- ਐਸ.ਡੀ.ਐਮ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਖੇਡਾਂ ਦੇ ਸੁਚਾਰੂ ਪ੍ਰਬੰਧਾਂ ਲਈ ਦਿੱਤੇ ਨਿਰਦੇਸ਼
- ਖੇਡ ਮੁਕਾਬਲਿਆਂ ਵਿੱਚ ਅੰਡਰ 14, 17, 21 ਤੋਂ ਇਲਾਵਾ ਵੱਖ-ਵੱਖ ਉਮਰ ਵਰਗ 21-30, 31-40, 41-55, 55-66 ਅਤੇ 65 ਸਾਲ ਤੋਂ ਵੱਧ ਉਮਰ ਦੇ ਲੋਕ ਲੈ ਰਹੇ ਹਨ ਭਾਗ
ਹੁਸ਼ਿਆਰਪੁਰ, 29 ਅਗਸਤ : ਐਸਡੀਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ 2 ਸਤੰਬਰ ਤੋਂ 8 ਸਤੰਬਰ ਤੱਕ ਕਰਵਾਏ ਜਾਣ ਵਾਲੇ ਬਲਾਕ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਹ ਅੱਜ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਖੇਡ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਗਾਊਂ ਤਿਆਰੀਆਂ ਨੂੰ ਯਕੀਨੀ ਬਣਾਉਣ ਲਈ ਸਾਰਿਆਂ ਨੂੰ ਹਦਾਇਤ ਕੀਤੀ। ਐਸਡੀਐਮ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਇਹ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਅਤੇ ਜ਼ਿਲ੍ਹਾ ਪੱਧਰ 'ਤੇ ਖੇਡ ਮੁਕਾਬਲੇ ਕਰਵਾਏ ਜਾਣਗੇ, ਜਿਸ ਤੋਂ ਬਾਅਦ ਰਾਜ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰਡਰ-14, ਅੰਡਰ-17, ਅੰਡਰ-21 ਤੋਂ ਇਲਾਵਾ ਵੱਖ-ਵੱਖ ਉਮਰ ਵਰਗ 21-30, 31-40, 41-55, 55-66 ਅਤੇ 65 ਸਾਲ ਤੋਂ ਵੱਧ ਉਮਰ ਦੇ ਲੋਕ ਭਾਗ ਲੈ ਰਹੇ ਹਨ। ਪ੍ਰੀਤਇੰਦਰ ਸਿੰਘ ਬੈਂਸ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ 2 ਸਤੰਬਰ ਤੋਂ 4 ਸਤੰਬਰ ਤੱਕ ਬਲਾਕ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਵਿੱਚ ਬਲਾਕ ਹੁਸ਼ਿਆਰਪੁਰ-2 ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਹਣ ਅਤੇ ਬਲਾਕ ਗੜ੍ਹਸ਼ੰਕਰ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਕਰਵਾਏ ਜਾਣਗੇ। ਇਸੇ ਤਰ੍ਹਾਂ ਦੂਜੇ ਪੜਾਅ ਵਿੱਚ 6 ਤੋਂ 8 ਸਤੰਬਰ ਤੱਕ ਬਲਾਕ ਭੂੰਗਾ ਦੇ ਖੇਡ ਮੁਕਾਬਲੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਅਤੇ ਖਾਲਸਾ ਕਾਲਜ ਗੜ੍ਹਦੀਵਾਲਾ, ਬਲਾਕ ਹੁਸ਼ਿਆਰਪੁਰ-1 ਦੇ ਮੁਕਾਬਲੇ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਅਤੇ ਬਲਾਕ ਮਾਹਿਲਪੁਰ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਾਹਿਲਪੁਰ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ ਕਰਵਾਏ ਜਾਣਗੇ। ਇਨ੍ਹਾਂ ਦੋਵਾਂ ਗੇੜਾਂ ਵਿੱਚ ਅਥਲੈਟਿਕਸ, ਖੋ-ਖੋ, ਰੱਸਾਕਸ਼ੀ, ਕਬੱਡੀ (ਸਰਕਲ ਸਟਾਈਲ ਅਤੇ ਰਾਸ਼ਟਰੀ ਸਟਾਈਲ), ਵਾਲੀਬਾਲ (ਸ਼ੂਟਿੰਗ ਅਤੇ ਸਮੈਸ਼ਿੰਗ) ਅਤੇ ਫੁੱਟਬਾਲ ਦੇ ਮੁਕਾਬਲੇ ਹੋਣਗੇ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਸਿੱਖਿਆ ਵਿਭਾਗ, ਸਿਹਤ ਵਿਭਾਗ, ਯੁਵਕ ਸੇਵਾਵਾਂ ਵਿਭਾਗ, ਖੇਡ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤਿਆਰੀਆਂ ਵਿੱਚ ਕੋਈ ਕਮੀ ਨਾ ਆਉਣ ਦਿੱਤੀ ਜਾਵੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।