ਕਪੂਰਥਲਾ 18 ਜੁਲਾਈ : ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਦੀਆਂ ਹਦਾਇਤਾਂ ਅਨੁਸਾਰ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਪ੍ਰੀਤ ਕੌਰ ਸੰਧੂ ਵਲੋਂ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਬੈਠਕ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਜਿਨ੍ਹਾਂ ਖੇਤਰਾਂ ਵਿਚ ਹੜ੍ਹ ਦੇ ਕਾਰਨ ਖਰਾਬ ਹੋਈਆਂ ਪਾਣੀ ਦੀਆਂ ਪਾਈਪਾਂ ਨਾਲ ਪੀਣ ਵਾਲਾ ਸਾਫ ਪਾਣੀ ਨਹੀਂ ਪੁੱਜ ਸਕਦਾ,ਉਥੇ ਲੋੜੀਂਦੀ ਮਾਤਰਾ ਵਿਚ ਸਾਫ਼ ਪੀਣ ਵਾਲੇ ਪਾਣੀ ਦੇ ਟੈਂਕਰ ਭੇਜੇ ਜਾਣ। ਉਨ੍ਹਾਂ ਜਲ ਸਪਲਾਈ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਖਰਾਬ ਹੋ ਚੁੱਕੀਆਂ ਹਨ ਤਾਂ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਨਵੀਆਂ ਪਾਈਪਾਂ ਪਾ ਕੇ ਮੁੜ ਚਲਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿੱਥੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਪਾਣੀ ਵਾਲੀਆਂ ਮੋਟਰਾਂ ਨਹੀਂ ਚੱਲ ਰਹੀਆਂ ਉੱਥੇ ਬਿਜਲੀ ਬਹਾਲ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਪਾਣੀ ਦੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਮੁਹਿੰਮ ਦੀ ਜਲ ਸਪਲਾਈ ਵਿਭਾਗ ਦੇ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਤਾਂ ਜੋ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਨੂੰ ਮੁੜ ਤੋਂ ਬਹਾਲ ਕੀਤਾ ਜਾ ਸਕੇ। ਇਸ ਮੌਕੇ ਸਿਵਲ ਸਰਜਨ ਕਪੂਰਥਲਾ,ਕਾਰਜਕਾਰੀ ਇੰਜੀਨੀਅਰ ਸੈਨੀਟੇਸ਼ਨ ਤੇ ਵਾਟਰ ਸਪਲਾਈ,ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ,ਕਾਰਜ ਸਾਧਕ ਅਫਸਰ ਨਗਰ ਕੌਂਸਲ ਸੁਲਤਾਨਪੁਰ ਲੋਧੀ,ਕਾਰਜ ਸਾਧਕ ਅਫਸਰ ਨਗਰ ਪੰਚਾਇਤ ਢਿਲਵਾਂ,ਬੇਗੋਵਾਲ,ਨਡਾਲਾ ਅਤੇ ਭੁਲੱਥ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ। ਫੋਟੋ ਕੈਪਸ਼ਨ- ਹੜ ਪ੍ਰਭਾਵਿਤ ਖੇਤਰਾਂ ਵਿਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਸਬੰਧੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਪ੍ਰੀਤ ਕੌਰ ਸੰਧੂ।