- ਕੈਬਨਿਟ ਮੰਤਰੀ ਨੇ ਆਮ ਆਦਮੀ ਕਲੀਨਿਕਾਂ ’ਚ ਨਿਯੁਕਤ ਹੋਏ 8 ਡਾਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਹੁਸ਼ਿਆਰਪੁਰ, 17 ਅਗਸਤ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਿਹਤ ਸੇਵਾਵਾਂ ਵਿਚ ਕ੍ਰਾਂਤੀ ਲਿਆਉਣ ਵਾਲੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਗੁਣਵੱਤਾਪੂਰਨ ਸਿਹਤ ਸੁਵਿਧਾਵਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਰਾਜ ਦੀ ਸੇਵਾ ਲਈ ਸਮਰਪਿਤ ਹਨ ਅਤੇ ਇਹ ਕਲੀਨਿਕ ਮਰੀਜ਼ਾਂ ਲਈ ਫਾਇਦੇਮੰਦ ਸਾਬਤ ਹੋ ਰਹੇ ਹਨ। ਉਹ ਅੱਜ ਸਿਵਲ ਸਰਜਨ ਦਫ਼ਤਰ ਵਿਚ ਜ਼ਿਲ੍ਹੇ ਵਿਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਲਈ ਨਵ-ਨਿਯੁਕਤ 8 ਡਾਕਟਰਾਂ ਨੂੰ ਰਸਮੀ ਤੌਰ ’ਤੇ ਨਿਯੁਕਤੀ ਪੱਤਰ ਸੌਂਪਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸਹਾਇਕ ਕਮਿਸ਼ਨਰ ਦਿਵਿਆ.ਪੀ (ਆਈ.ਏ.ਐਸ), ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸਹਾਇਕ ਸਿਵਲ ਸਰਜਨ ਡਾ. ਪਵਨ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਅਨੀਤਾ ਦਾਦਰਾ, ਐਸ.ਐਮ.ਓ ਸਿਵਲ ਹਸਪਤਾਲ ਡਾ. ਸਵਾਤੀ ਸ਼ੀਮਾਰ, ਐਸ.ਐਮ. ਓ ਡਾ. ਮਨਮੋਹਨ ਸਿੰਘ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਉਪਲਬੱਧ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੀ ਯੋਗ ਡਾਕਟਰਾਂ ਦੁਆਰਾ ਮੁਫ਼ਤ ਸਿਹਤ ਸਲਾਹ, ਮੁਫ਼ਤ ਲੈਬ ਟੈਸਟ ਅਤੇ ਮੁਫ਼ਤ ਦਵਾਈਆਂ ਪ੍ਰਦਾਨ ਕਰਕੇ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੋਲ੍ਹਣ ਨਾਲ ਸਿਹਤ ਹਸਪਤਾਲਾਂ ਵਿਚ ਆਮ ਬਿਮਾਰੀਆਂ ਦੇ ਮਰੀਜਾਂ ਦੀ ਸੰਖਿਆ ਘੱਟ ਕੀਤੀ ਜਾ ਸਕੇਗੀ। ਉਨ੍ਹਾਂ ਨਵ-ਨਿਯੁਕਤ ਡਾਕਟਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨਾਲ ਆਪਣੇ ਕਰਤਵਾਂ ਨੂੰ ਇਮਾਨਦਾਰੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਨੂੰ ਕਿਹਾ, ਤਾਂ ਜੋ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਹਤ ਸੇਵਾਵਾਂ ਦੀ ਬਿਹਤਰੀ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਲੋਕਾਂ ਨੁੰ ਉਤਮ ਸਿਹਤ ਸੁਵਿਧਾਵਾਂ ਮੁਹੱਈਆ ਹੋ ਰਹੀਆਂ ਹਨ। ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿਚ ਕੁਲ 41 ਪ੍ਰਕਾਰ ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ ਅਤੇ ਮਰੀਜ਼ਾਂ ਨੂੰ ਕੁਲ 80 ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।