- ਲੋਕ ਸਭਾ ਹਲਕੇ ਦੇ ਕੁੱਲ 1618512 ਵੋਟਰਾਂ 'ਚ 843299 ਪੁਰਸ਼, 775173 ਮਹਿਲਾ ਅਤੇ 40 ਥਰਡ ਜੈਂਡਰ ਵੋਟਰ ਸ਼ਾਮਲ
- ਜ਼ਿਲ੍ਹੇ 'ਚ 80 ਸਾਲ ਤੋਂ ਵੱਧ ਉਮਰ ਵਾਲੇ 32668 ਵੋਟਰ, 100 ਸਾਲ ਤੋਂ ਵੱਧ ਉਮਰ ਵਾਲੇ 444 ਵੋਟਰ, 18 ਤੋਂ 19 ਸਾਲ ਵਾਲੇ 23649 ਨੌਜਵਾਨ ਵੋਟਰ, 10526 ਦਿਵਿਆਂਗ ਵੋਟਰ, 73 ਐਨ.ਆਰ.ਆਈ. ਵੋਟਰ
- ਕੁੱਲ 1972 ਪੋਲਿੰਗ ਸਟੇਸ਼ਨਾਂ 'ਚ ਸ਼ਾਮਲ ਹੋਣਗੇ 44 ਮਾਡਲ ਪੋਲਿੰਗ ਸਟੇਸ਼ਨ, ਹਰ ਵਿਧਾਨ ਸਭਾ ਹਲਕੇ 'ਚ ਮਹਿਲਾਵਾਂ ਲਈ ਬਣਾਇਆ ਜਾਵੇਗਾ ਇਕ ਵਿਸ਼ੇਸ਼ ਪੋਲਿੰਗ ਸਟੇਸ਼ਨ, ਪਿੰਗਲਵਾੜਾ ਜਲੰਧਰ ਵਿਖੇ ਵਿਸ਼ੇਸ਼ ਤੌਰ 'ਤੇ ਪੋਲਿੰਗ ਸਟੇਸ਼ਨ ਨੂੰ ਚਲਾਉਣਗੇ ਦਿਵਿਆਂਗਜਨ
- 18 ਸਾਲ ਤੋਂ ਵੱਧ ਉਮਰ ਦੇ ਰਹਿ ਗਏ ਵੋਟਰ 20 ਅਪ੍ਰੈਲ ਤੱਕ ਬਣਾ ਸਕਦੇ ਨੇ ਵੋਟ
ਜਲੰਧਰ, 30 ਮਾਰਚ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ 10 ਮਈ ਨੂੰ ਹੋਣ ਜਾ ਰਹੀ ਲੋਕ ਸਭਾ ਹਲਕਾ 04 ਜਲੰਧਰ ਦੀ ਉਪ ਚੋਣ ਸਬੰਧੀ ਅੱਜ ਇਥੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੁੱਚੀ ਚੋਣ ਪ੍ਰਕਿਰਿਆ ਨੂੰ ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਤਿਆਰ ਹੈ। ਲੋਕ ਸਭਾ ਹਲਕੇ ਦੇ ਕੁੱਲ ਵੋਟਰਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 1618512 ਵੋਟਰ ਹਨ, ਜਿਨ੍ਹਾਂ ਵਿੱਚ 843299 ਪੁਰਸ਼, 775173 ਮਹਿਲਾ ਅਤੇ 40 ਥਰਡ ਜੈਂਡਰ ਵੋਟਰ ਸ਼ਾਮਲ ਹਨ। ਇਸੇ ਤਰ੍ਹਾਂ 80 ਸਾਲ ਤੋਂ ਵੱਧ ਉਮਰ ਵਾਲੇ 32668 ਵੋਟਰ, 100 ਸਾਲ ਤੋਂ ਵੱਧ ਉਮਰ ਵਾਲੇ 444 ਵੋਟਰ, 18 ਤੋਂ 19 ਸਾਲ ਵਾਲੇ 23649 ਨੌਜਵਾਨ ਵੋਟਰ, 10526 ਦਿਵਿਆਂਗ ਵੋਟਰ, 73 ਐਨ.ਆਰ.ਆਈ. ਵੋਟਰ, 1852 ਸਰਵਿਸ ਵੋਟਰ ਸ਼ਾਮਲ ਹਨ। ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ 1972 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 738 ਸ਼ਹਿਰੀ ਅਤੇ 1234 ਦਿਹਾਤੀ ਇਲਾਕੇ ਵਿੱਚ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸੌ ਫੀਸਦੀ ਪੋਲਿੰਗ ਬੂਥਾਂ ਦੀ ਵੈਬ ਕਾਸਟਿੰਗ ਕੀਤੀ ਜਾਵੇਗੀ। ਇਨ੍ਹਾਂ ਪੋਲਿੰਗ ਸਟੇਸ਼ਨਾਂ ਵਿੱਚ 44 ਮਾਡਲ ਪੋਲਿੰਗ ਸਟੇਸ਼ਨਾਂ ਦੇ ਨਾਲ-ਨਾਲ ਹਰੇਕ ਵਿਧਾਨ ਸਭਾ ਹਲਕੇ ਵਿੱਚ ਮਹਿਲਾਵਾਂ ਨੂੰ ਸਮਰਪਿਤ 1 ਵਿਸ਼ੇਸ਼ ਪੋਲਿੰਗ ਸਟੇਸ਼ਨ ਵੀ ਸਥਾਪਤ ਕੀਤਾ ਹੋਵੇਗਾ। ਜਦਕਿ ਦਿਵਿਆਂਗ ਵਿਅਕਤੀਆਂ ਵੱਲੋਂ ਸਥਾਨਕ ਪਿੰਗਲਵਾੜਾ ਵਿਖੇ ਵਿਸ਼ੇਸ਼ ਤੌਰ ’ਤੇ ਪੋਲਿੰਗ ਸਟੇਸ਼ਨ ਨੂੰ ਚਲਾਇਆ ਜਾਵੇਗਾ। ਜ਼ਿਲ੍ਹੇ ਵਿੱਚ 184 ਸੁਪਰਵਾਈਜ਼ਰ ਅਤੇ 1972 ਬੂਥ ਲੈਵਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਹਲਕਾ 04 ਜਲੰਧਰ ਦੀ ਉਪ ਚੋਣ ਅਤੇ ਆਦਰਸ਼ ਚੋਣ ਜ਼ਾਬਤੇ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਜਿਨ੍ਹਾਂ ਨਾਲ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਵੀ ਮੌਜੂਦ ਸਨ, ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 18 ਤੋਂ 19 ਸਾਲ ਉਮਰ ਵਰਗ ਦੇ 23649 ਵੋਟਰ ਹਨ ਅਤੇ ਜੇਕਰ 18 ਸਾਲ ਉਮਰ ਵਰਗ ਦਾ ਕੋਈ ਵੀ ਨੌਜਵਾਨ ਵੋਟ ਬਣਾਉਣ ਤੋਂ ਵਾਂਝਾ ਰਹਿ ਗਿਆ ਹੈ ਤਾਂ ਉਹ ਲੋੜੀਂਦੀ ਪ੍ਰਕਿਰਿਆ ਪੂਰੀ ਕਰਕੇ ਨਾਮਜ਼ਦਗੀਆਂ ਲਈ ਅੰਤਿਮ ਮਿਤੀ 20 ਅਪ੍ਰੈਲ ਤੱਕ ਆਪਣੀ ਵੋਟ ਬਣਵਾ ਸਕਦਾ ਹੈ। ਆਦਰਸ਼ ਚੋਣ ਜ਼ਾਬਤੇ ਦੀ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਸਾਰੀਆਂ ਸਿਆਸੀ ਪਾਰਟੀਆਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਬੈਂਕਾਂ ਅਤੇ ਪ੍ਰਿੰਟਰ ਪਬਲਿਸ਼ਰਾਂ ਨੂੰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ 9 ਵਿਧਾਨ ਸਭਾ ਹਲਕਿਆਂ ਵਿੱਚ 9-9 ਉਡਣ ਦਸਤੇ ਕਾਇਮ ਕੀਤੇ ਗਏ ਹਨ, ਜਿਨ੍ਹਾਂ ਵੱਲੋਂ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਨਿਗਰਾਨ ਟੀਮਾਂ ਵੱਲੋਂ ਕਾਰਵਾਈ ਸ਼ੁਰੂ : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਚੋਣਾਂ ਦੇ ਐਲਾਨ ਦੇ ਨਾਲ ਹੀ ਉਡਣ ਦਸਤਿਆਂ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। 13 ਅਪ੍ਰੈਲ ਨੂੰ ਨਾਮਜ਼ਦਗੀਆਂ ਦੀ ਸ਼ੁਰੂਆਤ ਨਾਲ ਖਰਚਾ ਅਤੇ ਹੋਰ ਨਿਗਰਾਨ ਟੀਮਾਂ ਵੱਲੋਂ ਵੀ ਆਪਣਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਦਾ ਕੁੱਲ ਚੋਣ ਖਰਚਾ 95 ਲੱਖ ਰੁਪਏ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਾਂ ਦੇ ਹੱਲ ਲਈ ਸੀ-ਵਿਜਿਲ ਐਪ ਤੋਂ ਇਲਾਵਾ 1950 ਹੈਲਪਲਾਈਨ ਅਤੇ ਸ਼ਿਕਾਇਤ ਨਿਵਾਰਣ ਸੈੱਲ ਸਥਾਪਤ ਕੀਤਾ ਗਿਆ ਹੈ। ਲਾਇਸੰਸੀ ਹਥਿਆਰ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ : ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਅਮਨ ਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਅਸਲਾ ਧਾਰਕਾਂ ਨੂੰ ਆਪੋ-ਆਪਣਾ ਅਸਲਾ ਤੁਰੰਤ ਨੇੜੇ ਦੇ ਪੁਲਿਸ ਥਾਣਿਆਂ ਜਾਂ ਅਸਲਾ ਡੀਲਰਾਂ ਪਾਸ ਜਮ੍ਹਾ ਕਰਵਾਉਣ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਮਿੱਥੇ ਸਮੇਂ ਤੱਕ ਅਸਲਾ ਜਮ੍ਹਾ ਨਾ ਕਰਵਾਉਣ ’ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਲਾਇਸੰਸ ਰੱਦ ਕਰ ਦਿੱਤੇ ਜਾਣਗੇ। ਚੋਣ ਪ੍ਰਕਿਰਿਆ ਦਾ ਵੇਰਵਾ: ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 13 ਅਪ੍ਰੈਲ ਨੂੰ ਨਾਮਜ਼ਦਗੀਆਂ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ, ਜੋ ਕਿ 20 ਅਪ੍ਰੈਲ ਤੱਕ ਜਾਰੀ ਰਹੇਗੀ। 21 ਅਪ੍ਰੈਲ ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਹੋਵੇਗੀ ਅਤੇ 24 ਅਪ੍ਰੈਲ ਨੂੰ ਨਾਮਜ਼ਦਗੀ ਵਾਪਸ ਲਈ ਜਾ ਸਕਦੀ ਹੈ। ਵੋਟਾਂ 10 ਮਈ ਨੂੰ ਪੈਣਗੀਆਂ ਅਤੇ ਗਿਣਤੀ 13 ਮਈ ਨੂੰ ਹੋਵੇਗੀ। ਇਸ ਦੌਰਾਨ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਕਿਹਾ ਕਿ ਲੋਕ ਸਭਾ ਹਲਕਾ ਜਲੰਧਰ ਦੀ ਉਪ ਚੋਣ ਨੂੰ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹਾਉਣ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋੜੀਂਦੀ ਫੋਰਸ ਤਾਇਨਾਤ ਕਰਨ ਦੇ ਨਾਲ-ਨਾਲ ਅੰਤਰ ਜ਼ਿਲ੍ਹਾ ਨਾਕਿਆਂ ਦੀ ਗਿਣਤੀ ਵੀ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਬੂਥਾਂ ਦੀ ਪਛਾਣ ਕਰਕੇ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਆਦਿ ਮੌਜੂਦ ਸਨ।