ਪੰਜਾਬ ਸਰਕਾਰ ਨੂੰ ਨਸ਼ੇ ਦੀ ਸਮੱਸਿਆ ਬਾਰੇ ਸੱਚਾਈ ਜਾਣਨ ਲਈ ਸ਼ਾਮ ਨੂੰ ਪਿੰਡਾਂ ਵਿੱਚ ਜਾਣ ਦੀ ਲੋੜ ਹੈ : ਮਨੀਸ਼ ਤਿਵਾੜੀ 

ਲੁਧਿਆਣਾ, 11 ਮਾਰਚ : ਕਾਂਗਰਸ ਦੇ ਕੌਮੀ ਬੁਲਾਰੇ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਸਬੰਧੀ ਸੂਬਾ ਸਰਕਾਰ ਦੇ ਦਾਅਵਿਆਂ ’ਤੇ ਸਵਾਲ ਚੁੱਕੇ ਹਨ।  ਸੰਸਦ ਮੈਂਬਰ ਤਿਵਾੜੀ ਅੱਜ ਲੁਧਿਆਣਾ ਦੇ ਪਿੰਡ ਢੇਰੀ ਵਿਖੇ ਸੀਨੀਅਰ ਕਾਂਗਰਸੀ ਆਗੂ ਅਤੇ ਕਬੱਡੀ ਪ੍ਰਮੋਟਰ ਗੁਰਮੇਲ ਸਿੰਘ ਪਹਿਲਵਾਨ ਵੱਲੋਂ ਕਰਵਾਈ ਗਈ 69ਵੀਂ ਸੀਨੀਅਰ ਪੰਜਾਬ ਕਬੱਡੀ ਚੈਂਪੀਅਨਸ਼ਿਪ ਸਰਕਲ ਸਟਾਈਲ ਵਿੱਚ ਸ਼ਾਮਲ ਹੋਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਹਨ। ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਨਸ਼ੇ ਦੀ ਸਮੱਸਿਆ ਬਾਰੇ ਸੱਚਾਈ ਜਾਣਨ ਲਈ ਸ਼ਾਮ ਨੂੰ ਪਿੰਡਾਂ ਵਿੱਚ ਜਾਣ ਦੀ ਲੋੜ ਹੈ, ਜਿਸ ਨਾਲ ਸੱਚਾਈ ਸਭ ਦੇ ਸਾਹਮਣੇ ਆ ਜਾਵੇਗੀ।  ਇਹ ਕੋਈ ਸਿਆਸੀ ਸਮੱਸਿਆ ਨਹੀਂ ਹੈ, ਜੋ ਨਾ ਸਿਰਫ ਪੰਜਾਬ, ਇਸ ਦੇਸ਼, ਸਗੋਂ ਪੂਰੀ ਦੁਨੀਆ ਲਈ ਇਕ ਵੱਡੀ ਚੁਣੌਤੀ ਹੈ। ਉਨ੍ਹਾਂ ਖੇਡਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਇੱਕ ਸ਼ਲਾਘਾਯੋਗ ਕਦਮ ਦੱਸਿਆ, ਜਿਸ ਨਾਲ ਸਾਨੂੰ ਮਾਨਸਿਕ ਅਤੇ ਸਰੀਰਕ ਤਾਕਤ ਮਿਲਦੀ ਹੈ।  ਇਸ ਦੌਰਾਨ ਉਨ੍ਹਾਂ ਆਬਕਾਰੀ ਨੀਤੀ ਸਬੰਧੀ ਦਿੱਲੀ ਵਿੱਚ ਸੀਬੀਆਈ ਦੀ ਕਾਰਵਾਈ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਤਥਾਕਥਿਤ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਨੂੰ ਜਾਇਜ਼ ਠਹਿਰਾਉਂਦੀ ਹੈ, ਪਰ ਜਦੋਂ ਦਿੱਲੀ ਵਿੱਚ ਇਹੀ ਕਾਰਵਾਈ ਹੁੰਦੀ ਹੈ ਤਾਂ ਇਹ ਸਿਆਸੀ ਬਦਲਾਖੋਰੀ ਮਹਿਸੂਸ ਕਰਦੀ ਹੈ। ਆਪ ਨੂੰ ਦੋਹਰੇ ਮਾਪਦੰਡ ਨਹੀਂ ਅਪਣਾਉਣੇ ਚਾਹੀਦੇ ਹਨ। ਇਸ ਤੋਂ ਪਹਿਲਾਂ, ਗੁਰਮੇਲ ਸਿੰਘ ਪਹਿਲਵਾਨ ਅਤੇ ਹੋਰ ਪ੍ਰਬੰਧਕਾਂ ਵੱਲੋਂ ਸੰਸਦ ਮੈਂਬਰ ਤਿਵਾੜੀ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ।  ਜਿਸ ਵਿਚ ਹੋਰਨਾਂ ਤੋਂ ਇਲਾਵਾ, ਸਾਬਕਾ ਮੰਤਰੀ ਅਤੇ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ, ਦੇਵੀ ਦਿਆਲ ਅੰਤਰਰਾਸ਼ਟਰੀ ਕੋਚ, ਰਣਜੀਤ ਸਿੰਘ ਸ਼ਾਮਿਲ ਸਨ।