- ਪੰਜਾਬ ਸਰਕਾਰ ਇਸ ਔਖੀ ਘੜ੍ਹੀ ਵਿੱਚ ਹੜ੍ਹ ਪੀੜ੍ਹਤਾਂ ਦੇ ਨਾਲ ਖੜ੍ਹੀ : ਚੇਅਰਮੈਨ ਸੇਖਵਾਂ
ਗੁਰਦਾਸਪੁਰ, 17 ਅਗਸਤ : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਅਧਿਕਾਰੀਆਂ ਦੇ ਨਾਲ ਹੜ੍ਹ ਪ੍ਰਭਾਵਤ ਖੇਤਰਾਂ ਦਾ ਦੌਰਾ ਕਰਕੇ ਰਾਹਤ ਕਾਰਜਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਹੜ੍ਹ ਪ੍ਰਭਾਵਤ ਪਿੰਡਾਂ ਰਾਜੂ ਬੇਲਾ, ਛਿਛਰਾ ਅਤੇ ਝੰਡਾ ਲੁਬਾਣਾ ਦਾ ਦੌਰਾ ਕਰਨ ਤੋਂ ਬਾਅਦ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਲਾਕੇ ਵਿੱਚ ਹੜ੍ਹਾਂ ਦੀ ਸਥਿਤੀ ਕਾਬੂ ਹੇਠ ਹੈ ਅਤੇ ਪੰਜਾਬ ਸਰਕਾਰ ਦੀਆਂ ਰਾਹਤ ਟੀਮਾਂ ਲੋਕਾਂ ਨੂੰ ਹਰ ਸੰਭਵ ਮਦਦ ਪਹੁੰਚਾਉਣ ਵਿੱਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ ਜਾਂ ਖੇਤਾਂ ’ਚ ਬਣੇ ਡੇਰਿਆਂ ਵਿੱਚ ਜਿਆਦਾ ਪਾਣੀ ਆ ਗਿਆ ਹੈ ਉਨ੍ਹਾਂ ਲੋਕਾਂ ਨੂੰ ਕਿਸ਼ਤੀਆਂ ਰਾਹੀਂ ਬਾਹਰ ਕੱਢਿਆ ਜਾ ਰਿਹਾ ਹੈ। ਇਸਤੋਂ ਇਲਾਵਾ ਰਾਹਤ ਟੀਮਾਂ ਵੱਲੋਂ ਪ੍ਰਭਾਵਤ ਲੋਕਾਂ ਤੱਕ ਖਾਣ-ਪੀਣ ਦੀ ਸਮੱਗਰੀ ਪਹੁੰਚਾਈ ਜਾ ਰਹੀ ਹੈ। ਮੈਡੀਕਲ ਟੀਮਾਂ ਵੱਲੋਂ ਹਰ ਲੋੜਵੰਦ ਤੇ ਮਰੀਜ਼ ਤੱਕ ਪਹੁੰਚ ਕੀਤੀ ਜਾ ਰਹੀ ਹੈ। ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜ੍ਹੀ ਵਿੱਚ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਲੋਕਾਂ ਦੀਆਂ ਫਸਲਾਂ ਦੇ ਨਾਲ ਜੋ ਵੀ ਮਾਲੀ ਨੁਕਸਾਨ ਹੋਇਆ ਹੈ ਉਸਦਾ ਅਨੁਮਾਨ ਲਗਾ ਕੇ ਹਰ ਸੰਭਵ ਮਦਦ ਕੀਤੀ ਜਾਵੇਗੀ। ਸ. ਸੇਖਵਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਿਸਕ ਨਾ ਲੈਣ ਅਤੇ ਰਾਹਤ ਟੀਮਾਂ ਦੀ ਮਦਦ ਨਾਲ ਜਿਆਦਾ ਪਾਣੀ ਵਾਲੇ ਖੇਤਰ ਵਿੱਚੋਂ ਬਾਹਰ ਆ ਜਾਣ।