
- ਕਿਹਾ-ਸ਼ਰਾਰਤੀ ਅਨਸਰ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਝ ਆਉਣ, ਨਹੀਂ ਤਾਂ ਨਤੀਜਾ ਭੁਗਤਣ ਲਈ ਤਿਆਰ ਰਹਿਣ
ਬਟਾਲਾ, 4 ਅਪ੍ਰੈਲ 2025 : ਬਟਾਲਾ ਦੇ ਨੋਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ, ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕਾ ਮੇਰਾ ਆਪਣਾ ਪਰਿਵਾਰ ਹੈ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਅਤੇ ਹੋਰ ਮਜ਼ਬੂਤ ਕਰਨ ਲਈ ਉਹ ਵਚਨਬੱਧ ਹਨ। ਬਟਾਲੇ ਦੀ ਅਮਨ-ਸ਼ਾਂਤੀ ਭੰਗ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਪੱਸ਼ਟ ਤੇ ਸਖ਼ਤ ਸੁਨੇਹਾ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਅਜਿਹੀਆਂ ਕੋਝੀਆਂ ਹਰਕਤਾਂ ਤੋਂ ਬਾਝ ਆਉਣ ਨਹੀਂ ਤਾਂ ਨਤੀਜਾ ਭੁਗਤਣ ਲਈ ਤਿਆਰ ਰਹਿਣ। ਵਿਧਾਇਕ ਸ਼ੈਰੀ ਕਲਸੀ ਨੇ ਡਾ. ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਨਾਲ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਗਈ ਘਟੀਆ ਹਰਕਤ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਬਟਾਲਾ ਪੁਲਿਸ ਨੇ 24 ਘੰਟਿਆਂ ਦੇ ਅੰਦਰ ਦੋਸ਼ੀਆਂ ਨੂੰ ਫੜ੍ਹ ਕੇ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਜਦ ਉਨਾਂ ਨੂੰ ਇਸ ਘਟਨਾ ਦੀ ਸੂਚਨਾ ਮਿਲੀ ਸੀ ਤਾਂ ਉਨਾਂ ਡੀ.ਆਈ.ਡੀ ਬਾਰਡਰ ਰੇਂਜ ਸ੍ਰੀ ਅੰਮ੍ਰਿਤਸਰ ਅਤੇ ਐਸ.ਐਸ.ਪੀ ਬਟਾਲਾ ਨਾਲ ਸੰਪਰਕ ਕੀਤਾ। ਬਟਾਲਾ ਪੁਲਿਸ ਵਲੋਂ ਤੁਰੰਤ ਵਾਪਰੀ ਘਟਨਾ ਦੀ ਛਾਣਬੀਣ ਕਰਦਿਆਂ 24 ਘੰਟਿਆਂ ਦੇ ਅੰਦਰ ਦੋਸ਼ੀਆਂ ਨੂੰ ਫੜ੍ਹ ਲਿਆ ਗਿਆਸ ਜਿਸ ਦੀ ਉਹ ਸ਼ਲਾਘਾ ਕਰਦੇ ਹਨ। ਉਨਾਂ ਅੱਗੇ ਕਿਹਾ ਕਿ ਫੜ੍ਹੇ ਗਏ ਦੋਸ਼ੀ ਨੋਜਵਾਨ ਹਨ ਅਤੇ ਉਨਾਂ ਦੀ ਕੀ ਮਨਸ਼ਾ ਸੀ ਇਸ ਸਬੰਧੀ ਬਟਾਲਾ ਪੁਲਿਸ ਪੜਤਾਲ ਕਰ ਰਹੀ ਹੈ। ਪਰ ਉਹ ਮਾਪਿਆਂ ਨੂੰ ਅਪੀਲ ਕਰਦੇ ਹਨ ਉਹ ਆਪਣੇ ਬੱਚਿਆਂ ਦੀ ਨਿਗਰਾਨੀ ਰੱਖਣ। ਉਨਾਂ ਦੀ ਕਿਸ ਤਰਾਂ ਦੀ ਸੁਸਾਇਟੀ ਹੈ, ਇਸ ਸਬੰਧੀ ਨਜ਼ਰ ਬਣਾ ਕੇ ਰੱਖਣ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਬਟਾਲਾ ਹਲਕੇ ਦੇ ਲੋਕਾਂ ਦੇ ਸੇਵਕ ਹਨ ਅਤੇ ਉਨਾਂ ਦੇ ਦੁੱਖ-ਸੁੱਖ ਦੇ ਭਾਈਵਾਲ ਹਨ। ਉਨਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵਿਰੁੱਧ ਉਨਾਂ ਦੀ ਜੀਰੋ ਟਾਲਰੈਂਸ ਦੀ ਨੀਤੀ ਹੈ ਅਤੇ ਹਲਕੇ ਬਟਾਲਾ ਅੰਦਰ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਬਣਾਏ ਰੱਖਣ ਅਤੇ ਤਰੱਕੀ ਤੇ ਵਿਕਾਸ ਲਈ ਉਹ ਦ੍ਰਿੜ ਸੰਕਲਪ ਹਨ।