- ਪੋਲਿੰਗ ਪਾਰਟੀਆਂ ਭੇਜਣ, ਈ.ਵੀ.ਐਮਜ਼ ਦੇ ਰੱਖ-ਰਖਾਅ, 175 ਪੋਲਿੰਗ ਸਟੇਸ਼ਨਾਂ ’ਤੇ ਲੋੜੀਂਦੇ ਇੰਤਜ਼ਾਮਾਂ ਦੀ ਕੀਤੀ ਸਮੀਖਿਆ
- ਚੋਣ ਅਮਲੇ ਨੂੰ ਨਿਰਪੱਖ ਅਤੇ ਸੁਚੱਜੇ ਢੰਗ ਨਾਲ ਚੋਣ ਪ੍ਰਕਿਰਿਆ ਨੇਪਰੇ ਚਾੜਨ ਦੇ ਨਿਰਦੇਸ਼
- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੇ 791 ਪੋਲਿੰਗ ਸਟੇਸ਼ਨਾਂ ‘ਤੇ ਪੁਖਤਾ ਪ੍ਰਬੰਧ:ਅਮਿਤ ਕੁਮਾਰ ਪੰਚਾਲ
ਕਪੂਰਥਲਾ 10 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਅਮਿਤ ਕੁਮਾਰ ਪੰਚਾਲ ਨੇ ਅੱਜ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਾਰਾਂ ਵਿਧਾਨ ਸਭਾ ਹਲਕਿਆਂ ਵਿੱਚ ਪੁਖਤਾ ਇੰਤਜਾਮ ਕੀਤੇ ਗਏ ਹਨ ਤਾਂ ਜੋ ਸਮੁੱਚੀ ਚੋਣ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜੀ ਜਾ ਸਕੇ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਪੈਂਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚੋਂ ਦੋ ਹਲਕੇ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਲੋਕ ਸਭਾ ਹਲਕਾ ਖਡੂਰ ਸਾਹਿਬ ਦਾ ਹਿੱਸਾ ਹਨ ਅਤੇ ਦੋ ਹਲਕੇ ਫਗਵਾੜਾ ਅਤੇ ਭੁਲੱਥ ਲੋਕ ਸਭਾ ਹਲਕਾ ਹੁਸ਼ਿਆਰਪੁਰ ਵਿੱਚ ਪੈਂਦੇ ਹਨ, ਉਨ੍ਹਾ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ 791 ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਅਤੇ ਪੋਲਿੰਗ ਸਟਾਫ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਹੋਣਗੇ ਤਾਂ ਜੋ ਕਿਸੇ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਐਸ.ਐਸ.ਪੀ ਵਤਸਲਾ ਗੁਪਤਾ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਨਡਾਲਾ ਵਿਖੇ ਸਟਰਾਂਗ ਰੂਮ, ਈ.ਵੀ.ਐਮਜ਼ ਦੇ ਰੱਖ-ਰਖਾਅ, ਪੋਲਿੰਗ ਪਾਰਟੀਆਂ ਨੂੰ ਲੋੜੀਂਦੀ ਟ੍ਰੇਨਿੰਗ ਆਦਿ ਦੀ ਸਮੀਖਿਆ ਲਈ ਨਡਾਲਾ ਦੇ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਪਹੁੰਚੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਚੋਣ ਅਮਲੇ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਹਲਕੇ ਵਿਚ ਪੈਂਦੇ 175 ਪੋਲਿੰਗ ਸਟੇਸ਼ਨਾਂ ‘ਤੇ ਹਰ ਪੱਖੋਂ ਵਧੀਆ ਪ੍ਰਬੰਧ ਅਮਲ ਵਿੱਚ ਲਿਆਂਦੇ ਜਾਣ। ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦੀਆ ਐਸ.ਐਸ.ਪੀ ਵਤਸਲਾ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਦੀਆਂ ਟੀਮਾਂ ਪੈਰਾ ਮਿਲਟਰੀ ਦਸਤਿਆਂ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨਾਲ ਸਾਂਝੇ ਤੌਰ ‘ਤੇ ਵੱਖ-ਵੱਖ ਮੁਹਿੰਮਾਂ ਚਲਾ ਰਹੀ ਹੈ ਤਾਂ ਜੋ ਚੋਣਾਂ ਪੂਰੇ ਅਮਨ-ਅਮਾਨ ਨਾਲ ਕਰਵਾਈਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਭੈੜੇ ਅਨਸਰਾਂ ਨੂੰ ਨੱਥ ਪਾਉਣ, ਭਗੌੜਿਆਂ, ਜੁਰਮਾਂ ਵਿੱਚ ਅਕਸਰ ਸ਼ਾਮਿਲ ਹੋਣ ਵਾਲੇ ਅਨਸਰਾਂ ਅਤੇ ਨਾਜਾਇਜ਼ ਸ਼ਰਾਬ ਤੇ ਲਾਹਣ ਕੱਢਣ ਵਾਲਿਆਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਹੱਦਾਂ ਅਤੇ ਅੰਦਰੂਨੀ ਹਿੱਸਿਆਂ ਵਿੱਚ ਵਿਸ਼ੇਸ਼ ਨਾਕਾਬੰਦੀ ਕਰਕੇ ਚੌਕਸੀ ਵਧਾਈ ਗਈ ਹੈ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਿਲ ਅਨਸਰਾਂ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਵੱਲ਼ੋਂ ਕੁਝ ਦਿਨ ਪਹਿਲਾਂ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਵਿਖੇ ਵੀ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਹਰੇਕ ਪੋਲਿੰਗ ਸਟੇਸ਼ਨ ’ਤੇ ਵੋਟਰਾਂ ਖਾਸਕਰ ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨ ਵੋਟਰਾਂ ਦੀ ਸਹੂਲਤ ਲਈ ਪ੍ਰਤੀ ਪੋਲਿੰਗ ਸਟੇਸ਼ਨ 2 ਵਲੰਟੀਅਰ ਤਾਇਨਾਤ ਕੀਤੇ ਜਾਣਗੇ ਜੋ ਉਨ੍ਹਾਂ ਦੀ ਲੋੜੀਂਦੀ ਸਹਾਇਤਾ ਲਈ ਹੋਣਗੇ। ਉਨ੍ਹਾਂ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਆਦਰਸ਼ ਚੋਣ ਜਾਬਤੇ ਦੀ ਇੰਨ-ਬਿੰਨ ਪਾਲਨਾ ਕਰਦਿਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੁਚਾਰੂ ਢੰਗ ਨਾਲ ਚੋਣ ਪ੍ਰਕਿਰਿਆ ਨੇਪਰੇ ਚਾੜਨ ਵਿਚ ਸਹਿਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸਿਆਸੀ ਸਰਗਰਮੀ ਲਈ ਸਮਰੱਥ ਅਥਾਰਟੀ ਤੋਂ ਲੋੜੀਂਦੀ ਪ੍ਰਵਾਨਗੀ ਜ਼ਰੂਰ ਲਈ ਜਾਵੇ ਜੋ ਕਿ ਬਹੁਤ ਲਾਜ਼ਮੀ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਕਪੂਰਥਲਾ ਵਿਚ ਕੁੱਲ 620819 ਵੋਟਾਂ ਵਿਚੋਂ 324179 ਪੁਰਸ਼ ਅਤੇ 296608 ਮਹਿਲਾ ਵੋਟਰ ਹਨ।