ ਭਾਰੀ ਬਰਾਮਦਗੀ ਦੀ ਧਮਕੀ ਦੇ ਤਹਿਤ ਝੂਠਾ ਕੇਸ ਦਰਜ ਨਾ ਕਰਨ ਬਦਲੇ 2,50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਸੀ ਅਤੇ ਬਾਅਦ ਵਿੱਚ 60,000 ਰੁਪਏ ਦੀ ਰਿਸ਼ਵਤ ਲਈ ਸਹਿਮਤ ਹੋ ਗਿਆ। ਜਾਂਚ ਦੌਰਾਨ ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੀ ਗਈ ਰਿਕਾਰਡਿੰਗ ਤੋਂ ਪਤਾ ਚੱਲਦਾ ਹੈ ਕਿ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੇ ਪਹਿਲਾਂ 2,50,000 ਰੁਪਏ ਦੀ ਮੰਗ ਕੀਤੀ ਅਤੇ ਬਾਅਦ ਵਿੱਚ 60,000 ਰੁਪਏ ਦੀ ਮੰਗ ਕੀਤੀ ਅਤੇ ਏ.ਐਸ.ਆਈ. ਬਲਜਿੰਦਰ ਸਿੰਘ ਨੇ ਸਪੱਸ਼ਟ ਤੌਰ 'ਤੇ ਰਿਸ਼ਵਤ ਲੈਣ 'ਤੇ ਸਹਿਮਤੀ ਪ੍ਰਗਟ ਕਰਦਿਆਂ ਇਹ ਸਾਬਤ ਕਰ ਦਿੱਤਾ ਹੈ ਕਿ ਇਹ ਦੋਵੇਂ ਮੁਲਜ਼ਮ ਆਪਸੀ ਮਿਲੀਭੁਗਤ ਨਾਲ ਰਿਸ਼ਵਤ ਮੰਗ ਰਹੇ ਸਨ। ਇਸ ਜਾਂਚ ਰਿਪੋਰਟ ਦੇ ਆਧਾਰ 'ਤੇ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ 'ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦੋਵਾਂ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਸੀ.ਆਈ.ਏ ਸਟਾਫ਼ ਮਲੋਟ ਨੂੰ ਗਿ੍ਫ਼ਤਾਰ ਕਰਕੇ ਅਗਲੇਰੀ ਪੁੱਛਗਿੱਛ ਕੀਤੀ ਜਾ ਰਹੀ ਹੈ। ਦੂਜੇ ਮੁਲਜ਼ਮ ਬਲਜਿੰਦਰ ਸਿੰਘ ਨੂੰ ਵੀ ਜਲਦੀ ਗ੍ਰਿਫ਼ਤਾਰ ਕਰਨ ਲਈ ਯਤਨ ਜਾਰੀ ਹਨ।