ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਕੰਮਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ - ਅਵਨੀਤ ਕੌਰ 

  • ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਕਮੇਟੀ ਦੀ ਮੀਟਿੰਗ 

ਨਵਾਂਸ਼ਹਿਰ, 29 ਨਵੰਬਰ 2024 : ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਪਿੰਡਾਂ ਵਿਚ ਕਰਵਾਏ ਜਾਣ ਵਾਲੇ ਕੰਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਜਲ ਸਪਲਾਈ ਅਤੇ ਸੈਨੀਟੇਸ਼ਨ, ਪੇਂਡੂ ਵਿਕਾਸ ਵਿਭਾਗ ਅਤੇ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਜ਼ਿਲ੍ਹੇ ਵਿਚ ਹੋਣ ਵਾਲੇ ਕੰਮਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਦੀ ਲਗਾਤਾਰ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਪਿੰਡਾਂ ਨੂੰ ਸਵੱਛ ਪਿੰਡ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ 'ਸਾਡਾ ਪਖਾਨਾ ਸਾਡਾ ਮਾਣ' ਤਹਿਤ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਹਰ ਯੋਗ ਘਰ ਨੂੰ ਪਖਾਨੇ ਦੀ ਸਹੂਲਤ ਉਪਲਬੱਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪਖਾਨੇ ਦੀ ਉਸਾਰੀ ਲਈ ਲਾਭਪਾਤਰੀ ਨੂੰ 15000 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਂਦੀ ਹੈ। ਇਹ ਰਾਸ਼ੀ ਪਖਾਨੇ ਦੀ ਉਸਾਰੀ ਅਨੁਸਾਰ 5000 ਰੁਪਏ ਦੀਆਂ 3 ਕਿਸਤਾਂ ਵਿਚ ਜਾਰੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ 'ਸਾਡਾ ਪਖਾਨਾ ਸਾਡਾ ਮਾਣ' ਤਹਿਤ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ  ਜੇਤੂਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਹਦਾਇਤ ਕੀਤੀ ਕਿ ਆਮ ਲੋਕਾਂ ਨੂੰ ਪੀਣ ਲਾਈ ਸਾਫ਼ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਪਿੰਡਾਂ ਵਿਚ ਐਸ. ਡਬਲਿਊ.ਐਮ ਅਤੇ ਐਲ. ਡਬਲਿਊ. ਐਮ ਬਣਾਉਣ ਲਈ ਪਿੰਡ ਵਾਸੀਆਂ ਨੂੰ ਜਾਗਰੂਕ  ਕਰਨ ਲਈ ਦੀ ਵੀ ਹਦਾਇਤ ਕੀਤੀ ਅਤੇ ਕਿਹਾ ਕਿ ਪਿੰਡਾਂ ਵਿਚ ਛੱਪੜਾਂ ਅਤੇ ਕੂੜੇ ਦਾ ਯੋਗ ਨਿਪਟਾਰਾ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੀਤਾ ਜਾਵੇ। ਉਨ੍ਹਾਂ ਇਸ ਮੌਕੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ–2 ਤਹਿਤ ਲਾਭਪਾਤਰੀਆਂ ਨੂੰ ਘਰੇਲੂ ਪਖਾਨੇ ਬਣਾਉਣ ਲਈ ਮਨਜ਼ੂਰੀ ਪੱਤਰ ਵੰਡੇ। ਇਸ ਤੋਂ ਇਲਾਵਾ ਵਿਸ਼ਵ ਪਖਾਨਾ ਦਿਵਸ ਸਬੰਧੀ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਸੁਖਵਿੰਦਰ ਮਾਹੀ ਨੇ ਦੱਸਿਆ ਕਿ ਵਿਭਾਗ ਵੱਲੋਂ ਜਲ ਮਿਸ਼ਨ ਅਤੇ ਸਵੱਛ ਭਾਰਤ ਮਿਸ਼ਨ ਚਲਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ 108 ਵਾਟਰ ਪੰਪਾਂ 'ਤੇ ਕਲੋਰੀਨੇਸ਼ਨ ਕਰਕੇ ਸਾਫ ਪੀਣ ਵਾਲਾ ਪਾਣੀ ਲੋਕਾਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਜਿਲਾ ਵਿਕਾਸ ਤੇ ਪੰਚਾਇਤ ਅਫਸਰ ਨਿਧੀ ਸਿਨਹਾ ਸਰਪੰਚ ਰਾਮ ਰਾਏਪੁਰ ਗੁਰਜੀਤ ਕੌਰ ਸਰਪੰਚ ਚਾਹਲ ਖੁਰਦ ਮਨਜੀਤ ਸਿੰਘ ਸਰਪੰਚ ਸੁਖਵਿੰਦਰ ਕੌਰ ਸਿੰਬਲ ਮਜਾਰਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਲਾਭਪਾਤਰੀ ਹਾਜ਼ਰ ਸਨ।