ਹੁਸ਼ਿਆਰਪੁਰ, 2 ਜਨਵਰੀ 2025 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਡਿਜੀਟਲ ਲਾਇਬ੍ਰੇਰੀ ਹੁਸ਼ਿਆਰਪੁਰ ਦੇ ਦੌਰੇ ਦੌਰਾਨ ਕਿਹਾ ਕਿ ਜਲਦ ਹੀ ਲਾਇਬ੍ਰੇਰੀ ਵਿਚ ਲਾਜੀਕਲ ਰੀਜ਼ਨਿਲ ਅਤੇ ਮੈਂਟਲ ਅਬਿਲਟੀ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ। ਇਹ ਕਲਾਸਾਂ ਰਾਸ਼ਟਰੀ ਅਤੇ ਸੂਬਾ ਪੱਧਰੀ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਬੇਹੱਦ ਲਾਭਦਾਇਕ ਹੋਣਗੀਆਂ। ਉਨ੍ਹਾਂ ਦੱਸਿਆ ਕਿ ਡਿਜੀਟਲ ਲਾਇਬ੍ਰੇਰੀ ਦੇ ਮੈਂਬਰ ਵਿਦਿਆਰਥੀਆਂ ਲਈ ਇਹ ਕੋਰਸ ਪੂਰੀ ਤਰ੍ਹਾਂ ਮੁਫ਼ਤ ਹੋਵੇਗਾ। ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਡਿਜੀਟਲ ਲਾਇਬ੍ਰੇਰੀ ਦਾ ਮੈਂਬਰ ਬਣਨ ਲਈ ਉਤਸ਼ਾਹਿਤ ਕੀਤਾ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਇਸ ਸੁਵਿਧਾ ਦਾ ਲਾਭ ਲੈ ਸਕਣ। ਉਨ੍ਹਾਂ ਦੱਸਿਆ ਕਿ ਇਹ ਕਲਾਸਾਂ ਹਫਤੇ ਵਿਚ ਤਿੰਨ ਦਿਨ ਹੋਣਗੀਆਂ ਅਤੇ ਉਨ੍ਹਾਂ ਦਾ ਸਮਾਂ ਵਿਦਿਆਰਥੀਆਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਨਿਸ਼ਚਿਤ ਕੀਤਾ ਜਾਵੇਗਾ। ਡਿਜੀਟਲ ਲਾਇਬ੍ਰੇਰੀ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਚੰਗਾ ਪਲੇਟਫਾਰਮ ਦੱਸਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦਿਆਰਥੀਆਂ ਲਈ ਹਾਈ ਸਪੀਡ ਕੰਪਿਊਟਰ, ਵਾਈਫਾਈ, ਪੜ੍ਹਨ ਲਈ ਸ਼ਾਂਤ ਅਤੇ ਅਨੁਕੂਲ ਵਾਤਾਵਰਣ ਉਪਲਬਧ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਿਜੀਟਲ ਲਾਇਬ੍ਰੇਰੀ ਨੌਜਵਾਨਾਂ ਦੇ ਭਵਿੱਖ ਨੂੰ ਸੰਵਾਰਨ ਲਈ ਇਕ ਪ੍ਰਭਾਵਸ਼ਾਲੀ ਕੇਂਦਰ ਵਜੋਂ ਕੰਮ ਕਰ ਰਹੀ ਹੈ। ਇਥੇ ਸਮੇਂ-ਸਮੇਂ ਸਿਰ ਵਿਦਿਆਰਥੀਆਂ ਲਈ ਮਾਰਗਦਰਸ਼ਨ ਲਈ ਵਿਸ਼ੇਸ਼ ਸੈਸ਼ਨ ਵੀ ਕਰਵਾਏ ਜਾਣਗੇ ।ਇਸ ਮੌਕੇ ਐਸ.ਡੀ.ਐਮ. ਟਾਂਡਾ ਪੰਕਜ ਕੁਮਾਰ, ਸਕੱਤਰ ਰੈਡ ਕਰਾਸ ਸੋਸਾਇਟੀ ਮੰਗੇਸ਼ ਸੂਦ ਅਤੇ ਲਾਇਬ੍ਰੇਰੀਅਨ ਵਿਜੇ ਕੁਮਾਰ, ਕਾਵਿਆ ਬਾਂਸਲ ਵੀ ਮੌਜੂਦ ਸਨ।