- ਕੈਬਨਿਟ ਮੰਤਰੀ ਨੇ ਜ਼ਿਲ੍ਹੇ ਵਿਚ ਨਿਯੁਕਤ ਹੋਏ 30 ਹਾਊਸ ਸਰਜਨਾਂ ਨੂੰ ਸੌਂਪੇ ਨਿਯੁਕਤੀ ਪੱਤਰ
- ਨਵੇਂ ਨਿਯੁਕਤ ਹਾਊਸ ਸਰਜਨਾਂ ਵਿਚੋਂ 12 ਸਿਵਲ ਹਸਪਤਾਲ ਹੁਸ਼ਿਆਰਪੁਰ, 8 ਸਿਵਲ ਹਸਪਤਾਲ ਦਸੂਹਾ, 6 ਸਿਵਲ ਹਸਪਤਾਲ ਮੁਕੇਰੀਆਂ ਅਤੇ 4 ਸਿਵਲ ਹਸਪਤਾਲ ਗੜ੍ਹਸ਼ੰਕਰ ਵਿਚ ਦੇਣਗੇ ਸੇਵਾਵਾਂ
ਹੁਸ਼ਿਆਰਪੁਰ, 8 ਜੁਲਾਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਉਪਲਬੱਧ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ ਦੀ ਕਮੀ ਨੂੰ ਪੂਰਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸੂਬੇ ਵਿਚ 537 ਹਾਊਸ ਸਰਜਨਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿਚ ਨਿਯੁਕਤ ਕੀਤਾ ਗਿਆ ਹੈ। ਉਹ ਅੱਜ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਚ ਜ਼ਿਲ੍ਹੇ ਵਿਚ ਨਵੇਂ ਨਿਯੁਕਤ ਕੀਤੇ ਗਏ 30 ਹਾਊਸ ਸਰਜਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਸਤਵੰਤ ਸਿੰਘ ਸਿਆਣ, ਸਿਵਲ ਸਰਜਨ ਬਲਵਿੰਦਰ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ, ਐਸ.ਐਮ.ਓ ਸਿਵਲ ਹਸਪਤਾਲ ਡਾ. ਸਵਾਤੀ ਸ਼ੀਂਮਾਰ, ਡਾ. ਹਰਬੰਸ ਕੌਰ, ਡਾ. ਮਨਮੋਹਨ ਸਿੰਘ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਦੇਣ ਦੇ ਉਦੇਸ਼ ਦੀ ਪੂਰਤੀ ਲਈ ਸੂਬੇ ਵਿਚ ਜਿਥੇ ਆਮ ਆਦਮੀ ਕਲੀਨਿਕਾਂ ਨੂੰ ਖੋਲ੍ਹਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਉਥੇ ਡਾਕਟਰਾਂ ਦੀਆਂ ਨਿਯੁਕਤੀਆਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ 35 ਡਾਕਟਰਾਂ ਦੀ ਨਿਯੁਕਤੀ ਕੀਤੀ ਜਾਣੀ ਹੈ, ਜਿਸ ਵਿਚੋਂ 30 ਨੂੰ ਅੱਜ ਨਿਯੁਕਤੀ ਪੱਤਰ ਸੌਂਪੇ ਦਿੱਤੇ ਗਏ ਹਨ ਅਤੇ ਹੋਰ ਡਾਕਟਰਾਂ ਨੂੰ ਵੀ ਜਲਦ ਨਿਯੁਕਤੀ ਪੱਤਰ ਸੌਂਪ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਨਵੇਂ ਨਿਯੁਕਤ ਕੀਤੇ ਗਏ ਹਾਊਸ ਸਰਜਨਾਂ ਵਿਚ 12 ਸਿਵਲ ਹਸਪਤਾਲ ਹੁਸ਼ਿਆਰਪੁਰ, 8 ਸਿਵਲ ਹਸਪਤਾਲ ਦਸੂਹਾ, 6 ਸਿਵਲ ਹਸਪਤਾਲ ਮੁਕੇਰੀਆਂ ਅਤੇ 4 ਸਿਵਲ ਹਸਪਤਾਲ ਗੜ੍ਹਸ਼ੰਕਰ ਵਿਚ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਿਹਤ ਸੇਵਾਵਾਂ ਦੀ ਬਿਹਤਰੀ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਲੋਕਾਂ ਨੂੰ ਉਤਮ ਸਿਹਤ ਸੁਵਿਧਾਵਾਂ ਮੁਹੱਈਆ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਡਾਕਟਰਾਂ ਦੀ ਕਾਫੀ ਕਮੀ ਸੀ ਅਤੇ ਐਮ.ਬੀ.ਐਸ ਕੀਤੇ ਹੋਏ ਇਨ੍ਹਾਂ ਹਾਊਸ ਸਰਜਨਾਂ ਦੀ ਨਿਯੁਕਤੀ ਨਾਲ ਆਮ ਜਨਤਾ ਨੂੰ ਬਹੁਤ ਲਾਭ ਮਿਲੇਗਾ।