ਬੰਗਾ, 16 ਸਤੰਬਰ 2024 : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਜ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਯਾਦਗਾਰ ’ਤੇ ਸ਼ਰਧਾ ਸੁਮਨ ਅਰਪਿਤ ਕੀਤੇ। ਇਸ ਮੌਕੇ ਉਨਾਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਨ ਤੋਂ ਇਲਾਵਾ ਉਨਾਂ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ ’ਤੇ ਵੀ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਇਸ ਮੌਕੇ ਉਨਾਂ ਮਿਊਜ਼ੀਅਮ ਦਾ ਦੌਰਾ ਵੀ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਖਟਕੜ ਕਲਾਂ ਦੀ ਧਰਤੀ ’ਤੇ ਆ ਕੇ ਉਨਾਂ ਨੂੰ ਬੇਹੱਦ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਉਨਾਂ ਨੂੰ ਸ਼ਹੀਦ-ਏ-ਆਜ਼ਮ ਦੀ ਇਸ ਪਵਿੱਤਰ ਧਰਤੀ ਵਾਲੇ ਜ਼ਿਲ੍ਹੇ ਵਿਚ ਸੇਵਾ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ। ਉਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸੋਚ ’ਤੇ ਪਹਿਰਾ ਦਿੰਦਿਆਂ ਉਹ ਦਿਨ-ਰਾਤ ਇਕ ਕਰਕੇ ਜ਼ਿਲ੍ਹਾ ਵਾਸੀਆਂ ਦੀ ਸੇਵਾ ਕਰਨਗੇ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਤਰੱਕੀ ਦੀਆਂ ਬੁਲੰਦੀਆਂ ’ਤੇ ਪਹੁੰਚਾ ਕੇ ਇਸ ਦਾ ਨਾਂਅ ਰੋਸ਼ਨ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਾਨਦਾਰ ਤਰੀਕੇ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ 28 ਅਤੇ 29 ਸਤੰਬਰ ਨੂੰ ਖਟਕੜ ਕਲਾਂ ਵਿਖੇ 'ਇਨਕਲਾਬ ਫੈਸਟੀਵਲ' ਕਰਵਾਇਆ ਜਾਵੇਗਾ। ਇਸ ਮੌਕੇ ਐਸ. ਡੀ. ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਐਸ. ਡੀ. ਐਮ ਬੰਗਾ ਵਿਕਰਮਜੀਤ ਸਿੰਘ ਪਾਂਥੇ, ਐਸ. ਡੀ. ਐਮ ਬਲਾਚੌਰ ਰਵਿੰਦਰ ਬਾਂਸਲ, ਗੁੱਡ ਗਵਰਨੈਸ ਫੈਲੋ ਅਸਮਿਤਾ ਪਰਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।