ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਮੁਲਤਵੀ

ਚੰਡੀਗੜ੍ਹ, 25 ਨਵੰਬਰ 2024 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਅੱਜ ਸੋਮਵਾਰ (25 ਨਵੰਬਰ) ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਕੇਂਦਰ ਸਰਕਾਰ ਦੀ ਤਰਫੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਜਸਟਿਸ ਬੀਆਰ ਗਵਈ, ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਪੇਸ਼ ਹੋਏ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਤੇ ਫੈਸਲਾ ਲੈਣ ਤੋਂ ਪਹਿਲਾਂ ਕਈ ਏਜੰਸੀਆਂ ਨਾਲ ਸਲਾਹ ਕਰਨ ਦੀ ਲੋੜ ਹੈ। ਇਸ ਤੋਂ ਬਾਅਦ ਸੀਬੀਆਈ ਦੇ ਵਧੀਕ ਸਾਲਿਸਟਰ ਜਨਰਲ ਕੇ.ਐਮ. ਨਟਰਾਜ ਨੇ ਅਦਾਲਤ ਨੂੰ ਇਹ ਵੀ ਕਿਹਾ ਕਿ ਸਥਿਤੀ ਫਿਲਹਾਲ ਕੋਈ ਫੈਸਲਾ ਲੈਣ ਦੇ ਅਨੁਕੂਲ ਨਹੀਂ ਹੈ। ਕੇਂਦਰ ਸਰਕਾਰ ਦਾ ਪੱਖ ਸੁਣਨ ਤੋਂ ਬਾਅਦ ਅਦਾਲਤ ਨੇ ਸੁਣਵਾਈ 4 ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਮਾਮਲਾ ਸੰਵੇਦਨਸ਼ੀਲ ਹੈ। ਕੇਂਦਰ ਸਰਕਾਰ ਨੇ ਫੈਸਲਾ ਲੈਣ ਲਈ ਸਮਾਂ ਮੰਗਿਆ ਹੈ।  ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਕੱਟ ਰਹੇ ਰਾਜੋਆਣਾ ਨੇ ਆਪਣੀ ਸਜ਼ਾ ਮੁਆਫ਼ ਕਰਨ ਦੀ ਮੰਗ ਕੀਤੀ ਹੈ। ਰਾਜੋਆਣਾ ਨੇ ਦਲੀਲ ਦਿੱਤੀ ਕਿ ਉਸ ਦੀ ਰਹਿਮ ਦੀ ਅਪੀਲ ‘ਤੇ ਫੈਸਲਾ ਲੈਣ ‘ਚ ਇਕ ਸਾਲ ਅਤੇ ਚਾਰ ਮਹੀਨਿਆਂ ਦੀ ‘ਬੇਲੋੜੀ’ ਅਤੇ ‘ਨਾਵਾਜਬ’ ਦੇਰੀ ਹੋਈ ਹੈ। ਇਸ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਦੀ ਵਿਸ਼ੇਸ਼ ਬੈਂਚ ਕਰ ਰਹੀ ਹੈ। ਰਾਜੋਆਣਾ ਨੇ ਦਲੀਲ ਦਿੱਤੀ ਕਿ ਉਸ ਦੀ ਪਟੀਸ਼ਨ ਵਿੱਚ ਦੇਰੀ ਭਾਰਤੀ ਸੰਵਿਧਾਨ ਦੀ ਧਾਰਾ 21 ਤਹਿਤ ਉਸ ਦੇ ਜੀਵਨ ਦੇ ਅਧਿਕਾਰ ਦੀ ਉਲੰਘਣਾ ਕਰਦੀ ਹੈ। ਇਸ ਤੋਂ ਇਲਾਵਾ, ਉਸ ਦਾ ਕਹਿਣਾ ਹੈ ਕਿ ਇਹ ਦੇਰੀ ਉਸ ਦੀ ਮਾਨਸਿਕ ਅਤੇ ਭਾਵਨਾਤਮਕ ਸਥਿਤੀ ਨੂੰ ਗੰਭੀਰਤਾ ਨਾਲ ਪ੍ਰਭਾਵਿਤ ਕਰ ਰਹੀ ਹੈ। ਗੌਰਤਲਬ ਹੈ ਕਿ 18 ਨਵੰਬਰ ਨੂੰ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਕੋਲ ਭੇਜ ਦਿੱਤੀ ਸੀ। ਅਦਾਲਤ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਰਾਸ਼ਟਰਪਤੀ ਦੇ ਸਾਹਮਣੇ ਰੱਖਣ ਦੇ ਹੁਕਮ ਦਿੱਤੇ ਸਨ, ਨਾਲ ਹੀ ਪਟੀਸ਼ਨ ‘ਤੇ 2 ਹਫਤਿਆਂ ‘ਚ ਫੈਸਲਾ ਲੈਣ ਲਈ ਕਿਹਾ ਹੈ।