ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਨੇ ਪੰਜਾਬ ‘ਚ ਉੱਚ ਸਿੱਖਿਆ ਨੂੰ ਹੁਲਾਰਾ ਦੇਣ ਲਈ ਕਈ ਅਹਿਮ ਉਪਰਾਲੇ ਕੀਤੇ ਹਨ : ਹਰਜੋਤ ਸਿੰਘ ਬੈਂਸ 

ਚੰਡੀਗੜ੍ਹ, 2 ਜਨਵਰੀ 2025 : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਸੁਹਿਰਦ ਅਗਵਾਈ ਹੇਠ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਨੇ ਪੰਜਾਬ ‘ਚ ਉੱਚ ਸਿੱਖਿਆ ਨੂੰ ਹੁਲਾਰਾ ਦੇਣ ਲਈ ਕਈ ਅਹਿਮ ਉਪਰਾਲੇ ਕੀਤੇ ਹਨ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਕਰੀਅਰ-ਅਧਾਰਿਤ ਕੋਰਸ, ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਸ਼ਾਮਲ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਦੇ ਖੇਤਰ ‘ਚ ਅਹਿਮ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁਖੀ ਅਤੇ ਹੁਨਰ ਆਧਾਰਿਤ ਪ੍ਰੋਗਰਾਮਾਂ ਲਈ ਬਜਟ ‘ਚ 3.25 ਕਰੋੜ ਰੁਪਏ ਅਲਾਟ ਕੀਤੇ ਹਨ। ਇਸ ਪ੍ਰੋਗਰਾਮ ਦਾ ਉਦੇਸ਼ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਸਾਥੀ ਬਣਾ ਕੇ ਰੁਜ਼ਗਾਰ ਪ੍ਰਾਪਤੀ ਲਈ ਰਾਹ ਪੱਧਰਾ ਕਰਨਾ ਹੈ।ਸਿੱਖਿਆ ਮੰਤਰੀ ਨੇ ਦੱਸਿਆ ਕਿ ਕਰੀਅਰ ਅਤੇ ਕਾਉਂਸਲਿੰਗ ਨਾਲ ਸਬੰਧਤ ਇਹ ਸਕੀਮ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਕਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਪ੍ਰਦਾਨ ਕਰਨ ਲਈ ਹੈ, ਜਿਸ ਲਈ 3.25 ਕਰੋੜ ਰੁਪਏ ਦਾ ਉਪਬੰਧ ਕੀਤਾ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇੰਡਸਟਰੀਅਲ ਵਿਜ਼ਿਟ ਐਂਡ ਐਕਸਪੋਜ਼ਰ ਸਕੀਮ ਲਈ ਬਜਟ ‘ਚ 2 ਕਰੋੜ ਰੁਪਏ ਅਲਾਟ ਕੀਤੇ ਹਨ, ਇਸ ਤਹਿਤ ਵਿਦਿਆਰਥੀਆਂ ਨੂੰ ਵੱਖ-ਵੱਖ ਉਦਯੋਗਾਂ ਨਾਲ ਰੂ-ਬ-ਰੂ ਕਰਵਾ ਕੇ ਭਵਿੱਖ ‘ਚ ਰੁਜ਼ਗਾਰ ਲਈ ਤਿਆਰ ਕੀਤਾ ਜਾਂਦਾ ਹੈ। ਇਸ ਸਕੀਮ ਤਹਿਤ 33.44 ਲੱਖ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪਟਿਆਲਾ ਲਈ 8.52 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ, ਇਸ ‘ਚੋਂ 5 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ.) ਅਧੀਨ ਵਿੱਤੀ ਸਾਲ 2023-24 ਦੌਰਾਨ ਸ਼ਹੀਦ ਭਗਤ ਸਿੰਘ ਚੇਅਰ ਦੀ ਸਥਾਪਨਾ ਕੀਤੀ ਸੀ, ਇਸ ਉਪਰਾਲੇ ਲਈ 1 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਕੀਤਾ ਹੈ। ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਸਸ਼ਕਤ ਕਰਨਾ ਅਤੇ ਵਿਦਿਆਰਥੀਆਂ ਨੂੰ ਕਰੀਅਰ ਅਧਾਰਤ ਕੋਰਸ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਆਰਥਿਕ ਵਿਕਾਸ ਨੂੰ ਵਧਾਉਣਾ ਹੈ।