ਬਟਾਲਾ, 12 ਅਪ੍ਰੈਲ : ਮੈਡਮ ਅਸ਼ਵਨੀ ਗੋਟਿਆਲ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੋਵਾਲ ਵਿਖੇ ਵਿਦਿਆਰਥੀਆਂ ਨੂੰ ਔਰਤਾਂ ਦੇ ਅਧਿਕਾਰਾਂ, ਸਾਈਬਰ ਕਰਾਈਮ, ਨਸ਼ਾਖੋਰੀ ਅਤੇ ਸਾਂਝ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ। ਜਾਗਰੂਕਤਾ ਸਮਾਗਮ ਦੌਰਾਨ ਦੱਸਿਆ ਗਿਆ ਕਿ ਨਸ਼ਿਆਂ ਦੀ ਵਿਆਪਕ ਵਰਤੋਂ ਸਮਾਜ ਲਈ ਇਕ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ, ਕਿਉਕਿ ਕਿਸੇ ਵੀ ਦੇਸ਼ ਦੇ ਚੰਗੇ ਭਵਿੱਖ ਲਈ ਉਸ ਦੀ ਤਰੱਕੀ ਦੇ ਰਾਹ ਵਿਚ ਨਸ਼ਾ ਇਕ ਵੱਡੀ ਰੁਕਾਵਟ ਬਣਦਾ ਹੈ। ਇਸ ਲਈ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਰਲ ਕੇ ਹੰਭਲਾ ਮਾਰੀਏ। ਉਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਕਾਰਨ ਨਸ਼ਿਆਂ ਦੀ ਦਲਦਲ ਵਿੱਚ ਫਸਦਾ ਹੈ ਤਾਂ ਇਸਦਾ ਇਲਾਜ ਵੀ ਸੰਭਵ ਹੈ ਤੇ ਉਸਦਾ ਇਲਾਜ ਨਸ਼ਾ ਛੁਡਾਊ ਕੇਂਦਰ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਸਾਈਬਰ ਕਰਾਈਮ ਅਤੇ ਔਰਤਾਂ ਦੇ ਵੱਖ-ਵੱਖ ਅਧਿਕਾਰਾਂ ਆਦਿ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ ਤਾਂ ਜੋ ਬੱਚਿਆਂ ਦੇ ਨਾਲ-ਨਾਲ ਨੌਜਵਾਨ ਵਰਗ ਇਸ ਤੋਂ ਦੂਰ ਰਹੇ। ਉਨਾਂ ਹੈਲਪਲਾਈਨ ਨੰਬਰ 112 ਬਾਰੇ ਵੀ ਜਾਗਰੂਕ ਕੀਤਾ ਅਤੇ ਕਿਹਾ ਕਿ ਸਹਾਇਤਾ ਲੈਣ ਲਈ ਇਸ ਨੰਬਰ ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।