
- 'ਆਪ' ਪ੍ਰਧਾਨ ਅਮਨ ਅਰੋੜਾ ਨੇ ਬਿਕਰਮ ਮਜੀਠੀਆ ਦੀ ਸੁਰੱਖਿਆ ਦੇ ਮੁੱਦੇ 'ਤੇ ਵਿਰੋਧੀਆਂ ਨੂੰ ਘੇਰਿਆ
- ਪੁੱਛਿਆ - ਵਿਰੋਧੀ ਪਾਰਟੀਆਂ ਨੂੰ ਡਰੱਗ ਮਾਫੀਆ ਪ੍ਰਤੀ ਐਨੀ ਹਮਦਰਦੀ ਕਿਉਂ ?
ਚੰਡੀਗੜ੍ਹ, 2 ਅਪ੍ਰੈਲ 2025 : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਸੁਰੱਖਿਆ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਆਪਣੇ ਵਿਰੋਧੀਆਂ ਨੂੰ ਘੇਰਦਿਆਂ ਸਵਾਲ ਉਠਾਇਆ ਹੈ ਕਿ ਵਿਰੋਧੀ ਪਾਰਟੀਆਂ ਨੂੰ ਇਕ ਡਰੱਗ ਮਾਫੀਆ ਪ੍ਰਤੀ ਇੰਨੀ ਹਮਦਰਦੀ ਕਿਉਂ ਹੋ ਰਹੀ ਹੈ? ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਕਹਿੰਦੀ ਰਹੀ ਹੈ ਕਿ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਵਿੱਚ ਸਾਰੀਆਂ ਰਵਾਇਤੀ ਪਾਰਟੀਆਂ ਬਰਾਬਰ ਸ਼ਾਮਲ ਹਨ ਅਤੇ ਅੱਜ ਇਹ ਗੱਲ ਸਾਬਤ ਹੋ ਗਈ ਹੈ। ਅਮਨ ਅਰੋੜਾ ਨੇ ਤਿੰਨਾਂ ਪਾਰਟੀਆਂ ਨੂੰ ਸਵਾਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਇਕ ਡਰੱਗ ਮਾਫੀਆ ਦੀ ਸੁਰੱਖਿਆ ਹਟਾਈ ਜਾਣ 'ਤੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਤਿਨ੍ਹਾਂ ਪਾਰਟੀਆਂ ਇਕੱਠਿਆਂ ਹੋ ਗਇਆਂ ਹਨ, ਉਸੇ ਤਰ੍ਹਾਂ ਉਹ ਪੰਜਾਬੀਆਂ ਦੇ ਹੱਕਾਂ ਲਈ ਕਦੇ ਇਕੱਠੇ ਕਿਉਂ ਨਹੀਂ ਹੁੰਦੇ? ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਪਾਰਟੀਆਂ ਪੰਜਾਬ ਵਿੱਚੋਂ ਨਸ਼ੇ ਦਾ ਖਾਤਮਾ ਹੁੰਦਾ ਨਹੀਂ ਦੇਖਣਾ ਚਾਹੁੰਦੀਆਂ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਵੱਡੀ ਜੰਗ ਚੱਲ ਰਹੀ ਹੈ। ਪੂਰੇ ਸੂਬੇ ਵਿੱਚ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਪਰ ਇਨ੍ਹਾਂ ਪਾਰਟੀਆਂ ਨੂੰ ਨਸ਼ਾ ਫੈਲਾਉਣ ਵਾਲੇ ਅਤੇ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਕਰਨ ਵਾਲੇ ਵਿਅਕਤੀ ਦੀ ਚਿੰਤਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਡਰੱਗ ਮਾਫੀਆ ਨੂੰ ਪ੍ਰਧਾਨ ਮੰਤਰੀ ਪੱਧਰ ਦੀ ਸੁਰੱਖਿਆ ਦਿੱਤੀ ਗਈ ਸੀ, ਜਦਕਿ ਉਸ ਨੂੰ ਅਜਿਹੀ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਭਾਵੇਂ ਜਿੰਨੀਆਂ ਮਰਜ਼ੀ ਕੋਸ਼ਿਸ਼ ਕਰ ਲੈਣ ‘ਆਪ’ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਲੜਾਈ ਜਾਰੀ ਰਹੇਗੀ। ਨਸ਼ਿਆਂ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਵੱਡਾ ਵਿਅਕਤੀ ਕਿਉਂ ਨਾ ਹੋਵੇ।