- ਸਿੱਧੀ ਬਿਜਾਈ ਕਰਕੇ ਕਿਸਾਨ ਪਾਣੀ ਬਚਾਉਣ ਲਈ ਯੋਗਦਾਨ ਪਾਉਣ-ਡਾ. ਐਸਪੀ ਸਿੰਘ
- ਕਿਸਾਨ ਖੇਤੀਬਾੜੀ ਵਿਭਾਗ ਦੀਆਂ ਸੇਵਾਵਾਂ ਦਾ ਲਾਭ ਉਠਾਉਣ - ਗੁਰਦੀਪ ਸਿੰਘ ਰੰਧਾਵਾ
ਕਾਲਨੌਰ/ਗੁਰਦਾਸਪੁਰ, 5 ਜੁਲਾਈ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਅੱਜ ਆਤਮਾ ਦੇ ਸਹਿਯੋਗ ਦੇ ਨਾਲ ਕਿਸਾਨਾਂ ਨੂੰ ਫਸਲਾਂ ਦੀ ਕਾਸ਼ਤ ਸਬੰਧੀ ਸਿਖਲਾਈ ਦੇਣ ਲਈ ਕਲਾਨੌਰ ਵਿਖੇ ਇੱਕ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਉੱਘੇ ਜਨਤਕ ਆਗੂ ਸ. ਗੁਰਦੀਪ ਸਿੰਘ ਰੰਧਾਵਾ ਸ਼ਾਮਿਲ ਹੋਏ ਜਦੋਂ ਕਿ ਕੈਂਪ ਦੀ ਪ੍ਰਧਾਨਗੀ ਕਲਾਨੌਰ ਦੀ ਐੱਸ.ਡੀ.ਐੱਮ. ਜਯੋਤਸਨਾ ਸਿੰਘ ਨੇ ਕੀਤੀ। ਇਸ ਕੈਂਪ ਦੀ ਅਗਵਾਈ ਜ਼ਿਲ੍ਹਾ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰ ਪਾਲ ਸਿੰਘ ਨੇ ਕੀਤੀ ਅਤੇ ਮਾਰਕੀਟ ਕਮੇਟੀ ਕਲਾਨੌਰ ਦੇ ਚੇਅਰਮੈਨ ਸ. ਰਣਤੇਜ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਧਰਤੀ ਅਤੇ ਪਾਣੀ ਨੂੰ ਬਚਾਉਣਾ ਸਾਡੀ ਪਹਿਲੀ ਜਿੰਮੇਵਾਰੀ ਹੈ। ਜੇਕਰ ਪਾਣੀ ਦੀ ਦੁਰਵਰਤੋਂ ਇਸੇ ਤਰ੍ਹਾਂ ਜਾਰੀ ਰਹੀ ਤਾਂ ਆਉਣ ਵਾਲੀਆਂ ਪੀੜੀਆਂ ਲਈ ਵੱਡੀਆਂ ਮੁਸ਼ਕਿਲਾਂ ਖੜੀਆਂ ਹੋ ਜਾਣਗੀਆਂ। ਇਸ ਲਈ ਅੱਜ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਅਸੀਂ ਪਾਣੀ ਸਮੇਤ ਹੋਰ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਆਪਣਾ ਬਣਦਾ ਯੋਗਦਾਨ ਪਾਈਏ। ਉਨਾਂ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਜਾ ਰਹੇ ਕਿਸਾਨ ਭਲਾਈ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀ ਸੇਵਾਵਾਂ ਦਾ ਫਾਇਦਾ ਲੈਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਬੋਲਦੇ ਹੋਏ ਜਿਲ੍ਹਾ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਕਿਸਾਨਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਹੈ। ਉਹਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਜਾਈ ਧਰਤੀ ਹੇਠਲਾ ਪਾਣੀ ਬਚਾਉਣ ਦਾ ਵਧੀਆ ਬਦਲ ਹੈ। ਇਸ ਲਈ ਕਿਸਾਨਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਰਕਬੇ ਵਿਚ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਰਾਸ਼ੀ ਦੇ ਰਹੀ ਹੈ। ਇਹ ਰਾਸ਼ੀ ਲੈਣ ਲਈ ਕਿਸਾਨ 15 ਜੁਲਾਈ ਤੱਕ ਸਬੰਧਿਤ ਪੋਰਟਲ `ਤੇ ਆਪਣੀ ਰਜਿਸਟਰੇਸ਼ਨ ਜਰੂਰ ਕਰਵਾ ਲੈਣ। ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਮੱਕੀ ਅਤੇ ਗੈਰ ਰਵਾਇਤੀ ਫਸਲਾਂ ਦੀ ਕਾਸ਼ਤ ਕਰਕੇ ਕਈ ਸਮੱਸਿਆਵਾਂ ਦਾ ਨਿਪਟਾਰਾ ਕਰ ਸਕਦੇ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਦੇ ਨਾਲ ਤਾਲਮੇਲ ਬਣਾ ਕੇ ਖੇਤੀ ਕਰਨ। ਇਸ ਦੌਰਾਨ ਮਾਰਕੀਟ ਕਮੇਟੀ ਦੇ ਚੇਅਰਮੈਨ ਰਣਤੇਜ ਸਿੰਘ ਨੇ ਵੀ ਸੰਬੋਧਨ ਕੀਤਾ ਅਤੇ ਕਿਸਾਨ ਨੂੰ ਖੇਤੀਬਾੜੀ ਵਿਭਾਗ ਦੀ ਸਲਾਹ ਮੁਤਾਬਕ ਖੇਤੀ ਕਰਨੀ ਪ੍ਰੇਰਿਤ ਕੀਤਾ। ਇਸ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾ ਸਰਬਜੀਤ ਸਿੰਘ ਔਲਖ, ਇੰਜੀ ਰਵਿੰਦਰ ਸਿੰਘ ਛੀਨਾ, ਡਾ ਸਤਿੰਦਰਜੀਤ ਕੌਰ ਅਤੇ ਡਾ ਰਜਿੰਦਰ ਸਿੰਘ ਬਲ ਨੇ ਫਸਲਾਂ ਦੇ ਕੀੜੇ ਮਕੌੜਿਆਂ, ਖਾਦਾ ਅਤੇ ਸੰਦਾਂ ਦੀ ਸਾਂਭ ਸੰਭਾਲ ਸਮੇਤ ਹੋਰ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਖੇਤੀਬਾੜੀ ਵਿਭਾਗ ਨੇ ਜ਼ਿਲ੍ਹੇ ਅੰਦਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਅਗਾਂਹ ਵਧੂ ਕਿਸਾਨਾਂ ਨੂੰ ਵਾਤਾਵਰਣ ਦੇ ਰਾਖੇ ਅਵਾਰਡ ਨਾਲ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਕੈਂਪ ਦੌਰਾਨ ਵੱਖ ਵੱਖ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਇਸ ਦੌਰਾਨ ਖੇਤੀਬਾੜੀ ਅਧਿਕਾਰੀ ਮਨਧੀਰ ਸਿੰਘ, ਖੇਤੀਬਾੜੀ ਅਧਿਕਾਰੀ ਬਲਜਿੰਦਰ ਸਿੰਘ ਭੁੱਲਰ, ਖੇਤੀਬਾੜੀ ਅਧਿਕਾਰੀ ਬਲਜਿੰਦਰ ਸਿੰਘ, ਆਤਮਾ ਦੇ ਪ੍ਰੋਜੈਕਟ ਡਾਇਰੈਕਟਰ ਸੰਦੀਪ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ ਪ੍ਰਭਜੋਤ ਸਿੰਘ, ਡਿਪਟੀ ਪੀਡੀ ਸੰਦੀਪ ਸਿੰਘ, ਏਡੀਓ ਸੋਨਲ ਮਹਾਜਨ ਸਮੇਤ ਵਿਭਾਗ ਦਾ ਸਮੁੱਚਾ ਸਟਾਫ ਮੌਜੂਦ ਸੀ। ਸਟੇਜ ਸਕੱਤਰ ਦੇ ਫਰਜ਼ ਖੇਤਬਾੜੀ ਅਧਿਕਾਰੀ ਡਾ ਪਰਮਬੀਰ ਸਿੰਘ ਕਾਹਲੋਂ ਨੇ ਨਿਭਾਏ ਜਿਨਾਂ ਨਾਲ ਵੱਖ-ਵੱਖ ਕਿਸਾਨਾਂ ਨੂੰ ਅਹਿਮ ਜਾਣਕਾਰੀਆਂ ਸਾਂਝੀਆਂ ਕੀਤੀਆਂ।