ਜਲੰਧਰ, 28 ਜੂਨ : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਬੁੱਧਵਾਰ ਨੂੰ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਸੋਰਸ ਪੱਧਰ 'ਤੇ ਠੋਸ ਕੂੜੇ ਦੀ ਸੌ ਫੀਸਦੀ ਵੰਡ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਜ਼ਿਲ੍ਹੇ ਵਿੱਚ ਠੋਸ ਰਹਿੰਦ-ਖੂਹੰਦ ਦੀ ਢੁੱਕਵੀਂ ਰੀਸਾਈਕਲਿੰਗ ਨੂੰ ਯਕੀਨੀ ਬਣਾਇਆ ਜਾ ਸਕੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਣ ਯੋਜਨਾ ਦੀ ਪ੍ਰਗਤੀ ਬਾਰੇ ਵਿਚਾਰਾਂ ਕਰਨ ਲਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਮੁੱਚੀ ਠੋਸ ਰਹਿੰਦ-ਖੂਹੰਦ ਨੂੰ ਘਰੇਲੂ ਪੱਧਰ 'ਤੇ ਵੱਖ-ਵੱਖ ਕੀਤਾ ਜਾਵੇ ਤਾਂ ਜੋ ਇਸ ਦਾ ਨਿਪਟਾਰਾ/ਰੀਸਾਈਕਲਿੰਗ ਸੁਚਾਰੂ ਢੰਗ ਨਾਲ ਕੀਤੀ ਜਾ ਸਕੇ। ਇਸੇ ਤਰ੍ਹਾਂ ਉਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਕੰਪੋਸਟ ਪਿਟਸ ਦੀ ਕਾਰਜਪ੍ਰਣਾਲੀ ਦਾ ਵਿਅਕਤੀਗਤ ਤੌਰ 'ਤੇ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਕਿਉਂਕਿ ਇਹ ਪਿਟਸ ਠੋਸ ਰਹਿੰਦ-ਖੂਹੰਦ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਸ਼੍ਰੀ ਸਾਰੰਗਲ ਨੇ ਜਲੰਧਰ ਵਿੱਚ ਚਲਾਈਆਂ ਜਾ ਰਹੀਆਂ ਵੱਖ-ਵੱਖ ਵਾਤਾਵਰਣ ਪੱਖੀ ਸਕੀਮਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਸਾਰੇ ਚੱਲ ਰਹੇ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।