ਹੁਸ਼ਿਆਰਪੁਰ, 9 ਫਰਵਰੀ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਨਗਰ ਨਿਗਮ ਵੱਲੋਂ ਜੰਗੀ ਪੱਧਰ ’ਤੇ ਕੰਮ ਜਾਰੀ ਹਨ। ਉਹ ਅੱਜ ਵਾਰਡ ਨੰਬਰ 5 ਹਰੀ ਨਗਰ ਵਿਖੇ 4.32 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਉਣ ਦੌਰਾਨ ਮੁਹੱਲਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾ ਰਹੀ ਹੈ ਅਤੇ ਲੋਕਾਂ ਦੀ ਹਰੇਕ ਛੋਟੀ-ਵੱਡੀ ਜ਼ਰੂਰਤ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੂੰ ਸੁਵਿਧਾਵਾਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਵਿਕਾਸ ਸਬੰਧੀ ਖਾਕਾ ਤਿਆਰ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਸ਼ਹਿਰ ਦੇ ਰਹਿੰਦੇ ਵਿਕਾਸ ਕਾਰਜ ਵੀ ਜਲਦ ਮੁਕੰਮਲ ਕਰਵਾ ਦਿੱਤੇ ਜਾਣਗੇ।