- ਐਮਰਜੈਂਸੀ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾ ਰਿਹਾ ਹੈ ਕੰਮ
- ਕਿਹਾ, ਲੋਕਾਂ ਦੀ ਹਰ ਛੋਟੀ-ਵੱਡੀ ਸਮੱਸਿਆ 'ਤੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਪੰਜਾਬ ਸਰਕਾਰ
ਹੁਸ਼ਿਆਰਪੁਰ, 26 ਅਕਤੂਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦਿਸ਼ਾ ਤਹਿਤ ਹੁਸ਼ਿਆਰਪੁਰ ਵਿਖੇ ਵੀ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜਿਸ ਦੀਆਂ ਕਲਾਸਾਂ ਅਗਲੇ ਸਾਲ ਤੋਂ ਸ਼ੁਰੂ ਹੋ ਜਾਣਗੀਆਂ। ਉਹ ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਐਮਰਜੈਂਸੀ ਵਿੱਚ ਆਰਜ਼ੀ ਪਖਾਨਿਆਂ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਮੇਅਰ ਸੁਰਿੰਦਰ ਕੁਮਾਰ, ਸਿਵਲ ਸਰਜਨ ਡਾ: ਬਲਵਿੰਦਰ ਕੁਮਾਰ ਡਮਾਣਾ ਅਤੇ ਐਸ.ਐਮ.ਓ ਡਾ. ਸਵਾਤੀ ਸ਼ੇਮਾਰ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਐਮਰਜੈਂਸੀ ਪਖਾਨਿਆਂ ਦੀ ਮੁਰੰਮਤ ਲਈ 10 ਵਾਸ਼ਰੂਮਾਂ ਦੇ ਦੋ ਯੂਨਿਟ (ਪਿਟ ਟਾਇਲਟ) ਆਰਜ਼ੀ ਤੌਰ 'ਤੇ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਪਿਟ ਪਖਾਨੇ ਬਣਾਉਣ ਨਾਲ ਜਿਥੇ ਐਮਰਜੈਂਸੀ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਦਾ ਹੱਲ ਹੋਵੇਗਾ, ਉਥੇ ਭਵਿੱਖ ਵਿੱਚ ਮੈਡੀਕਲ ਕਾਲਜ ਦੇ ਹਸਪਤਾਲ ਬਣਨ ’ਤੇ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਹੀਂ ਹੋਵੇਗੀ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਬਣਾਏ ਜਾ ਰਹੇ ਆਰਜ਼ੀ ਪਖਾਨਿਆਂ ਦਾ ਮਕਸਦ ਸਿਰਫ਼ ਇਹੀ ਹੈ ਕਿ ਪੰਜਾਬ ਸਰਕਾਰ ਥੋੜ੍ਹੇ ਸਮੇਂ ਲਈ ਵੀ ਲੋਕਾਂ ਨੂੰ ਕੋਈ ਅਸੁਵਿਧਾ ਨਹੀਂ ਦੇਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਛੋਟੀ-ਵੱਡੀ ਸਮੱਸਿਆ ’ਤੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਇਸ ਮੌਕੇ ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਸਿਮਰਨਜੀਤ ਸਿੰਘ ਖਾਂਬਾ, ਵਰਿੰਦਰ ਵੈਦ, ਮਨੀਸ਼ ਸ਼ਰਮਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।