ਸੁਲਤਾਨਪੁਰ ਲੋਧੀ, 11 ਜੁਲਾਈ : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਮੰਗਲਵਾਰ ਨੂੰ ਸਤਲੁਜ ਦਰਿਆ ਦੇ ਕੰਢੇ ’ਤੇ ਵਸੇ ਛੋਟੇ-ਛੋਟੇ ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਤੱਕ ਪਹੁੰਚੇ ਅਤੇ ਉਨ੍ਹਾਂ ਤੋਂ ਪਾਣੀ ਵਿੱਚ ਫਸੇ ਉਨ੍ਹਾਂ ਦੇ ਦੋਸਤਾਂ, ਵਾਕਿਫ ਲੋਕਾਂ ਬਾਰੇ ਜਾਣਕਾਰੀ ਮੰਗੀ। ਡਿਪਟੀ ਕਮਿਸ਼ਨਰ ਨੇ ਸਮੂਹ ਲੋਕਾਂ ਨੂੰ ਅਜਿਹੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਤੁਰੰਤ ਸਾਂਝਾ ਕਰਨ ਦੀ ਅਪੀਲ ਕੀਤੀ ਤਾਂ ਜੋ ਫਸੇ ਹੋਏ ਲੋਕਾਂ ਨੂੰ ਸੁਰੱਖਿਅਤ ਕੱਢਣ ਲਈ ਫੌਰੀ ਤੌਰ ’ਤੇ ਮੁਹਿੰਮ ਸ਼ੁਰੂ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਸੁਰੱਖਿਅਤ ਸਥਾਨਾਂ ਵੱਲ ਜਾਣ ਕਿਉਂਕਿ ਉਨ੍ਹਾਂ ਦੀ ਜ਼ਿੰਦਗੀ ਤੋਂ ਅਹਿਮ ਕੁਝ ਵੀ ਨਹੀਂ ਹੈ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਪਿੰਡਾਂ ’ਚੋਂ ਪਾਣੀ ਨਹੀਂ ਨਿਕਲਦਾ, ਉਹ ਪ੍ਰਸ਼ਾਸਨ ਵੱਲੋਂ ਸਥਾਪਤ ਰਾਹਤ ਕੈਂਪਾਂ ਵਿੱਚ ਰਹਿਣ। ਉਨ੍ਹਾਂ ਕਿਹਾ ਕਿ ਇਨ੍ਹਾਂ ਰਾਹਤ ਕੈਂਪਾਂ ਵਿੱਚ ਲੋਕਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਯਕੀਨੀ ਬਣਾਏ ਗਏ ਹਨ, ਜਿਥੇ ਉਨ੍ਹਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਣੀ ਵਿੱਚ ਫਸੇ ਹੋਏ ਲੋਕਾਂ ਨੂੰ ਕੱਢਣ ਲਈ ਐਨ.ਡੀ.ਆਰ.ਐਫ., ਆਰਮੀ, ਐਸ.ਡੀ.ਆਰ.ਐਫ. ਦੀ ਤਾਇਨਾਤੀ ਕੀਤੀ ਗਈ ਹੈ, ਜੋ ਕਿ ਦਿਨ-ਰਾਤ ਲੋਕਾਂ ਨੂੰ ਭਾਲ ਕੇ ਉਨ੍ਹਾਂ ਨੂੰ ਬਾਹਰ ਕੱਢ ਰਹੀ ਹੈ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਸੁਰੱਖਿਅਤ ਸਥਾਨਾਂ ਵੱਲ ਜਾਣ ਦੀ ਅਪੀਲ ਕੀਤੀ।