ਪੰਜਾਬ 'ਚ ਦੋ ਦਿਨ ਭਾਰੀ ਮੀਂਹ ਦੀ ਚਿਤਾਵਨੀ, ਯੈਲੋ ਅਲਰਟ ਜਾਰੀ 

ਚੰਡੀਗੜ੍ਹ, 25 ਅਗਸਤ 2024 : ਪੰਜਾਬ 'ਚ ਮੌਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਲੋਕ ਕੜਾਕੇ ਦੀ ਗਰਮੀ ਨਾਲ ਜੂਝ ਰਹੇ ਹਨ। ਪਿਛਲੇ ਇਕ ਹਫ਼ਤੇ ਤੋਂ ਮੱਠੀ ਚੱਲ ਰਹੀ ਮੌਨਸੂਨ ਨੇ ਸ਼ਨਿਚਰਵਾਰ ਨੂੰ ਅਚਾਨਕ ਜ਼ੋਰਦਾਰ ਬਾਰਸ਼ ਸ਼ੁਰੂ ਕਰ ਦਿੱਤੀ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਮਿਲੀ ਹੈ। ਕਈ ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਵਿਚਾਲੇ ਭਾਰੀ ਮੀਂਹ ਪਿਆ। ਇਸ ਕਾਰਨ ਸੜਕਾਂ ’ਤੇ ਪਾਣੀ ਭਰਨ ਦੀ ਸਥਿਤੀ ਬਣ ਗਈ। ਚੰਡੀਗੜ੍ਹ 'ਚ ਸਭ ਤੋਂ ਵੱਧ 27.7 ਮਿਲੀਮੀਟਰ, ਲੁਧਿਆਣਾ 'ਚ 22, ਐਸਬੀਐਸ ਨਗਰ 'ਚ 3.5, ਬਰਨਾਲਾ 'ਚ 2.0, ਪਟਿਆਲਾ 'ਚ 1.0 ਅਤੇ ਫ਼ਿਰੋਜ਼ਪੁਰ ਵਿੱਚ 1.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਜਲੰਧਰ ਦੇ ਰਾਮਾਮੰਡੀ ਸਮੇਤ ਕਈ ਇਲਾਕਿਆਂ 'ਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ 25 ਅਤੇ 26 ਅਗਸਤ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ।