- ਜ਼ਿਲ੍ਹਾ ਚੋਣ ਅਫਸਰ ਵੱਲੋਂ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ
ਹੁਸ਼ਿਆਰਪੁਰ, 15 ਮਾਰਚ : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦਾ ਐਲਾਨ ਕਿਸੇ ਵੇਲੇ ਵੀ ਕੀਤਾ ਜਾ ਸਕਦਾ ਹੈ ਅਤੇ ਚੋਣਾਂ ਦੇ ਐਲਾਨ ਹੋਣ ਦੇ ਤੁਰੰਤ ਪ੍ਰਭਾਵ ਨਾਲ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਸਮੂਹ ਵਿਭਾਗਾਂ ਦੇ ਮੁਖੀ ਭਵਿੱਖ ਵਿਚ ਲੱਗਣ ਜਾ ਰਹੇ ਆਦਰਸ਼ ਚੋਣ ਜਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਸਰਕਾਰੀ ਇਮਾਰਤ ਅਤੇ ਸਰਕਾਰੀ ਜਾਇਦਾਦ ਦੀ ਵਰਤੋਂ ਸਿਆਸੀ ਹਿੱਤਾਂ ਲਈ ਕਰਨ ’ਤੇ ਸਖਤ ਪਾਬੰਦੀ ਹੈ ਅਤੇ ਨਾ ਹੀ ਕਿਸੇ ਦਫ਼ਤਰ ਦੀ ਇਮਾਰਤ ਅਤੇ ਸਰਕਾਰੀ ਜਾਇਦਾਦ ਉਪਰ ਕੋਈ ਵੀ ਸਿਆਸੀ ਹੋਰਡਿੰਗ, ਬੈਨਰ, ਝੰਡੇ, ਪੋਸਟਰ ਲਗਾਏ ਜਾ ਸਕਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਵਿਭਾਗੀ ਮੁਖੀ ਪੂਰੀ ਚੌਕਸੀ ਵਰਤਣ ਅਤੇ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਣ ’ਤੇ ਤੁਰੰਤ ਐਕਸ਼ਨ ਲਿਆ ਜਾਵੇ। ਉਨ੍ਹਾਂ ਨਗਰ ਨਿਗਮ, ਮੰਡੀ ਅਧਿਕਾਰੀਆਂ, ਵਣ ਵਿਭਾਗ, ਸਿਹਤ ਵਿਭਾਗ, ਪਾਵਰਕੌਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ, ਲੋਕ ਨਿਰਮਾਣ ਵਿਭਾਗ, ਟ੍ਰਾਂਸਪੋਰਟ ਸਮੇਤ ਹੋਰਨਾਂ ਵਿਭਾਗਾਂ ਦੇ ਮੁਖੀਆਂ ਨੂੰ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਕੀਤੇ। ਉਨ੍ਹਾਂ ਕਿਹਾ ਕਿ ਇਸ ਦੀ ਨਿਰੋਲ ਨਿੱਜੀ ਜਿੰਮੇਵਾਰੀ ਵਿਭਾਗ ਦੇ ਮੁਖੀ ਦੀ ਹੋਵੇਗੀ ਅਤੇ ‘‘ਦੀ ਪੰਜਾਬ ਪ੍ਰੀਵੈਨਸ਼ਨ ਆਫ਼ ਡੀਫੇਸਮੈਂਟ ਆਫ਼ ਪ੍ਰਾਪਰਟੀ ਐਕਟ 1997’’ ਦੀ ਧਾਰਾ 3 ਅਤੇ ਚੋਣ ਨਿਯਮਾਂ ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਕੋਈ ਵੀ ਨਵਾਂ ਵਿਕਾਸ ਕਾਰਜ ਸ਼ੁਰੂ ਨਹੀਂ ਕਰਵਾਇਆ ਜਾ ਸਕਦਾ ਅਤੇ ਪਹਿਲਾਂ ਤੋਂ ਚੱਲ ਰਹੇ ਕਾਰਜਾਂ ਦੇ ਵਿਸਤ੍ਰਿਤ ਵੇਰਵੇ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਜਾਣ। ਇਸ ਮੌਕੇ ਚੋਣ ਕਾਨੂੰਗੋ ਦੀਪਕ ਕੁਮਾਰ ਅਤੇ ਲਖਬੀਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।