ਜਨਤਕ ਹਿੱਤ ’ਚ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨ ਅਧਿਕਾਰੀ : ਬ੍ਰਮ ਸ਼ੰਕਰ ਜਿੰਪਾ

  • ਕੈਬਨਿਟ ਮੰਤਰੀ ਨੇ ਜਨਤਾ ਦਰਬਾਰ ’ਚ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 5 ਅਗਸਤ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਖੇ ਲੋਕਾਂ ਦੀਆਂ ਸ਼ਿਕਾੲਤਾਂ ਸੁਣਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਬਿਨਾ ਦੇਰੀ ਨਿਪਟਾਰਾ ਯਕੀਨੀ ਬਣਾਇਆ ਜਾਵੇ। ਕੈਬਨਿਟ ਮੰਤਰੀ ਨੇ ਅੱਜ 300 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਅਤੇ ਮੌਕੇ ’ਤੇ ਸਬੰਧਤ ਅਧਿਕਾਰੀਆਂ ਨੂੰ ਫੋਨ ਰਾਹੀਂ ਨਿਰਦੇਸ਼ ਦਿੱਤੇ। ਉਨ੍ਹਾਂ ਆਪਣੇ ਵਿਭਾਗ ਅਤੇ ਹੋਰ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਜਨਤਕ ਹਿੱਤ ਵਿਚ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੇ ਲਈ ਕਿਹਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੂਰੀ ਕੈਬਨਿਟ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਹੈ ਕਿ ਪੰਜਾਬ ਦੀ ਤਰੱਕੀ ਲਈ ਕੋਈ ਕਮੀ ਨਾ ਛੱਡੀ ਜਾਵੇ ਅਤੇ ਮਿਲਕੇ ਪੰਜਾਬ ਨੂੰ ਇਕ ਖੁਸ਼ਹਾਲ ਸੂਬੇ ਵਜੋਂ ਸਥਾਪਿਤ ਕਰੀਏ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਜਾਇਜ਼ਾ ਸਮੱਸਿਆਵਾਂ ਦਾ ਨਿਸ਼ਚਿਤ ਸਮੇਂ ਵਿਚ ਹੱਲ ਕਰਨ ਨੂੰ ਪਹਿਲ ਦੇ ਰਹੀ ਹੈ। ਇਸ ਮੌਕੇ ਸਿਹਤ, ਮਾਲ, ਪੁਲਿਸ, ਸਿੱਖਿਆ, ਜਲ ਸਪਲਾਈ ਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਸਮਾਜਿਕ ਨਿਆ ਅਤੇ ਅਧਿਕਾਰਤਾ, ਖਾਦ ਤੇ ਸਿਵਲ ਸਪਲਾਈਜ਼, ਡਰੇਨੇਜ਼, ਮਾਈਨਿੰਗ, ਖੇਤੀ, ਟਰਾਂਸਪੋਰਟ, ਸਹਿਕਾਰੀ, ਨਗਰ ਨਿਗਮ, ਡੇਅਰੀ ਵਿਕਾਸ, ਬਿਜਲੀ ਵਿਭਾਗ ਆਦਿ ਨਾਲ ਸਬੰਧਤ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਦੀ ਹਰ ਸਮੱਸਿਆ ਨੂੰ ਨਿਸ਼ਚਿਤ ਸਮੇਂ ਵਿਚ ਦੂਰ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ।