ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੜ ਪ੍ਰਧਾਨ ਬਨਣ ਬਾਅਦ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁਲਾਜਮਾਂ ਨਾਲ ਇਕੱਤਰਤਾ ਕਰਕੇ ਆਪੋ ਆਪਣੀ ਜ਼ੁੰਮੇਵਾਰੀ ਸੰਸਥਾ ਦੀਆਂ ਰਵਾਇਤਾਂ ਅਤੇ ਮੌਜੂਦਾ ਸਮੇਂ ਦੀਆਂ ਤਰਜੀਹਾਂ ਅਨੁਸਾਰ ਨਿਭਾਉਣ ਦੀ ਪ੍ਰੇਰਣਾ ਕੀਤੀ। ਇਥੇ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ’ਚ ਮੁਲਾਜਮਾਂ ਨੂੰ ਸੰਬੋਧਨ ਹੁੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ 102 ਸਾਲ ਪਹਿਲਾਂ ਹੋਈ ਸੀ ਅਤੇ ਆਪਣੇ ਇਸ ਇਕ ਸਦੀ ਦੇ ਸਫਰ ਦੌਰਾਨ ਸੰਸਥਾ ਨੇ ਗੁਰੂ ਘਰਾਂ ਦਾ ਪ੍ਰਬੰਧ ਪੰਥਕ ਮਰਯਾਦਾ ਅਨੁਸਾਰ ਚਲਾਉਣ ਦੇ ਨਾਲ-ਨਾਲ ਵੱਡੇ ਕੌਮੀ ਕਾਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਇਸ ਮਾਣਮੱਤੀ ਸੰਸਥਾ ਦੇ ਮੁੱਖ ਸੇਵਾਦਾਰ ਦੀ ਜ਼ੁੰਮੇਵਾਰੀ ਬਹੁਤ ਵੱਡੀ ਅਤੇ ਅਹਿਮ ਹੈ, ਜਿਸ ਨੂੰ ਸਿੱਖ ਸੰਸਥਾਵਾਂ, ਜਥੇਬੰਦੀਆਂ ਅਤੇ ਮੁਲਾਜਮਾਂ ਦੇ ਸਹਿਯੋਗ ਨਾਲ ਹੀ ਸਫਲਤਾ ਪੂਰਵਕ ਨਿਭਾਇਆ ਜਾ ਸਕਦਾ ਹੈ। ਉਨ੍ਹਾਂ ਆਖਿਆ ਕਿ ਮੌਜੂਦਾ ਦੌਰ ਦੀਆਂ ਚੁਣੌਤੀਆਂ ਵੀ ਘੱਟ ਨਹੀਂ ਹਨ ਅਤੇ ਸਾਡਾ ਸਭ ਦਾ ਫਰਜ ਹੈ ਕਿ ਕੌਮ ਦੀ ਚੜ੍ਹਦੀ ਕਲਾ ਲਈ ਇਕਜੁੱਟ ਹੋ ਕੇ ਅੱਗੇ ਵਧਿਆ ਜਾਵੇ। ਇਸ ਮੌਕੇ ਐਡਵੋਕੇਟ ਧਾਮੀ ਨੇ ਸਿੱਖ ਮਸਲਿਆਂ ਵਿਚ ਸਰਕਾਰੀ ਦਖਲ ਦੀ ਗੱਲ ਕਰਦਿਆਂ ਕਿਹਾ ਕਿ ਇਹ ਬੇਹੱਦ ਸੁਚੇਤ ਹੋ ਕੇ ਚਲਣ ਦਾ ਸਮਾਂ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਮੁਲਾਜਮਾਂ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਡਿਊਟੀ ਕਰਨ ਲਈ ਪ੍ਰੇਰਤ ਕਰਦਿਆਂ ਕਿਹਾ ਕਿ ਸਿੱਖੀ ਦੇ ਪ੍ਰਚਾਰ ਲਈ ਆਪੋ-ਆਪਣੇ ਪਿੰਡਾਂ ਵਿਚ ਵੀ ਉਚੇਚੇ ਯਤਨ ਕਰਨ ਦੀ ਪਹਿਲਕਦਮੀ ਕੀਤੀ ਜਾਵੇ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਦਫ਼ਤਰ ਪਹੁੰਚਣ ’ਤੇ ਐਡਵੋਕੇਟ ਧਾਮੀ ਦਾ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਨੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਨਾਮ ਸਿੰਘ ਜੱਸਲ, ਸ. ਫੁੰਮਣ ਸਿੰਘ, ਬਾਬਾ ਬੂਟਾ ਸਿੰਘ, ਭਾਈ ਮਨਜੀਤ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਸਤਵਿੰਦਰ ਸਿੰਘ ਟੌਹੜਾ, ਬਾਬਾ ਸੁਖਵਿੰਦਰ ਸਿੰਘ ਅਗਵਾਨ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਮੀਤ ਸਿੰਘ ਬੁੱਟਰ, ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਚਰਨ ਸਿੰਘ ਕੁਹਾਲਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਸੁਖਰਾਜ ਸਿੰਘ, ਇੰਚਾਰਜ ਸ. ਸ਼ਾਹਬਾਜ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਪਲਵਿੰਦਰ ਸਿੰਘ ਆਦਿ ਮੌਜੂਦ ਸਨ।