ਅੰਮ੍ਰਿਤਸਰ, 4 ਅਕਤੂਬਰ, 2022: ਹਰਿਆਣਾ ਵਿਚ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਦੇਣ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੇ ਐਕਸ਼ਨ ਮੋਡ ਵਿਚ ਆ ਗਈ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ, ਉਥੇ ਹੀ 7 ਅਕਤੂਬਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖਤ ਸਾਹਿਬ ਤੱਕ ਵਿਸ਼ਾਲ ਖਾਲਸਾ ਮਾਰਚ ਕੱਢੇ ਜਾ ਰਹੇ ਹਨ। ਐਡਵੋਕੇਟ ਧਾਮੀ ਨੇ ਅੰਮ੍ਰਿਤਸਰ ਵਿਚ ਵਿਸ਼ਾਲ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਸਿੱਖਾਂ ਨੂੰ ਆਪਸ ਵਿਚ ਪਾੜਨ ਵਾਸਤੇ ਸਾਜ਼ਿਸ਼ਾਂ ਰਚ ਰਹੀ ਹੈ ਤੇ ਇਸੇ ਤਹਿਤ ਇਹ ਫੈਸਲਾ ਆਇਆ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਗਠਨ ਆਲ ਇੰਡੀਆ ਐਕਟ ਤਹਿਤ 1925 ਵਿਚ ਕੀਤਾ ਗਿਆ ਸੀ ਤੇ ਕਿਸੇ ਵੀ ਸੂਬੇ ਨੂੰ ਆਲ ਇੰਡੀਆ ਐਕਟ ਦੇ ਖਿਲਾਫ ਆਪਣਾ ਵੱਖਰਾ ਕਾਨੂੰਨ ਬਣਾਉਣ ਦਾ ਹੱਕ ਨਹੀਂ ਹੈ। ਉਹਨਾਂ ਕਿਹਾ ਕਿ ਜਾਣ ਬੁੱਝ ਕੇ ਸਿੱਖ ਵਿਰੋਧੀ ਫੈਸਲੇ ਲਏ ਜਾ ਰਹੇ ਹਨ ਜਿਹਨਾਂ ਦਾ ਮਕਸਦ ਸ਼੍ਰੋਮਣੀ ਕਮੇਟੀ ਨੂੰ ਤੋੜਨਾ ਹੈ।