ਚੰਡੀਗੜ੍ਹ, 06 ਜਨਵਰੀ 2025 : ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਮਾਮਲੇ ਵਿੱਚ ਬਰਖ਼ਾਸਤ ਕੀਤੇ ਗਏ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਦੇ ਵਿਦੇਸ਼ ਭੱਜਣ ਦੀ ਸੰਭਾਵਨਾ ਹੈ। ਪੰਜਾਬ ਪੁਲਿਸ ਨੇ ਗੁਰਸ਼ੇਰ ਸਿੰਘ ਸੰਧੂ ਦੇ ਖਿਲਾਫ਼ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਗੁਰਸ਼ੇਰ ਨੂੰ ਜਾਂਚ ਵਿੱਚ ਸ਼ਾਮਿਲ ਹੋਣ ਲਈ 4 ਵਾਰ ਨੋਟਿਸ ਜਾਰੀ ਕੀਤਾ ਗਿਆ ਸੀ, ਪਰ ਉਹ ਜਾਂਚ ਵਿੱਚ ਸ਼ਾਮਿਲ ਨਹੀਂ ਹੋਇਆ। ਕਾਊਂਟਰ ਇੰਟੈਲੀਜੈਂਸ ਨੇ ਵੀ ਗੁਰਸ਼ੇਰ ਖਿਲਾਫ਼ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਦੀ ਮੰਨੀਏ ਤਾਂ ਉਹ ਅਮਰੀਕਾ ਭੱਜ ਗਿਆ ਹੈ। ਜਿਕਰਯੋਗ ਹੈ ਕਿ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਵਿੱਚ ਇੰਟਰਵਿਊ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚਿਆ ਸੀ। ਪੰਜਾਬ ਪੁਲਿਸ ਦੇ ਸਪੈਸ਼ਲ ਡੀਜੀਪੀ ਪ੍ਰਬੋਧ ਕੁਮਾਰ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਦੀ ਨਿਗਰਾਨੀ ਵਿੱਚ ਐਸਆਈਟੀ ਨੂੰ ਜਾਂਚ ਰਿਪੋਰਟ ਦਿੱਤੀ ਗਈ ਸੀ। ਜਾਂਚ ਵਿੱਚ ਇਹ ਗੱਲ ਸਪੱਸ਼ਟ ਹੋਈ ਸੀ ਕਿ ਲਾਰੈਂਸ ਦੀ ਇੰਟਰਵਿਊ ਪੁਲਿਸ ਹਿਰਾਸਤ ਵਿੱਚ ਹੋਈ ਸੀ। ਐਸਆਈਟੀ ਨੇ ਆਪਣੀ ਰਿਪੋਰਟ ਵਿੱਚ ਲਾਪਰਵਾਹੀ ਦੇ ਕਈ ਸਬੂਤ ਪੇਸ਼ ਕੀਤੇ ਸਨ। ਰਿਪੋਰਟ ਦੇ ਮੁਤਾਬਿਕ ਇਨ੍ਹਾਂ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਲਾਪਰਵਾਹੀ ਦੇ ਕਾਰਨ ਹੀ ਖਰੜ ਦੇ ਸੀਆਈਏ ਸਟਾਫ਼ ਥਾਣੇ ਵਿੱਚ ਲਾਰੈਂਸ ਨੇ ਇੰਟਰਵਿਊ ਦਿੱਤਾ ਸੀ। ਇਸ ਇੰਟਰਵਿਊ ਲਈ ਇੱਕ ਵਿਸ਼ੇਸ਼ ਤਰੀਕੇ ਦੀ ਯੋਜਨਾ ਬਣਾਈ ਗਈ ਸੀ ਜਿਸ ਵਿੱਚ ਗੁਰਸ਼ੇਰ ਸੰਧੂ ਸਮੇਤ ਹੋਰ ਕਈ ਪੁਲਿਸ ਅਧਿਕਾਰੀ ਸ਼ਾਮਿਲ ਸਨ। ਜਦੋਂਕਿ ਪੰਜਾਬ ਪੁਲਿਸ ਦੇ ਡੀਜੀਪੀ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਗੱਲ ਤੋਂ ਸਾਫ਼ ਇਨਕਾਰ ਕੀਤਾ ਸੀ ਕਿ ਇਹ ਇੰਟਰਵਿਊ ਪੰਜਾਬ ਦੀ ਕਿਸੇ ਵੀ ਜੇਲ੍ਹ ਵਿੱਚ ਨਹੀਂ ਹੋਈ ਸੀ।