- ਕੈਬਨਿਟ ਮੰਤਰੀ ਜਿੰਪਾ ਨੇ 76 ਲਾਭਪਾਤਰੀਆਂ ਨੂੰ ਦਿੱਤੇ 29 ਲੱਖ 40 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈਕ
ਹੁਸ਼ਿਆਰਪੁਰ, 25 ਅਗਸਤ 2024 : ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਆਯੋਜਿਤ ਜ਼ਿਲ੍ਹਾ ਪੱਧਰੀ ਸਪਾਂਸਰਸ਼ਿਪ ਦਿਵਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ਿਰਕਤ ਕੀਤੀ। ਇਸ ਆਯੋਜਨ ਦਾ ਉਦੇਸ਼ ਮਿਸ਼ਨ ਵਾਤਸਲਿਆ ਯੋਜਨਾ ਤਹਿਤ 0 ਤੋਂ 18 ਸਾਲ ਤੱਕ ਦੇ ਬੇਸਹਾਰਾ ਅਤੇ ਜ਼ਰੂਰਤਮੰਦ ਬੱਚਿਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਸੀ। ਇਸ ਯੋਜਨਾ ਤਹਿਤ 76 ਲਾਭਪਾਤਰੀਆਂ ਨੂੰ ਪ੍ਰਤੀ ਮਹੀਨਾ 4000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ, ਜਿਸ ਲਈ ਕੁੱਲ 29 ਲੱਖ 40 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ। ਸਮਾਰੋਹ ਦਾ ਆਯੋਜਨ ਜ਼ਿਲ੍ਹਾ ਪ੍ਰੀਸ਼ਦ ਦੇ ਬੀ.ਆਰ.ਜੀ.ਐਫ ਹਾਲ ਵਿਚ ਕੀਤਾ ਗਿਆ, ਜਿਥੇ ਮੇਅਰ ਸੁਰਿੰਦਰ ਕੁਮਾਰ, ਐਸ.ਡੀ.ਐਮ. ਸੰਜੀਵ ਸ਼ਰਮਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਵੀ ਮੌਜੂਦ ਸਨ। ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲਾਭਪਾਤਰੀਆਂ ਨੂੰ ਚੈਕ ਵੰਡਦੇ ਹੋਏ ਮਾਤਾ-ਪਿਤਾ ਨੂੰ ਬੱਚਿਆਂ ਦੇ ਵਿੱਤੀ ਸਸ਼ਕਤੀਕਰਨ ਲਈ ਮਿਸ਼ਨ ਵਾਤਸਲਿਆ ਯੋਜਨਾ ਤਹਿਤ ਦਿੱਤੀ ਜਾ ਰਹੀ ਸਪਾਂਸਰਸ਼ਿਪ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਸ ਯੋਜਨਾ ਦੇ ਮਹੱਤਵ ’ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਹ ਯੋਜਨਾ ਉਨ੍ਹਾਂ ਬੱਚਿਆਂ ਲਈ ਵਰਦਾਨ ਹੈ, ਜਿਨ੍ਹਾਂ ਦੇ ਮਾਤਾ-ਪਿਤਾ ਆਰਥਿਕ ਜਾਂ ਸਰੀਰਕ ਤੌਰ ’ਤੇ ਸਮਰੱਥ ਨਹੀਂ ਹਨ। ਇਸ ਮੌਕੇ ਕੈਬਨਿਟ ਮੰਤਰੀ ਨੇ ਹਾਜ਼ਰ ਮਾਤਾ-ਪਿਤਾ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨਾਲ ਸੰਪਰਕ ਵਿਚ ਰਹਿਣ ਅਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਚਾਈਲਡ ਹੈਲਪਲਾਈਨ ਨੰਬਰ 1098 ਦੀ ਵੱਧ ਤੋਂ ਵੱਧ ਵਰਤੋਂ ਕਰਨ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਮਿਸ਼ਨ ਵਾਤਸਲਿਆ ਯੋਜਨਾ ਦਾ ਲਾਭ 0 ਤੋਂ 18 ਸਾਲ ਤੱਕ ਦੇ ਦੋ ਬੱਚਿਆਂ ਨੂੰ ਦਿੱਤਾ ਜਾ ਸਕਦਾ ਹੈ। ਇਹ ਯੋਜਨਾ ਵਿਸ਼ੇਸ਼ ਰੂਪ ਵਿਚ ਉਨ੍ਹਾਂ ਪਰਿਵਾਰਾਂ ਦੇ ਲਈ ਬਣਾਈ ਗਈ, ਜੋ ਸਰੀਰਕ ਜਾਂ ਆਰਥਿਕ ਮ਼ਸਕਲਾ ਕਾਰਨ ਆਪਣੇ ਬੱਚਿਆਂ ਦਾ ਪਾਲਣ-ਪੋਸ਼ਣ ਕਰਨ ਵਿਚ ਅਸਮਰੱਥ ਹਨ, ਜਿਵੇਂ ਕਿ ਸਿੰਗਲ ਮਾਪੇ, ਵਿਧਵਾ ਮਹਿਲਾਵਾਂ, ਗੰਭੀਰ ਬੀਮਾਰੀ ਤੋਂ ਪੀੜ੍ਹਤ ਮਾਤਾ-ਪਿਤਾ ਜਾਂ ਜਿਨ੍ਹਾਂ ਦੇ ਮਾਤਾ-ਪਿਤਾ ਜੇਲ੍ਹ ਵਿਚ ਹਨ। ਸਮਾਰੋਹ ਵਿਚ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦਿਆ ਰਾਣੀ, ਜਸਵਿੰਦਰ ਕੌਰ, ਰਵਿੰਦਰ ਕੌਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।