ਦਸੂਹਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਮੁਹਿੰਮ ਤਹਿਤ ਅੱਜ ਵਿਜੀਲੈਂਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਹੁਸ਼ਿਆਰਪੁਰ ਦੇ ਦਸੂਹਾ ਵਿਖੇ ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਵਿਜੀਲੈਂਸ ਨੇ ਕਾਬੂ ਕੀਤਾ। ਮਾਲ ਪਟਵਾਰੀ ਦੀ ਪਛਾਣ ਲਖਬੀਰ ਸਿੰਘ ਵਜੋਂ ਹੋਈ ਹੈ ਤੇ ਉਸ ਨੂੰ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਗਿਆ ਹੈ। ਪਟਵਾਰੀ ਨੂੰ ਜੁਗਰਾਜ ਸਿੰਘ ਵਾਸੀ ਪਿੰਡ ਉਸਮਾਨ ਸ਼ਹੀਦ, ਤਹਿਸੀਲ ਦਸੂਹਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਲਖਬੀਰ ਸਿੰਘ ਨੇ ਉਸ ਦੀ ਜੱਦੀ ਖੇਤੀਯੋਗ ਜ਼ਮੀਨ ਦੀ ਤਕਸੀਮ ਅਤੇ ਨਿਸ਼ਾਨਦੇਹੀ ਕਰਨ ਲਈ 10, 000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਮੁਲਜ਼ਮ ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਮਾਮਲੇ ‘ਚ ਗਿਰਦਾਵਰ ਤੇਜਿੰਦਰ ਸਿੰਘ ਗੋਲਡੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਅਤੇ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੋਵਾਂ ਖਿਲਾਫ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।