ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ : ਕੈਬਨਿਟ ਮੰਤਰੀ ਮਾਨ

ਸਮਰਾਲਾ, 19 ਫਰਵਰੀ : ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਸ਼ਹੀਦ ਕਰਨੈਲ ਸਿੰਘ (ਵੀਰ ਚੱਕਰ ਵਿਜੇਤਾ), ਸ਼ਹੀਦ ਰਤਨ ਸਿੰਘ ਅਤੇ ਸ਼ਹੀਦ ਜੋਗਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਪਿੰਡ ਬਰ੍ਹਮਾਂ ਨੇੜੇ ਸਮਰਾਲਾ ਵਿਖੇ ਆਯੋਜਿਤ ਖੇਡ ਮੇਲੇ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੀ ਮੌਜੂਦ ਸਨ। ਗ੍ਰਾਮ ਪ੍ਰਚਾਇਤ ਅਤੇ ਐਨ.ਆਰ.ਆਈ. ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 72ਵਾਂ ਸ਼ਾਨਦਾਰ ਖੇਡ ਮੇਲਾ ਕਰਵਾਇਆ ਗਿਆ। ਸ਼ਹੀਦਾਂ ਨੂੰ ਪ੍ਰਣਾਮ ਕਰਦਿਆਂ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਬੱਡੀ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਇੱਕ ਨਰੋਏ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ। ਉਨ੍ਹਾਂ ਪਿੰਡ ਵਾਸੀਆਂ ਵਲੋਂ ਰੱਖੀਆਂ ਮੰਗਾਂ ਦੇ ਸਬੰਧ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਦਿੱਤੀ ਇੱਕ-ਇੱਕ ਗਾਰੰਟੀ ਨੂੰ ਪੂਰਿਆਂ ਕਰੇਗੀ ਅਤੇ ਜਲਦ ਉਨ੍ਹਾਂ ਦਾ ਹਸਪਤਾਲ, ਖੇਡ ਮੈਦਾਨ ਅਤੇ ਸਕੂਲ ਨੂੰ ਅਪਗ੍ਰੇਡ ਕਰਨ ਦੇ ਕੰਮਾਂ ਨੂੰ ਨੇਪਰੇੇ ਚਾੜ੍ਹਿਆ ਜਾਵੇਗਾ। ਉਨ੍ਹਾਂ ਆਪਣੇ ਅਖਤਿਆਰੀ ਫੰਡ ਵਿੱਚੋ ਖੇਡ ਮੇਲੇ ਲਈ 2 ਲੱਖ ਰੁਪਏ ਦੀ ਰਾਸ਼ੀ ਵੀ ਜਾਰੀ ਕੀਤੀ। ਕੈਬਨਿਟ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇਤਿਹਾਸਕ ਫਤਵਾ ਦਿੱਤਾ ਹੈ ਅਤੇ ਸੂਬੇ ਅਤੇ ਲੋਕਾਂ ਦੀ ਭਲਾਈ ਲਈ ਹਰ ਫੈਸਲਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਠੋਸ ਉਪਰਾਲੇ ਕਰ ਰਹੇ ਹਨ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਕਰਾਉਣ ਵਾਲੀਆਂ ਪ੍ਰਬੰਧਕ ਕਮੇਟੀਆਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ ਤਾਂ ਜੋ ਆਉਣ ਵਾਲੇ ਸਾਲਾਂ ਵਿੱਚ ਹੋਰ ਚੈਂਪੀਅਨ ਪੈਦਾ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ਵਿੱਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ ਪਰ ਉਨ੍ਹਾਂ ਨੂੰ ਇੱਕ ਪਲੇਟਫਾਰਮ ਦੀ ਲੋੜ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ 'ਖੇਡਾਂ ਵਤਨ ਪੰਜਾਬ ਦੀਆਂ' ਦਾ ਸਫਲ ਆਯੋਜਨ ਕੀਤਾ ਗਿਆ ਤਾਂ ਜੋ ਪੰਜਾਬੀ ਨੌਜਵਾਨਾਂ ਦੀ ਛੁਪੀ ਪ੍ਰਤਿਭਾ ਨੂੰ ਸਾਹਮਣੇ ਲਿਆਂਦਾ ਜਾ ਸਕੇ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਜਿੱਥੇ ਖੋਡਾਂ ਦੌਰਾਨ ਲਗਭਗ 3 ਲੱਖ ਖਿਡਾਰੀਆਂ ਨੇ ਹਿੱਸਾ ਲਿਆ। ਉਨ੍ਹਾ ਕਿਹਾ ਕਿ ਪੰਜਾਬ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ, ਮੈਦਾਨਾਂ ਅਤੇ ਸਾਜ਼ੋ-ਸਾਮਾਨ ਸਮੇਤ ਖੇਡਾਂ ਦੀਆਂ ਸਹੂਲਤਾਂ ਦੀ ਮੁਕੰਮਲ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਹਰ ਕਦਮ ਚੁੱਕਿਆ ਜਾਵੇਗਾ।