ਕੈਬਨਿਟ ਮੰਤਰੀ ਜਿੰਪਾ ਵਲੋਂ ਪਾਰਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 21 ਮਾਰਚ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵਲੋਂ ਵਾਰਡ ਨੰਬਰ 11 ਵਿਖੇ ਪਾਰਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ 9.67 ਲੱਖ ਰੁਪਏ ਦੀ ਲਾਗਤ ਨਾਲ ਇਸ ਪਾਰਕ ਦੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਇਥੇ ਮਨਮੋਹਕ ਲਾਈਟਾਂ, ਘਾਹ, ਫੁੱਲ ਬੂਟਿਆਂ ਆਦਿ ਨਾਲ ਇਸ ਦਾ ਸੁੰਦਰੀਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀ ਖਾਸ ਤੌਰ ’ਤੇ ਸੀਨੀਅਰ ਸਿਟੀਜ਼ਨ ਇਸ ਪਾਰਕ ਵਿਚ ਅਕਸਰ ਸੈਰ ਕਰਦੇ ਹਨ ਅਤੇ ਬੱਚਿਆਂ ਲਈ ਵੀ ਇਹ ਕਾਫ਼ੀ ਰਮਣੀਕ ਜਗ੍ਹਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਪਹਿਲਾਂ ਤੋਂ ਹੀ ਹਰਿਆਲੀ ਲਈ ਜਾਣਿਆ ਜਾਂਦਾ ਹੈ ਅਤੇ ਇਥੋਂ ਦੀ ਆਬੋ-ਹਵਾ ਬਾਹਰੋਂ ਆਉਣ ਵਾਲਿਆਂ ਨੂੰ ਆਪਣੇ ਵੱਲ ਖਿੱਚਦੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਪਾਰਕਾਂ ਨੂੰ ਵਧੀਆ ਦਿੱਖ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਸਰਬਪੱਖੀ ਵਿਕਾਸ ਅਤੇ ਇਸ ਨੂੰ ਸੁੰਦਰ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਨੇ ਜਿਹੜਾ ਵਿਸ਼ਵਾਸ ਉਨ੍ਹਾਂ ’ਤੇ ਪ੍ਰਗਟਾਇਆ ਹੈ, ਉਹ ਇਸ ਵਿਚ ਖਰੇ ਉਤਰਨਾ ਯਕੀਨੀ ਬਣਾਉਣਗੇ। ਇਸ ਮੌਕੇ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਤੋਂ ਇਲਾਵਾ ਇਲਾਕੇ ਦੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।