ਸੁਲਤਾਨਪੁਰ ਲੋਧੀ, 14 ਜਨਵਰੀ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਨਿਰਮਲ ਕੁਟੀਆ ਸੀਚੇਵਾਲ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਿਰਮਲ ਕੁਟੀਆ ਤੋਂ ਸ਼ੁਰੂ ਹੋ ਕੇ ਇਹ ਨਗਰ ਕੀਰਤਨ ਪਿੰਡ ਸੀਚੇਵਾਲ ਦੀ ਪਰਿਕਰਮਾ ਕਰਕੇ ਪਿੰਡ ਚੱਕ ਚੇਲਾ, ਨਿਹਾਲੂਵਾਲ, ਮੁਰੀਦਵਾਲ, ਕਾਸੂਪੁਰ, ਰੂਪੇਵਾਲ, ਰੂਪੇਵਾਲ ਅੱਡਾ, ਮਹਿੰਮੂਵਾਲ, ਯੂਸਫਪੁਰ, ਅਤੇ ਮਾਲੂਪੁਰ ਤੋਂ ਹੁੰਦਾ ਹੋਇਆ ਮੁੜ ਨਿਰਮਲ ਕੁਟੀਆ ਵਿਖੇ ਪਹੁੰਚ ਕੇ ਸੰਪਨ ਹੋਇਆ। ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਨੇ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ, ਯੂਥ ਕਲੱਬਾਂ ਅਤੇ ਨਗਰ ਨਿਵਾਸੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਭੇਂਟ ਕੀਤੇ ਅਤੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਵਾਤਾਵਰਣ ਪੇ੍ਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਿੱਥੇ ਸੰਗਤਾਂ ਨੂੰ ਮਾਘੀ ਦੇ ਇਤਿਹਾਸਕ ਪਿਛੋੜਕ ਤੋਂ ਜਾਣੂ ਕਰਵਾਇਆ ਉਥੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਗੁਰੂ ਸਾਹਿਬ ਵੱਲੋਂ ਦਿੱਤੇ ਕੁਦਰਤ ਪੱਖੀ ਜੀਵਨ ਜਾਚ ਦੇ ਮੱਦੇਨਜ਼ਰ ਜ਼ਹਿਰਾਂ ਮੁਕਤ ਖੇਤੀ ਕਰਨ ਨੂੰ ਤਰਜ਼ੀਹ ਦੇਣ। ਉਨ੍ਹਾਂ ਕਿਹਾ ਕਿ ਅੱਜ ਕੁਦਰਤ ਪੱਖੀ ਤੇ ਸਾਂਝੀ ਖੇਤੀ ਕਰਨ ਦੀ ਸਖਤ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਭ ਤੋਂ ਵੱਧ ਕੀਟਨਾਸ਼ਕ ਤੇ ਰਸਾਇਣਕ ਖਾਦਾਂ ਵਰਤੀਆਂ ਜਾ ਰਹੀਆਂ ਹਨ। ਇਸੇ ਕਰਕੇ ਲੋਕਾਈ ਵੱਡੀ ਪੱਧਰ ‘ਤੇ ਕੈਂਸਰ ਤੇ ਹੋਰ ਭਿਆਨਕ ਬੀਮਾਰੀਆਂ ਦੀ ਚਪੇਟ ਵਿੱਚ ਆਈ ਹੋਈ ਹੈ। ਪੰਜਾਬੀਆਂ ਦੀ ਸਿਹਤ ਤੰਦਰੁਸਤ ਰਹੇ ਇਸ ਲਈ ਕੁਦਰਤ ਪੱਖੀ ਖੇਤੀ ਦੀ ਸਖਤ ਲੋੜ ਹੈ ਤੇ ਸਾਡੇ ਨਦੀਆ ਦਰਿਆ ਪ੍ਰਦੂਸ਼ਣ ਤੋਂ ਮੁਕਤ ਹੋਣੇ ਚਾਹੀਦੇ ਹਨ। ਦੇਸ਼ ਭਰ ਦੇ ਕਿਸਾਨ ਫਸਲਾਂ ਦਾ ਘੱਟੋ-ਘੱਟ ਸਮੱਰਥਨ ਮੁੱਲ ਲੈਣ ਲੜਾਈ ਲੜ ਰਹੇ ਹਨ ਅਤੇ ਇਸੇ ਇੰਤਜ਼ਾਰ ਵਿੱਚ ਹੀ ਕਈ ਪੀੜ੍ਹੀਆਂ ਇਸ ਸੰਘਰਸ਼ ਦੇ ਲੇਖੇ ਲੱਗ ਗਈਆ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨਾਂ ਨੂੰ ਕਦੋਂ ਫਸਲਾਂ ਦੇ ਲਾਹੇਵੰਦ ਭਾਅ ਮਿਲਣਗੇ? ਇਹ ਇੱਕ ਵੱਡਾ ਤੇ ਗੰਭੀਰ ਸਵਾਲ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਅਸੀ ਗੁਰੂ ਸਾਹਿਬਾਨ ਦੇ ਧਰਤੀ, ਹਵਾ ਅਤੇ ਪਾਣੀ ਨੂੰ ਬਚਾਉਣ ਵਾਲੇ ਸਾਰੇ ਉਪਦੇਸ਼ ਵਿਸਾਰ ਦਿੱਤੇ ਹਨ, ਉਦੋਂ ਤੋਂ ਵੱਡੇ ਸੰਕਟ ਖੜੇ ਹੋਣ ਲੱਗ ਪਏ ਹਨ। ਇਸ ਤੋਂ ਪਹਿਲਾਂ ਨਿਰਮਲ ਕੁਟੀਆ ਵਿਖੇ ਧਾਰਮਿਕ ਦੀਵਾਨ ਸਜਾਇਆ ਗਿਆ ਜਿਸ ਵਿੱਚ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਇਲਾਵਾ ਵੱਖ-ਵੱਖ ਕੀਰਤਨੀ ਅਤੇ ਰਾਗੀ ਜੱਥਿਆਂ ਵੱਲੋਂ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।