ਬੰਗਾ, 11 ਅਕਤੂਬਰ : ਪੱਲੀ ਉੱਚੀ ਅਤੇ ਪੱਲੀ ਝਿੱਕੀ ਪਿੰਡਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕਿਸਾਨ ਸਿਖਲਾਈ ਕੈਂਪ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਕਾਸ ਅਫ਼ਸਰ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਮਾਨਯੋਗ ਨੈਸ਼ਨਲ ਗਰੀਨ ਟਰਬਿਊਨਲ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ‘ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ, ਮਿੱਟੀ ਵਿਚਲੇ ਬਹੁਤ ਸਾਰੇ ਕੀਮਤੀ ਤੱਤ ਨਸ਼ਟ ਹੋ ਜਾਂਦੇ ਹਨ। ਝੋਨੇ ਦੀ ਪਰਾਲੀ ਸਾੜਨ ਨਾਲ ਲਾਹੇਵੰਦ ਜੀਵ-ਜੰਤੂਆਂ ‘ਤੇ ਮਾੜਾ ਅਸਰ ਪੈਂਦਾ ਹੈ। ਪਰਾਲੀ ਸਾੜਨ ਨਾਲ ਉਸ ਵਿਚੋਂ ਜ਼ਹਿਰੀਲੀਆਂ ਗੈਸਾਂ ਨਿਕਲਦੀਆਂ ਹਨ, ਜਿਨ੍ਹਾਂ ਦਾ ਮਨੁੱਖੀ ਸਿਹਤ ‘ਤੇ ਵੀ ਬਹੁਤ ਮਾੜਾ ਅਸਰ ਪੈਂਦਾ ਹੈ ਇਸ ਤੋਂ ਇਲਾਵਾ ਵਾਤਾਵਰਣ ਵਿੱਚ ਤਾਪਮਾਨ ਦਾ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਪਰਾਲੀ ਨੂੰ ਅੱਗ ਲਗਾਉਣ ਨਾਲ ਬਹੁਤ ਹਾਨੀਕਾਰਕ ਗੈਸਾਂ ਪੈਦਾ ਹੁੰਦੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਤੋਂ ਬਿਨਾਂ ਖੇਤਾਂ ਵਿੱਚ ਵਾਹਿਆ ਜਾਵੇ ਤਾਂ ਪ੍ਰਤੀ ਟਨ ਪਰਾਲੀ ਖੇਤ ਵਿੱਚ ਮਿਲਾਉਣ ਨਾਲ ਪੰਜ ਕਿੱਲੋ ਨਾਈਟ੍ਰੋਜਨ, 2.3 ਕਿਲੋ ਫਾਸਫੋਰਸ, 2.5 ਕਿਲੋ ਪਟਾਸ਼ੀਅਮ ਅਤੇ 400 ਕਿਲੋਮੀਟਰ ਆਰਗੈਨਿਕ ਮੈਟਰ ਨਸ਼ਟ ਹੁੰਦੇ ਹਨ। ਡਾਕਟਰ ਕੁਲਦੀਪ ਸਿੰਘ ਨੇ ਝੋਨੇ, ਬਾਸਮਤੀ ਅਤੇ ਗੰਨੇ ਦੀ ਫ਼ਸਲ ਦੀਆਂ ਬਿਮਾਰੀਆਂ ਅਤੇ ਕੀੜੇ ਮਕੌੜਿਆਂ ਬਾਰੇ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਾਸਮਤੀ ਦੀ ਫ਼ਸਲ ‘ਤੇ ਦਸ ਕੀਟਨਾਸ਼ਕਾਂ ਦੀ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਣਕ ਦੀ ਬਜਾਈ ਕਰਨ ਤੋਂ ਪਹਿਲਾਂ ਬੀਜ ਨੂੰ ਸੋਧ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਕਣਕ ਬੀਜ ਪ੍ਰਾਪਤ ਕਰਨ ਲਈ ਪੋਰਟਲ ‘ਤੇ ਅਪਲਾਈ ਕਰ ਸਕਦੇਹਨ। ਉਨ੍ਹਾਂ ਨੇ ਦੱਸਿਆ ਕਿ ਖਾਦ, ਬੀਜ ਤੇ ਦਵਾਈਆਂ ਖਰੀਦਣ ਸਮੇਂ ਬਿੱਲ ਜ਼ਰੂਰ ਲੈਣ। ਖੇਤੀਬਾੜੀ ਵਿਸਥਾਰ ਅਫਸਰ ਅੰਮ੍ਰਿਤਪਾਲ ਕੌਰ ਨੇ ਕਿਸਾਨਾਂ ਨੂੰ ਖੇਤੀ ਮਸ਼ੀਨਾਂ ਦੀ ਸੁਚੱਜੀ ਵਰਤੋਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡੀ.ਪੀ.ਡੀ ਆਤਮਾ ਮੈਡਮ ਪਰਮਵੀਰ ਕੌਰ ਨੇ ਕਿਸਾਨਾਂ ਨੂੰ ਮਿੱਟੀ ਪਰਖ ਕਰਨ ਦੀ ਮਹੱਤਤਾ ਅਤੇ ਸੰਤੁਲਿਤ ਖਾਦਾਂ ਪਾਉਣ ਵਾਰੇ ਆਪਣੇ ਵਿਚਾਰ ਸਾਂਝੇ ਕੀਤੇ। ਡੀ.ਪੀ.ਡੀ ਆਤਮਾ ਮੈਡਮ ਨੀਨਾ ਕਵਰ ਨੇ ਕਿਸਾਨਾਂ ਨੂੰ ਆਤਮਾ ਸਕੀਮ ਵਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਘਰੇਲੂ ਬਗੀਚੀ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ‘ਤੇ ਉਪ ਨਿਰੀਖਕ ਖੇਤੀਬਾੜੀ ਸਰਬਜੀਤ ਸਿੰਘ, ਕੁਲਜਿੰਦਰ ਕੁਮਾਰ, ਰਾਮ ਲੁਭਾਇਆ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵੱਲੋਂ ਭਾਗ ਲਿਆ ਗਿਆ।