ਪੰਜਾਬ ਸਰਕਾਰ ਸੂਬੇ ਵਿਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਭਰਪੂਰ ਯਤਨ ਕਰ ਰਹੀ ਹੈ : ਜਿੰਪਾ

ਹੁਸ਼ਿਆਰਪੁਰ ,  13 ਮਾਰਚ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਭਰਪੂਰ ਯਤਨ ਕਰ ਰਹੀ ਹੈ, ਜਿਸ ਤਹਿਤ ਜਿਥੇ ਵੱਡੇ ਪੱਧਰ ’ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਉਥੇ ਖਿਡਾਰੀਆਂ ਨੂੰ ਸਰਵਪੱਖੀ ਵਿਕਾਸ ਲਈ ਵੀ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਹ ਪਿੰਡ ਬਜਵਾੜਾ ਵਿਚ ਫੁੱਟਬਾਲ ਟੂਰਨਾਮੈਂਟ ਦੇ ਫਾਈਨਲ ਮੈਚ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਫਾਈਨਲ ਮੈਚ ਪਿੰਡ ਫੁਗਲਾਣਾ ਤੇ ਮਾਂਝੀ ਦੀ ਟੀਮ ਵਿਚ ਹੋਇਆ, ਜਿਸ ਵਿਚ ਪਿੰਡ ਫੁਗਲਾਣਾ ਦੀ ਟੀਮ ਜੇਤੂ ਰਹੀ। ਇਸ ਦੌਰਾਨ ਉਨ੍ਹਾਂ ਨੇ ਜੇਤੂ ਟੀਮ ਅਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਏ.ਆਈ.ਜੀ ਨਰੇਸ਼ ਡੋਗਰਾ ਤੋਂ ਇਲਾਵਾ ਪਿੰਡ ਪੰਚਾਇਤ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿੰਡਾਂ ਵਿਚ ਮਲਟੀਪਰਪਜ਼ ਸਪੋਰਟਸ ਪਾਰਕ ਬਣਾਏ ਜਾ ਰਹੇ ਹਨ, ਤਾਂ ਕਿ ਸੂਬੇ ਦੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿਚ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਬੜ੍ਹਾਵਾ ਦੇਣ ਲਈ ਪੰਜਾਬ ਸਰਕਾਰ ਖਿਡਾਰੀਆਂ ਦੀਆਂ ਬੁਨਿਆਦੀ ਜ਼ਰੂਰਤਾਂ ’ਤੇ ਫੋਕਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਫੋਕਸ ਖੇਡ, ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਲੋਕਾਂ ਤੱਕ ਸੁਵਿਧਾਵਾਂ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲਕਦਮੀ ਨਾਲ ਨੌਜਵਾਨ ਪੀੜ੍ਹੀ ਨੂੰ ਖੇਡਾਂ ਦੇ ਖੇਤਰ ਵਿਚ ਨਵੇਂ ਆਯਾਮ ਸਥਾਪਿਤ ਕਰਨ ਦੇ ਮੌਕੇ ਮਿਲਣਗੇ ਅਤੇ ਸੂਬੇ ਦੇ ਨੌਜਵਾਨ ਖਿਡਾਰੀ ਰਾਜ, ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ’ਤੇ ਆਪਣੀ ਖੇਡ ਦਾ ਲੋਹਾ ਮਨਵਾ ਕੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ। ਇਸ ਦੌਰਾਨ ਉਨ੍ਹਾਂ ਨੇ ਪਿੰਡ ਦੇ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਪ੍ਰਤੀ ਰੁਚੀ ਦਿਖਾਉਣ ਲਈ ਵੀ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਲਈ ਰਚਨਾਤਮਕ ਮਾਹੌਲ ਬਣਾਇਆ ਜਾ ਰਿਹਾ ਹੈ, ਤਾਂ ਜੋ ਨੌਜਵਾਨਾਂ ਨੂੰ ਸਿੱਖਿਆ ਤੇ ਸਰੀਰਕ ਪੱਖੋਂ ਵਿਕਸਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੇ ਵਿਕਾਸ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ।