- ਵਿਦਿਆਰਥੀਆਂ ਨੇ ਸੱਭਿਆਚਾਕ ਪ੍ਰੋਗਰਾਮ ਦੀਆਂ ਤਿਆਰੀਆਂ ਵਿੱਚ ਦਿਖਾਇਆ ਜੋਸ਼
- ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਲਹਿਰਾਉਣਗੇ
ਗੁਰਦਾਸਪੁਰ, 10 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਅਜ਼ਾਦੀ ਦਿਹਾੜੇ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਜ) ਸ੍ਰੀ ਸਚਿਨ ਪਾਠਕ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਵਿਨੋਦ ਸ਼ਰਮਾਂ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਹਨ। ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਦੌਰਾਨ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਨੂੰ ਰੂਪਮਾਨ ਕਰਦੇ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ। ਰਿਹਰਸਲ ਦੌਰਾਨ ਗਿੱਧੇ ਅਤੇ ਭੰਗੜੇ ਨੇ ਵੀ ਖੂਬ ਰੰਗ ਬਨਿਆ। ਇਸ ਮੌਕੇ ਬੀ.ਐੱਸ.ਐੱਫ. ਵੱਲੋਂ ਸ਼ਾਨਦਾਰ ਡੌਗ ਸ਼ੋਅ ਵੀ ਪੇਸ਼ ਕੀਤਾ ਗਿਆ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਟੇਡੀਅਮ ਵਿੱਚ ਚੱਲ ਰਹੇ ਸੱਭਿਾਚਾਰਕ ਪ੍ਰੋਗਰਾਮ ਦੀ ਰਿਹਰਸਲ ਦਾ ਜਾਇਜਾ ਲੈਣ ਤੋਂ ਬਾਅਦ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਅਜ਼ਾਦੀ ਸਮਾਗਮ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਵਿਦਿਆਰੀਆਂ ਨੂੰ ਕਿਹਾ ਕਿ ਉਹ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਇਸ ਸਮਾਗਮ ਵਿੱਚ ਭਾਗ ਲੈਣ। ਉਨ੍ਹਾਂ ਕਿਹਾ ਕਿ ਅਜ਼ਾਦੀ ਦਿਹਾੜੇ ਮੌਕੇ ਪ੍ਰੋਗਰਾਮ ਦਾ ਹਿੱਸਾ ਬਣਨਾ ਬੜੇ ਮਾਣ ਵਾਲੀ ਗੱਲ ਹੈ ਅਤੇ ਇਹ ਉਨ੍ਹਾਂ ਦੀ ਸਖਸ਼ੀਅਤ ਦੇ ਵਿਕਾਸ ਦੇ ਨਾਲ ਉਮਰ ਭਰ ਲਈ ਯਾਦਗਰ ਪਲ ਬਣਨਗੇ। ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਅਜ਼ਾਦੀ ਸਮਾਗਮ ਦੀਆਂ ਤਿਆਰੀਆਂ ਵਿੱਚ ਲੱਗੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮਾਗਮ ਦੀ ਸਫਲਤਾ ਵਿੱਚ ਕੋਈ ਕਸਰ ਬਾਕੀ ਨਾ ਰਹਿਣ ਦੇਣ। ਉਨ੍ਹਾਂ ਦੱਸਿਆ ਕਿ 15 ਅਗਸਤ ਨੂੰ ਅਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਿਖੇ ਹੋਣ ਵਾਲਾ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਸ਼ਾਨਦਾਰ ਅਤੇ ਯਾਦਗਾਰੀ ਹੋਵੇਗਾ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਹੈ ਕਿ ਉਹ ਸਮਾਂ ਕੱਢ ਕੇ ਅਜ਼ਾਦੀ ਜਸ਼ਨਾਂ ਵਿੱਚ ਜਰੂਰ ਸ਼ਾਮਲ ਹੋਣ।