ਐਸ.ਡੀ.ਐਮ ਵੱਲੋਂ ਸੇਵਾ ਕੇਂਦਰ ਅਤੇ ਫਰਦ ਕੇਂਦਰ ਦੀ ਅਚਨਚੇਤ ਚੈਕਿੰਗ 

ਨਵਾਂਸ਼ਹਿਰ, 28 ਨਵੰਬਰ 2024 : ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ ਵੱਲੋਂ ਸੇਵਾ ਕੇਂਦਰ ਨਵਾਂਸ਼ਹਿਰ ਅਤੇ ਤਹਿਸੀਲ ਕੰਪਲੈਕਸ, ਨਵਾਂਸ਼ਹਿਰ ਵਿਚਲੇ ਫਰਦ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ  ਲੋਕਾਂ ਨੂੰ ਮੁੱਹਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਆਪਣੇ ਕੰਮ ਕਰਵਾਉਣ ਲਈ ਆਏ ਨਾਗਰਿਕਾਂ ਤੋਂ ਫੀਡਬੈਕ ਪ੍ਰਾਪਤ ਕੀਤੀ ਤਾਂ ਕਿ ਉਨ੍ਹਾਂ ਨੂੰ ਸਮਾਂਬੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਇਨ੍ਹਾਂ ਕੇਂਦਰਾਂ ਵਿਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਬਿਨਾਂ ਝਿਜਕ ਉਨ੍ਹਾਂ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਤੋਂ ਬਚਾਉਣ ਲਈ ਸੇਵਾ ਕੇਂਦਰ ਤੇ ਫ਼ਰਦ ਕੇਂਦਰ ਦੇ ਸਟਾਫ ਨੂੰ ਲੋੜੀਂਦੇ ਦਿਸ਼ਾ- ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਆਮ ਲੋਕ ਆਪਣੇ ਕੰਮਾਂ ਦੇ ਲਈ ਹੀ ਇਨ੍ਹਾਂ ਕੇਂਦਰਾਂ ਵਿਚ ਆਉਂਦੇ ਹਨ ਤੇ ਉਨ੍ਹਾਂ ਨੂੰ ਬਗੈਰ ਕਿਸੇ ਪ੍ਰੇਸ਼ਾਨੀ ਦੇ ਸਮਾਂਬੱਧ ਸੇਵਾਵਾਂ ਮੁਹੱਈਆ ਕਰਵਾਉਣਾ ਸਾਡਾ ਫਰਜ਼ ਹੈ।  ਉਨ੍ਹਾਂ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਇਸੇ ਤਰ੍ਹਾਂ ਆਪਣਾ ਕੰਮ ਇਮਾਨਦਾਰੀ ਅਤੇ ਲਗਨ ਨਾਲ ਕਰਨ, ਤਾਂ ਜੋ ਕਿਸੇ ਨੂੰ ਵੀ ਸ਼ਿਕਾਇਤ ਦਾ ਮੌਕਾ ਨਾ ਮਿਲੇ।