ਹੁਸ਼ਿਆਰਪੁਰ, 06 ਮਾਰਚ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਲੋਕਾਂ ਤੱਕ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਪਿੰਡ ਤੱਕ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਹ ਪਿੰਡ ਅੱਜੋਵਾਲ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਟਿਊਬਵੈਲ ਨੂੰ ਲੋਕ ਅਰਪਣ ਕਰਨ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਟਿਊਬਵੈਲ ਦੀ ਮੰਗ ਸੀ, ਜਿਸ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਟਿਊਬਵੈਲ ਲੱਗਣ ਨਾਲ ਪਿੰਡ ਦੀ 5000 ਦੀ ਆਬਾਦੀ ਨੂੰ ਲਾਭ ਮਿਲੇਗਾ। ਇਸ ਦੌਰਾਨ ਉਨ੍ਹਾਂ ਪਿੰਡ ਦੀ ਪੰਚਾਇਤ ਦੀ ਮੰਗ ’ਤੇ ਸਟੇਡੀਅਮ, ਕਮਿਊਨਿਟੀ ਹਾਲ ਅਤੇ ਸੀਵਰੇਜ ਲਈ 10-10 ਲੱਖ ਰੁਪਏ (30 ਲੱਖ ਰੁਪਏ) ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਵਿਚ ਵਿਕਾਸ ਦੇ ਲਿਹਾਜ਼ ਤੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਚਾਇਤ ਦੀ ਮੰਗ ਅਨੁਸਾਰ ਪਿੰਡ ਵਿਚ ਆਉਣ ਵਾਲੇ ਸਮੇਂ ’ਚ ਵਿਕਾਸ ਦੇ ਹੋਰ ਕੰਮ ਵੀ ਕਰਵਾਏ ਜਾਣਗੇ।