- ਪੀ.ਐਮ. ਫਰਮਲਾਈਜੇਨ ਆਫ ਮਾਈਕਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜਿਜ ਯੋਜਨਾ ਅਧੀਨ ਇੱਕ ਕਰੋੜ ਰੁਪਏ ਤੱਕ ਦੇ ਲਗਾਏ ਜਾ ਸਕਦੇ ਹਨ ਫੂਡ ਪ੍ਰੋਸੈਸਿੰਗ ਪ੍ਰੋਜੈਕਟ
ਗੁਰਦਾਸਪੁਰ, 19 ਜੁਲਾਈ : ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਉਦਯੋਗ ਵੱਲੋਂ ਰਾਜ ਸਰਕਾਰ ਦੀ ਭਾਈਵਾਲੀ ਨਾਲ ਕੌਮੀ ਪੱਧਰ ਤੇ ਪੀ.ਐਮੀ ਫਰਮਲਾਈਜੇਨ ਆਫ ਮਾਈਕਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜਿਜ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਕੋਈ ਵੀ ਵਿਅਕਤੀ ਆਪਣਾ ਕਾਰੋਬਾਰ ਸ਼ੁਰੂ ਕਰਦੇ ਹੋਏ ਇੱਕ ਕਰੋੜ ਰੁਪਏ ਤੱਕ ਦਾ ਫੂਡ ਪ੍ਰੋਸੈਸਿੰਗ ਪ੍ਰੋਜੈਕਟ ਲਗਾ ਸਕਦਾ ਹੈ। ਇਸ ਯੋਜਨਾ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਸਕੀਮ ਨੂੰ ਲਾਗੂ ਕਰਨ ਲਈ ਪੰਜਾਬ ਐਗਰੋ ਇੰਡਸਟਰੀਜ ਕਾਰਪੋਰੇਸ਼ਨ ਨੂੰ ਸਟੇਟ ਨੋਡਲ ਏਜੰਸੀ ਬਣਾਇਆ ਗਿਆ ਹੈ, ਜਦੋਂ ਕਿ ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਜ਼ਿਲ੍ਹੇ ਦੇ ਨੋਡਲ ਅਫਸਰ ਹੋਣਗੇ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਸਕੀਮ ਅਧੀਨ ਕੋਈ ਵੀ ਵਿਅਕਤੀ ਆਪਣਾ ਕਾਰੋਬਾਰ ਸ਼ੁਰੂ ਕਰ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਕੀਮ ਅਧੀਨ ਇੱਕ ਕਰੋੜ ਰੁਪਏ ਤੱਕ ਦੇ ਫੂਡ ਪ੍ਰੋਸੈਸਿੰਗ ਪ੍ਰੋਜੈਕਟ ਲਗਾਇਆ ਜਾ ਸਕਦਾ ਹੈ ਜਿਥੇ ਕਿ ਘੱਟੋ ਘੱਟ 10 ਵਿਅਕਤੀ ਕੰਮ ਕਰਦੇ ਹੋਣ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਿੱਚ 35 ਫੀਸਦੀ ਦੀ ਕੈਪੀਟਲ ਸਬਸਿਡੀ ਵੀ ਮਿਲਦੀ ਹੈ ਜੋ ਕਿ ਵੱਧ ਤੋਂ ਵੱਧ 10 ਲੱਖ ਰੁਪਏ ਬਣਦੀ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸਕੀਮ ਦਾ ਲਾਭ ਲੈਣ ਦੇ ਚਾਹਵਾਨ ਬਿਨੈਕਾਰ ਨੂੰ ਪ੍ਰੋਜੈਕਟ ਕੀਮਤ ਦਾ ਘੱਟੋ-ਘੱਟ 10 ਫੀਸਦੀ ਹਿੱਸਾ ਆਪਣੇ ਕੋਲੋ ਲਗਾਉਣਾ ਪਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਕੀਮ ਤਹਿਤ ਨਵਾਂ ਯੁਨਿਟ ਸਥਾਪਤ ਕਰਨ ਦੇ ਨਾਲ-ਨਾਲ ਪੁਰਾਣੇ ਫੂਡ ਪ੍ਰੋਸੈਸਿੰਗ ਯੂਨਿਟ ਵਿੱਚ ਵਾਧਾ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਕਤ ਸਕੀਮ ਅਧੀਨ ਬੈਂਕਾਂ ਤੋਂ ਫਰਮ ਲੋਨ ਲੈਣ ਵਾਲੇ ਯੁਨਿਟ ਹੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਸਕੀਮ ਦਾ ਲਾਭ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕਰਨ ਤਾਂ ਜੋ ਉਹ ਆਪਣੇ ਪੈਰ੍ਹਾਂ ਤੇ ਖੜ੍ਹੇ ਹੋ ਸਕਣ। ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਸ. ਸੁਖਪਾਲ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਅਧੀਨ ਕਰਜ਼ਾ ਲੈਣ ਲਈ ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਮੰਤਰਾਲੇ ਦੇ ਪੋਰਟਲ www.pmfme.mofpi.gov.in ਉੱਪਰ ਆਨ ਲਾਇਨ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਹੋਰ ਦੱਸਿਆ ਕਿ ਸਕੀਮ ਅਧੀਨ ਫਾਰਮ ਭਰਨ ਵਾਸਤੇ ਜ਼ਿਲ੍ਹਾ ਰਿਸੋਰਸ ਪਰਸਨ ਵੀ ਨਿਯੁਕਤ ਕੀਤਾ ਗਏ ਹਨ ਜਿਨ੍ਹਾਂ ਵਿੱਚ ਪੰਥਦੀਪ ਸਿੰਘ ਛੀਨਾ ਮੋਬਾਇਲ ਨੰਬਰ 98158-21532, ਬਲਜਿੰਦਰ ਸਿੰਘ ਮੋਬਾਇਲ ਨੰਬਰ 98153-05023, ਹਰਮਨ ਸ਼ੇਰ ਸਿੰਘ ਮੋਬਾਇਲ ਨੰਬਰ 9988604937 ਅਤੇ ਨਵਨੀਤ ਸ਼ਰਮਾਂ ਮੋਬਾਇਲ ਨੰਬਰ 98882-94087 ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਉਪਰੋਕਤ ਸਕੀਮ ਅਧੀਨ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਰਿਸੋਰਸ ਪਰਸਨ ਨਾਲ ਵੀ ਰਾਬਤਾ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਹਰ ਬੁੱਧਵਾਰ ਇੱਕ ਜ਼ਿਲ੍ਹਾ ਰਿਸੋਰਸ ਪਰਸਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵਿਖੇ ਵੀ ਨੌਜਵਾਨਾਂ ਨੂੰ ਗਾਈਡ ਕਰਨ ਲਈ ਹਾਜ਼ਰ ਹੁੰਦੇ ਹਨ।