ਤਰਨਤਾਰਨ, 22 ਜੂਨ : ਤਰਨਤਾਰਨ ਦੇ ਕਸਬਾ ਝਬਾਲ 'ਚ ਸਥਿਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਅੱਜ ਸ਼ਨੀਵਾਰ ਸਵੇਰੇ ਇਕ ਵਿਅਕਤੀ ਨੇ ਗੁਟਕਾ ਸਾਹਿਬ ਦੇ ਅੰਗ ਪਾੜ ਦਿੱਤੇ। ਜਿਸ ਤੋਂ ਬਾਅਦ ਮੌਕੇ 'ਤੇ ਮੌਜੂਦ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਅਤੇ ਸੰਗਤਾਂ ਨੇ ਉਸ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ। ਮੁਲਜ਼ਮ ਅਪਾਹਜ ਦੱਸਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਤਣਾਅ ਪੈਦਾ ਹੋ ਗਿਆ ਅਤੇ ਸਿੱਖ ਜਥੇਬੰਦੀਆਂ ਥਾਣੇ ਪੁੱਜਣੀਆਂ ਸ਼ੁਰੂ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਪਿਛਲੇ ਕਈ ਸਾਲਾਂ ਤੋਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਆ ਰਿਹਾ ਸੀ ਪਰ ਉਸ ਨੇ ਇਸ ਘਟਨਾ ਨੂੰ ਅੰਜਾਮ ਕਿਉਂ ਦਿੱਤਾ ਇਸ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਜਾਣਕਾਰੀ ਅਨੁਸਾਰ ਅੱਜ ਸਵੇਰੇ ਇੱਕ ਲੱਤ ਤੋਂ ਅਪਾਹਜ਼ ਨੌਜਵਾਨ ਨੇ ਗੁਰਦੁਆਰਾ ਸਾਹਿਬ ਬੀੜ ਬਾਬਾ ਬੁੱਢਾ ਸਾਹਿਬ ਦੇ ਅੰਦਰ ਦਾਖਲ ਹੋਇਆ। ਉਸ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਨਿੱਤ ਨੇਮ ਦੇ ਗੁਟਕਾ ਸਾਹਿਬ ਦੇ ਰਹਿਰਾਸ ਸਾਹਿਬ ਦੇ ਅੰਗ ਪਾੜ ਦਿੱਤੇ। ਸੰਗਤ ਨੇ ਮੌਕੇ ਉਤੇ ਨੌਜਵਾਨ ਨੂੰ ਕਾਬੂ ਕਰ ਕੇ ਉਸਦੀ ਛਿੱਤਰ ਪਰੇਡ ਕੀਤੀ ਅਤੇ ਪੁਲਿਸ ਹਵਾਲੇ ਕਰ ਦਿੱਤਾ। ਫੜੇ ਗਏ ਵਿਅਕਤੀ ਦੀ ਪਛਾਣ ਕਰਮਜੀਤ ਸਿੰਘ ਪੁੱਤਰ ਹਰਦਿਆਲ ਸਿੰਘ ਪਿੰਡ ਝਬਾਲ ਬਾਬਾ ਜੱਲਣ ਕਲੋਨੀ ਵੱਜੋਂ ਹੋਈ ਹੈ। ਫਿਲਹਾਲ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ ਤੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰ ਰਹੀਆਂ ਹਨ ਪਰ ਸਰਕਾਰ ਚੁੱਪ ਹੈ : ਹਰਜਿੰਦਰ ਸਿੰਘ ਧਾਮੀ
ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਕੀਤੀ ਗਈ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰ ਰਹੀਆਂ ਹਨ ਪਰ ਸਰਕਾਰ ਚੁੱਪ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਣ ਵਾਲੀ ਗੁਰਬਾਣੀ ਦੀ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਵਾਪਰਨ ਨਾਲ ਸਿੱਖਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਨੂੰ ਵੇਖਦਿਆਂ ਸਰਕਾਰ ਦੀ ਮੁੱਢਲੀ ਜਿੰਮੇਵਾਰੀ ਹੈ ਕਿ ਉਹ ਅਜਿਹੀਆਂ ਤਾਕਤਾਂ ਦੀ ਨਿਸ਼ਾਨਦੇਹੀ ਕਰੇ ਜਿਹੜੀਆਂ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਝਬਾਲ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਖਿਲਾਫ ਪੁਲਿਸ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਕਿਸੇ ਕਿਸਮ ਦਾ ਲਿਹਾਜ ਨਹੀਂ ਹੋਣਾ ਚਾਹੀਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੇਅਦਬੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਵੀ ਸਰਕਾਰਾਂ ਨੂੰ ਆਪਣੀ ਜਿੰਮੇਵਾਰੀ ਨਿਭਾਉਣ ਵਾਸਤੇ ਆਖਿਆ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਘਟਨਾ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਆਦੇਸ਼ਾਂ ’ਤੇ ਅਧਿਕਾਰੀਆਂ ਦੀ ਟੀਮ ਗੁਰਦੁਆਰਾ ਸਾਹਿਬ ਵਿਖੇ ਭੇਜੀ ਗਈ, ਜਿਨ੍ਹਾਂ ਨੇ ਦੋਸ਼ੀ ਵਿਅਕਤੀ ਕਰਮਜੀਤ ਸਿੰਘ ਵਾਸੀ ਝਬਾਲ ਨੂੰ ਪੁਲਿਸ ਹਵਾਲੇ ਕਰਕੇ ਥਾਣਾ ਝਬਾਲ ਅੰਦਰ ਧਾਰਾ 295 ਤਹਿਤ ਪਰਚਾ ਦਰਜ ਕਰਵਾ ਦਿੱਤਾ ਹੈ।