- ਸਹਾਇਕ ਰਿਟਰਨਿੰਗ ਅਫਸਰਾਂ ਨੂੰ ਆਪੋ-ਆਪਣੇ ਖੇਤਰਾਂ ’ਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਲਾਗੂ ਕਰਨ ਦੀ ਹਦਾਇਤ
- ਜ਼ਿਲ੍ਹਾ ਚੋਣ ਦਫ਼ਤਰ ਵਲੋਂ ਲੋਕਾਂ ਦੀ ਸਹੂਲਤ ਅਤੇ ਚੋਣਾਂ ਨਾਲ ਸਬੰਧਿਤ ਜਾਣਕਾਰੀ ਲਈ ਟੋਲ ਫਰੀ ਨੰ: 1950 ਜਾਰੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਵੋਟਰ ਹੈੱਲਪ ਲਾਈਨ ਸਥਾਪਿਤ
- ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਪੈਰਾਮਿਲਟਰੀ ਫੋਰਸ ਅਤੇ ਸੁਰੱਖਿਆ ਦਸਤਿਆਂ ਨਾਲ ਕੀਤੀ ਗੱਲਬਾਤ
- ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ’ਚੋਂ ਦੋ ਲੋਕ ਸਭਾ ਹਲਕਾ ਖਡੂਰ ਸਾਹਿਬ ’ਚ ਅਤੇ ਦੋ ਹੁਸ਼ਿਆਰਪੁਰ ’ਚ
ਕਪੂਰਥਲਾ, 16 ਮਾਰਚ : ਭਾਰਤ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਦੇ ਐਲਾਨ ਉਪਰੰਤ ਜ਼ਿਲ੍ਹੇ ’ਚ ਆਦਰਸ਼ ਚੋਣ ਜਾਬਤਾ ਲਾਗੂ ਹੋਣ ਨਾਲ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਨੇ ਸਮੂਹ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਜਾਬਤੇ ਦੀ ਇੰਨ-ਬਿੰਨ ਪਾਲਨਾ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਨੇ ਨਗਰ ਨਿਗਮ ਕਪੂਰਥਲਾ ਦੇ ਕਮਿਸ਼ਨਰ, ਐਸ.ਡੀ.ਐਮ ਕਪੂਰਥਲਾ, ਭੁਲੱਥ, ਸੁਲਤਾਨਪੁਰ ਲੋਧੀ ਅਤੇ ਫਗਵਾੜਾ, ਜੋਕਿ ਸਹਾਇਕ ਰਿਟਰਨਿੰਗ ਅਫਸਰ ਹਨ, ਨੂੰ ਆਪੋ-ਆਪਣੇ ਖੇਤਰਾਂ ’ਚ ਚੋਣ ਜਾਬਤਾ ਲਾਗੂ ਕਰਵਾਂਉਂਦਿਆਂ ਇਸ ਸਬੰਧੀ ਜ਼ਿਲ੍ਹਾ ਚੋਣ ਦਫਤਰ ਨੂੰ ਸਮੇਂ ਸਿਰ ਰਿਪੋਰਟਾਂ ਭੇਜਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਦਫਤਰ ਵਲੋਂ ਲੋਕਾਂ ਦੀ ਸਹੂਲਤ ਅਤੇ ਚੋਣਾਂ ਨਾਲ ਸਬੰਧਿਤ ਜਾਣਕਾਰੀ ਪ੍ਰਾਪਤ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 306 ਵਿਖੇ ਵੋਟਰ ਹੈੱਲਪ ਲਾਈਨ ਸਥਾਪਿਤ ਕਰਦਿਆਂ ਟੋਲ ਫਰੀ ਨੰ: 1950 ਜਾਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਜਾਣਕਾਰੀ ਲਈ ਲੋਕ 01822-292001 ’ਤੇ ਵੀ ਸੰਪਰਕ ਕਰ ਸਕਦੇ ਹਨ। ਇਸੇ ਤਰ੍ਹਾਂ ਜ਼ਿਲ੍ਹਾ ਚੋਣ ਦਫ਼ਤਰ ਦੀ ਈ-ਮੇਲ etkpt@punjab.gov.in ਅਤੇ electeh.kapurthala@gmail.com ’ਤੇ ਵੀ ਰਾਬਤਾ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਅਤੇ ਐਸ.ਐਸ.ਪੀ ਵਤਸਲਾ ਗੁਪਤਾ ਨੇ ਪੁਲਿਸ ਅਧਿਕਾਰੀਆਂ ਸਮੇਤ ਸੈਨਿਕ ਸਕੂਲ ਨੇੜੇ ਤਾਇਨਾਤ ਪੈਰਾਮਿਲਟਰੀ ਫੋਰਸ ਅਤੇ ਸੁਰੱਖਿਆ ਦਸਤਿਆਂ ਨਾਲ ਗੱਲਬਾਤ ਕਰਦਿਆਂ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣਾਂ ਦੇ ਮੱਦੇਨਜ਼ਰ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਲੋੜੀਂਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਦਫਤਰ ਵਲੋਂ ਵੱਖ-ਵੱਖ ਚੋਣ ਸਰਗਰਮੀਆਂ ਦੇ ਮੱਦੇਨਜ਼ਰ ਲੋੜੀਂਦੀਆਂ ਟੀਮਾਂ ਦਾ ਗਠਨ ਕਰਦਿਆਂ ਨੋਡਲ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਜਾ ਚੁੱਕੀ ਹੈ ਤਾਂ ਜੋ ਚੋਣ ਪ੍ਰਕਿਰਿਆਵਾਂ ਸੁਚੱਜੇ ਢੰਗ ਨਾਲ ਅਮਲ ਵਿਚ ਲਿਆਂਦੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪੈਂਦੇ ਚਾਰ ਵਿਧਾਨ ਸਭਾ ਹਲਕਿਆਂ ਵਿਚੋਂ ਦੋ ਵਿਧਾਨ ਸਭਾ ਹਲਕੇ ਕਪੂਰਥਲ਼ਾ ਅਤੇ ਸੁਲਤਾਨਪੁਰ ਲੋਧੀ ਲੋਕ ਸਭਾ ਹਲਕਾ ਖਡੂਰ ਸਾਹਿਬ ਅਤੇ ਫਗਵਾੜਾ ਤੇ ਭੁਲੱਥ ਲੋਕ ਸਭਾ ਹਲਕਾ ਹੁਸ਼ਿਆਰਪੁਰ ਵਿਚ ਪੈਂਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 791 ਪੋਲਿੰਗ ਸਟੇਸ਼ਨ ਪੈਂਦੇ ਹਨ ਅਤੇ ਇਨ੍ਹਾਂ ਪੋਲਿੰਗ ਸਟੇਸ਼ਨਾਂ ’ਤੇ ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨ ਵੋਟਰਾਂ ਦੀ ਸਹਾਇਤਾ ਲਈ ਪ੍ਰਤੀ ਪੋਲਿੰਗ ਸਟੇਸ਼ਨ ਦੋ ਵਲੰਟੀਅਰ, ਜੋਕਿ ਵਿਦਿਆਰਥੀ ਹੋਣਗੇ, ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਦਿੱਤਾ ਨਾਅਰਾ ’ਇਸ ਵਾਰ, 70 ਪਾਰ ’ ਤਹਿਤ ਸਵੀਪ ਸਰਗਰਮੀਆਂ ਵੀ ਜ਼ਿਲ੍ਹੇ ਵਿਚ ਜੰਗੀ ਪੱਧਰ ’ਤੇ ਜਾਰੀ ਹਨ ਤਾਂ ਜੋ ਵੱਧ ਤੋਂ ਵੱਧ ਵੋਟਰਾਂ ਨੂੰ ਲੋਕਤੰਤਰ ਦੇ ਸਭ ਤੋਂ ਵੱਡੇ ਪਰਵ ਵਿਚ ਭਾਗੀਦਾਰ ਬਨਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਜ਼ਿਕਰਯੋਗ ਹੈ ਕਿ ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਵਿਚ 1 ਜੂਨ ਨੂੰ ਵੋਟਾਂ ਪਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ 7 ਮਈ 2024 ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 14 ਮਈ ਹੋਵੇਗੀ। 15 ਮਈ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 17 ਮਈ ਨੂੰ ਪਰਚਾ ਵਾਪਸ ਲਿਆ ਜਾ ਸਕਦਾ ਹੈ। ਚੋਣਾਂ ਦੇ ਨਤੀਜ਼ੇ 4 ਜੂਨ ਨੂੰ ਐਲਾਨੇ ਜਾਣਗੇ।