
- ਕੈਬਨਿਟ ਮੰਤਰੀ ਨੇ 'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਅਤੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ
- ਕਿਹਾ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ੇ ਦੇ ਕੋਹੜ ਦਾ ਕੀਤਾ ਜਾਵੇਗਾ ਖ਼ਾਤਮਾ
- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਚਹੰਮੁਖੀ ਵਿਕਾਸ ਲਈ ਗ੍ਰਾਂਟਾਂ ਦੀ ਨਹੀਂ ਆਵੇਗੀ ਕੋਈ ਕਮੀ
ਨਵਾਂਸ਼ਹਿਰ, 3 ਅਪ੍ਰੈਲ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ੇ ਦੇ ਜੜ੍ਹ ਤੋਂ ਖ਼ਾਤਮੇ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਲੋਕ ਲਹਿਰ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਨਸ਼ਿਆਂ ਦੀ ਅਲਾਮਤ ਖਿਲਾਫ ਵਿੱਢੀ ਜੰਗ ਨੂੰ ਲੋਕ ਲਹਿਰ ਵਿਚ ਬਦਲਣ ਲਈ ਸਭਨਾਂ ਨੂੰ ਵਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ਼ ਵਿਆਪਕ ਪੱਧਰ ਉਤੇ ਸਖ਼ਤ ਕਾਰਵਾਈ ਸ਼ੁਰੂ ਕੀਤੀ ਗਈ ਹੈ, ਜਿਸ ਦੇ ਉਸਾਰੂ ਸਿੱਟੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਾਲਾਇਕੀ ਕਾਰਨ ਨਸ਼ਿਆਂ ਦੀ ਸਮੱਸਿਆ ਨੇ ਸੂਬੇ ਵਿਚ ਆਪਣੇ ਪੈਰ ਪਸਾਰ ਲਏ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਕਰਕੇ ਇਸ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦਾ ਤਹੱਈਆ ਕੀਤਾ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਇਸ ਨੂੰ ਸਰਗਰਮੀ ਨਾਲ ਜਾਰੀ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਲਈ ਵੱਡਾ ਬਜਟ ਰੱਖਿਆ ਗਿਆ ਹੈ, ਕਿਉਂਕਿ ਖੇਡਾਂ ਨਸ਼ੇ ਦੇ ਖਾਤਮੇ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ੇ ਦੇ ਕੋਹੜ ਤੋਂ ਬਚਾਇਆ ਜਾ ਸਕਦਾ ਹੈ। ਇਸੇ ਤਹਿਤ ਪੰਜਾਬ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕੀਤੀਆਂ ਹਨ ਅਤੇ ਹਰੇਕ ਪਿੰਡ ਵਿੱਚ ਖੇਡ ਮੈਦਾਨ ਬਣਾਉਣੇ ਸ਼ੁਰੂ ਕੀਤੇ ਹਨ। ਇਸੇ ਤਰ੍ਹਾਂ ਨੌਜਵਾਨਾਂ ਨੂੰ ਵੱਡੀ ਪੱਧਰ 'ਤੇ ਰੋਜ਼ਗਾਰ ਦੇ ਮੌਕੇ ਮੁਹਈਆ ਕਰਵਾਈ ਜਾ ਰਹੇ ਹਨ। ਉਨ੍ਹਾਂ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਬੱਚਿਆਂ ਨੂੰ ਨਸ਼ਿਆਂ ਖਿਲਾਫ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਆਰ-ਪਾਰ ਦੀ ਲੜਾਈ ਵਿਚ ਲੋਕਾਂ ਦਾ ਸਮਰਥਨ ਅਤੇ ਸਹਿਯੋਗ ਬੇਹੱਦ ਜ਼ਰੂਰੀ ਹੈ। ਕੈਬਨਿਟ ਮੰਤਰੀ ਮੋਹਿੰਦਰ ਭਗਤ, ਜਿਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦਾ ਇੰਚਾਰਜ ਲਗਾਇਆ ਗਿਆ ਹੈ, ਨੇ ਇਸ ਮੌਕੇ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਕੰਮਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਸੁਖਾਲੇ ਢੰਗ ਨਾਲ ਮਿਲਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਉਹ ਇਨ੍ਹਾਂ ਸਕੀਮਾਂ ਦਾ ਬਣਦਾ ਲਾਹਾ ਲੈ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜ਼ਿਲ੍ਹੇ ਵਿਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਪੇਂਡੂ ਵਿਕਾਸ, ਸਮਾਜਿਕ ਸੁਰੱਖਿਆ, ਸੈਨਿਕ ਭਲਾਈ, ਖੇਤੀਬਾੜੀ, ਜਲ ਸਪਲਾਈ, ਖ਼ੁਰਾਕ ਤੇ ਸਿਵਲ ਸਪਲਾਈ, ਖੇਡਾਂ, ਪੈਨਸ਼ਨਾਂ, ਬਾਗਬਾਨੀ, ਸਿੱਖਿਆ, ਸਿਹਤ, ਨਸ਼ਾ ਛੁਡਾਊ ਕੇਂਦਰਾਂ ਅਤੇ ਪੀ.ਡਬਲਿਊ.ਡੀ ਆਦਿ ਨਾਲ ਸੰਬੰਧਿਤ ਕੰਮਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਵਿਧਾਇਕਾ ਬਲਾਚੌਰ ਸੰਤੋਸ਼ ਕਟਾਰੀਆ, ਵਿਧਾਇਕ ਨਵਾਂਸ਼ਹਿਰ ਡਾ. ਨਛੱਤਰ ਪਾਲ, ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ, ਐਸ.ਐਸ.ਪੀ ਡਾ. ਮਹਿਤਾਬ ਸਿੰਘ, ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਉੱਪ ਚੇਅਰਮੈਨ ਲਲਿਤ ਮੋਹਨ ਪਾਠਕ (ਬੱਲੂ), ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸਤਨਾਮ ਸਿੰਘ ਜਲਾਲਪੁਰ, ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਬੋਰਡ ਦੇ ਉੱਪ ਚੇਅਰਮੈਨ ਕੁਲਜੀਤ ਸਿੰਘ ਸਰਹਾਲ, ਨਗਰ ਸੁਧਾਰ ਟਰੱਸਟ ਨਵਾਂਸ਼ਹਿਰ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਗਗਨ ਅਗਨੀਹੋਤਰੀ, ਮਾਰਕੀਟ ਕਮੇਟੀ ਬੰਗਾ ਦੇ ਚੇਅਰਮੈਨ ਬਲਬੀਰ ਕਰਨਾਣਾ, ਨਗਰ ਸੁਧਾਰ ਟਰੱਸਟ ਨਵਾਂਸ਼ਹਿਰ ਦੇ ਟਰੱਸਟੀ ਹਰਜੋਤ ਕੌਰ ਲੋਹਟੀਆ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਵਨੀਤ ਕੌਰ, ਉੱਪ ਮੰਡਲ ਮੈਜਿਸਟ੍ਰੇਟ ਬੰਗਾ ਵਿਪਨ ਭੰਡਾਰੀ ਤੋਂ ਇਲਾਵਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ।