- ਕੈਬਨਿਟ ਮੰਤਰੀ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਦੀ ਮੌਜੂਦਗੀ ’ਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ
- ਪਿੰਡ ਛਾਉਣੀ ਕਲਾਂ, ਬਸੀ ਗੁਲਾਮ ਹੁਸੈਨ ਤੇ ਬਜਵਾੜਾ ’ਚ ਗਿੱਲੇ-ਸੁੱਕੇ ਕੂੜੇ ਦੇ ਪ੍ਰਬੰਧਨ, ਛੱਪੜ ਦੇ ਨਿਰਮਾਣ ਕਾਰਜ ਅਤੇ ਸੀਵਰੇਜ਼ ਸਕੀਮ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 5 ਅਗਸਤ : ਜਲ ਸਪਲਾਈ ਤੇ ਸੈਨੀਟੇਸ਼ਨ, ਮਾਲ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿਚ ਥਾਪਰ ਮਾਡਲ ’ਤੇ ਆਧਾਰਤ ਬਣ ਰਹੇ ਛੱਪੜਾਂ ਦੇ ਨਵੀਨੀਕਰਨ ਦੇ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਪੰਚਾਇਤੀ ਰਾਜ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਛੱਪੜਾਂ ਦੇ ਨਵੀਨੀਕਰਨ ਤੇ ਖੇਡ ਮੈਦਾਨ ਤਿਆਰ ਕਰਨ ਦੇ ਕੰਮਾਂ ਨੂੰ ਤੈਅ ਸਮੇਂ ਵਿਚ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਿਰਮਾਣ ਕਾਰਜਾਂ ਦੀ ਗੁਣਵੱਤਾ ਵਿਚ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਉਨ੍ਹਾਂ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਅਧੀਨ ਗ੍ਰਾਮੀਣ ਜਲ ਸਪਲਾਈ ਸਕੀਮਾਂ, ਠੋਸ ਕੂੜਾ ਪ੍ਰਬੰਧਨ, ਤਰਲ ਕੂੜਾ ਪ੍ਰਬੰਧਨ, ਪਲਾਸਟਿਕ ਵੇਸਟ ਮੈਨੇਜਮੈਂਟ, ਸਾਂਝੇ ਪਖਾਨੇ, ਛੱਪੜਾਂ ਦੇ ਨਵੀਨੀਕਰਨ, ਪਿੰਡਾਂ ਵਿਚ ਪਾਰਕਾਂ ਸਮੇਤ ਖੇਡ ਮੈਦਾਨਾਂ ਦੇ ਕੰਮਾਂ ਦੀ ਵੀ ਸਮੀਖਿਆ ਕੀਤੀ। ਇਸ ਉਪਰੰਤ ਉਨ੍ਹਾਂ ਨੇ ਪਿੰਡ ਛਾਉਣੀ ਕਲਾਂ ਵਿਖੇ ਗਿੱਲੇ-ਸੁੱਕੇ ਕੂੜੇ ਦੇ ਪ੍ਰਬੰਧਨ, ਪਿੰਡ ਬਸੀ ਗੁਲਾਮ ਹੁਸੈਨ ਵਿਖੇ ਛੱਪੜ ਦੇ ਨਿਰਮਾਣ ਕਾਰਜ ਅਤੇ ਪਿੰਡ ਬਜਵਾੜਾ ਵਿਚ ਪਾਏ ਜਾਣ ਵਾਲੇ ਸੀਵਰੇਜ਼ ਯੋਜਨਾ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਸਤੰਬਰ ਦੇ ਪਹਿਲੇ ਹਫ਼ਤੇ ਜ਼ਿਲ੍ਹਾ ਪੱਧਰ 'ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਪੰਚਾਇਤੀ ਰਾਜ ਦੇ ਅਧਿਕਾਰੀਆਂ ਦੀ ਮੀਟਿੰਗ ਕੀਤੀ ਜਾਵੇਗੀ। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਛੱਪੜਾਂ ਦੇ ਨਵੀਨੀਕਰਨ, ਖੇਡ ਮੈਦਾਨਾਂ ਅਤੇ ਜਲ ਸਪਲਾਈ ਤੇ ਸੀਵਰੇਜ਼ ਦੇ ਕੰਮਾਂ ਵਿਚ ਹੋਰ ਤੇਜ਼ੀ ਲਿਆ ਕੇ ਇਸ ਨੂੰ ਜਲਦ ਪੂਰਾ ਕਰਨ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵੀ ਵਿਸ਼ਵਾਸ ਦਿਵਾਇਆ ਕਿ ਨਿਰਮਾਣ ਕਾਰਜਾਂ ਵਿਚ ਤੇਜ਼ੀ ਲਿਆਉਣ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਨਿਸ਼ਚਿਤ ਸਮੇਂ ਵਿਚ ਸਾਰੇ ਵਿਕਾਸ ਕਾਰਜ ਮੁਕੰਮਲ ਕੀਤੇ ਜਾਣਗੇ। ਇਸ ਮੌਕੇ ਆਈ.ਏ ਟਰੇਨੀ ਦਿਵਿਆ.ਪੀ., ਮੁੱਖ ਇੰਜੀਨੀਅਰ ਜਸਵਿੰਦਰ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਗ੍ਰਾਮੀਣ ਵਿਕਾਸ) ਬਲਰਾਜ ਸਿੰਘ, ਨਿਗਰਾਨ ਇੰਜੀਨੀਅਰ ਵਿਜੇ ਕੁਮਾਰ, ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ ਸਿਰਮਨਜੀਤ ਸਿੰਘ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।