ਪਟਿਆਲਾ : ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 103ਵਾਂ ਸਥਾਪਨਾ ਦਿਵਸ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਦੀਵਾਨ ਹਾਲ ’ਚ ਗੁਰਮਤਿ ਸਮਾਗਮ ਕਰਵਾਇਆ ਗਿਆ। ਸਥਾਪਨਾ ਦਿਵਸ ਮੌਕੋ ਢਾਡੀ ਗੁਰਪਿਆਰ ਸਿੰਘ ਜੌਹਰ ਦੇ ਜਥੇ ਨੇ ਸੰਗਤਾਂ ਨੂੰ ਇਤਿਹਾਸ ਬਾਰੇ ਜਾਣੂੰ ਕਰਵਾਇਆ ਅਤੇ ਹਜ਼ੂਰੀ ਕੀਰਤਨੀ ਜਥੇ ਨੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ’ਚ ਉਚੇਚੇ ਤੌਰ ’ਤੇ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀ. ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ ਪੁੱਜੇ ਹੋਏ ਸਨ। ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿੱਖਾਂ ਦੀ ਧਾਰਮਕ ਜਥੇਬੰਦੀ ਵਜੋਂ ਸ਼ੋ੍ਰਮਣੀ ਕਮੇਟੀ ਵੱਡੇ ਸੰਘਰਸ਼ਾਂ ਅਤੇ ਕੁਰਬਾਨੀਆਂ ਦੇਣ ਤੋਂ ਬਾਅਦ 1920 ਦੌਰਾਨ ਹੋਂਦ ਵਿਚ ਆਈ ਸਿਰਮੌਰ ਸੰਸਥਾ ਵੱਡਮੁੱਲੇ ਕਾਰਜਾਂ ਵਿਚ ਜੁਟੀ ਹੋਈ ਹੈ। ਪ੍ਰੋ. ਬਡੂੰਗਰ ਨੇ ਸੰਸਥਾ ਦੀ ਹੋਂਦ ਸਮੇਂ ਕੁਰਬਾਨੀ ਦੇਣ ਵਾਲਿਆਂ ਨੂੰ ਵੀ ਯਾਦ ਕੀਤਾ ਅਤੇ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਅੱਜ ਇਹ ਸੰਸਥਾ ਜਿਥੇ ਧਰਮ ਪ੍ਰਚਾਰ ਖੇਤਰ ’ਚ ਅਹਿਮ ਯੋਗਦਾਨ ਪਾ ਰਹੀ ਹੈ, ਉਥੇ ਹੀ ਸਮਾਜਿਕ, ਆਰਥਿਕ ਅਤੇ ਲੋਕ ਭਲਾਈ ਦੇ ਵੱਡਮੁੱਲੇ ਕਾਰਜਾਂ ਵਿਚ ਜੁਟੀ ਹੋਈ ਹੈ। ਇਸ ਮੌਕੇ ਸੀਨੀ. ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਿੱਖਾਂ ਨੂੰ ਦਰਪੇਸ਼ ਮੁਸ਼ਕਲਾਂ ’ਚੋਂ ਕੱਢਣ ਲਈ ਸ਼ੋ੍ਰਮਣੀ ਕਮੇਟੀ ਹੋਂਦ ’ਚ ਆਈ ਜਿਸ ਦਾ ਦਬਦਬਾ ਅੱਜ ਵਿਸ਼ਵ ਪੱਧਰ ’ਤੇ ਹੈ। ਉਨ੍ਹਾਂ ਪੰਥਕ ਏਕਤਾ ’ਤੇ ਵੀ ਜ਼ੋਰ ਦਿੰਦਿਆਂ ਕਿਹਾ ਕਿ ਭਾਵੇਂ ਵਿਰੋਧੀ ਤਾਕਤਾਂ ਹਰਿਆਣਾ ਕਮੇਟੀ ਦਾ ਗਠਨ ਕਰਕੇ ਸਿੱਖਾਂ ਨੂੰ ਦੋਫਾੜ ਕਰਨ ’ਤੇ ਤੁਲੀਆਂ ਹੋਈਆਂ ਹਨ, ਪਰ ਸੁਚੇਤ ਰਹਿਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਸਿੱਖਾਂ ਨੂੰ ਇਕ ਪਲੇਫਾਰਮ ’ਤੇ ਲਿਆਉਣ ਲਈ ਹਰਿਆਣਾ ਕਮੇਟੀ ਦੇ ਵਫ਼ਦ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਸੱਦਣ ਅਤੇ ਮਸਲੇ ਦੇ ਹੱਲ ਲਈ ਜਲਦ ਸੰਜੀਦਾ ਕਦਮ ਚੁੱਕੇ ਜਾਣ ਤਾਂ ਕਿ ਸਿੱਖ ਭਰਾਵਾਂ ’ਚ ਵੰਡੀਆਂ ਪਾਉਣ ਵਾਲੇ ਆਪਣੇ ਮਨਸੂਬੇ ’ਚ ਸਫਲ ਨਾ ਹੋ ਸਕਣ। ਇਸ ਉਪਰੰਤ ਸ਼ੋ੍ਰਮਣੀ ਕਮੇਟੀ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਸਿੱਖ ਕੌਮ ਦੀ ਇਕਜੁੱਟਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਥਕ ਏਕਤਾ ਲਈ ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਲਿਖਤੀ ਪੱਤਰ ਭੇਜਿਆ ਤਾਂ ਜੋ ਪੰਥ ਨੂੰ ਦੋਫਾੜ ਕਰਨ ਵਾਲੀਆਂ ਸ਼ਕਤੀਆਂ ਵੰਡੀਆਂ ਪਾਉਣ ’ਚ ਕਾਮਯਾਬ ਨਾ ਹੋ ਸਕਣ। ਸਮਾਗਮ ਦੇ ਅੰਤ ਵਿਚ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸੰਗਤਾਂ ਅਤੇ ਪੁੱਜੀਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਮੀਤ ਮੈਨੇ. ਇੰਦਰਜੀਤ ਸਿੰਘ ਗਿੱਲ, ਮੀਤ ਮੈਨੇ. ਗੁਰਮੀਤ ਸਿੰਘ ਸੁਨਾਮ, ਮੈਨੇ. ਸੁਰਜੀਤ ਸਿੰਘ ਬਹਾਦਰਗੜ੍ਹ, ਜਥੇਦਾਰ ਹਰਬੰਸ ਸਿੰਘ ਲੰਗ, ਜੋਗਿੰਦਰ ਸਿੰਘ ਪੰਛੀ, ਨਿਰੰਜਣ ਸਿੰਘ ਫੌਜੀ, ਗੁਰਦੀਪ ਸਿੰਘ ਸ਼ੇਖੂਪੁਰਾ, ਸੁਖਬੀਰ ਸਿੰਘ ਅਬਲੋਵਾਲ, ਜਸਵਿੰਦਰਪਾਲ ਸਿੰਘ ਚੱਢਾ, ਗੁਰਜੀਤ ਸਿੰਘ ਉਪਲੀ, ਕੁਲਦੀਪ ਸਿੰਘ ਹਰਪਾਲਪੁਰ, ਭੁਪਿੰਦਰ ਸਿੰਘ ਸ਼ੇਖੂਪੁਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਅਹੁਦੇਦਾਰ ਅਤੇ ਸੰਗਤਾਂ ਹਾਜ਼ਰ ਸਨ।