- ਪੰਜਾਬ ਦੇ ਰਾਜਪਾਲ ਤੇ ਮੁੱਖ ਸਕੱਤਰ ਵੱਲੋਂ ਮਿਸ਼ਨ ਅਬਾਦ ਕੈਂਪ ਦਾ ਨਿਰੀਖਣ
- ਮਿਸ਼ਨ ਅਬਾਦ ਜਰੀਏ ਆਮ ਲੋਕਾਂ ਨੂੰ ਮੌਕੇ `ਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ
ਗੁਰਦਾਸਪੁਰ, 7 ਜੂਨ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਸਬੰਧੀ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਅੱਜ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਧਰਮਕੋਟ ਰੰਧਾਵਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਖੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ। ਅੱਜ ਦੇ ਅਬਾਦ ਕੈਂਪ ਵਿੱਚ 417 ਵਿਅਕਤੀਆਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਮੌਕੇ `ਤੇ ਹੀ ਲਾਭ ਦਿੱਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ ਮਿਸ਼ਨ ਅਬਾਦ ਕੈਂਪ ਵਿੱਚ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ, ਮੁੱਖ ਸਕੱਤਰ ਪੰਜਾਬ ਸਰਕਾਰ ਸ੍ਰੀ ਵੀ.ਕੇ. ਜੰਜੂਆ, ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਤੋਂ ਇਲਾਵਾ ਹੋਰ ਉੱਚ ਅਧਿਕਾਰੀ ਵਿਸ਼ੇਸ਼ ਤੌਰ `ਤੇ ਪਹੁੰਚੇ। ਪੰਜਾਬ ਦੇ ਰਾਜਪਾਲ ਵੱਲੋਂ ਅਧਿਕਾਰੀਆਂ ਦੇ ਨਾਲ ਅਬਾਦ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਲਗਾਏ ਗਏ ਸਟਾਲਾਂ ਦਾ ਨਿਰੀਖਣ ਕੀਤਾ ਗਿਆ ਅਤੇ ਇਥੇ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਮਿਸ਼ਨ ਅਬਾਦ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਇਹ ਉਪਰਾਲਾ ਬਹੁਤ ਵਧੀਆ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੇ ਮੁਕੰਮਲ ਵਿਕਾਸ ਵਿੱਚ ਇਹ ਅਬਾਦ ਕੈਂਪ ਅਹਿਮ ਰੋਲ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਅਬਾਦ ਕੈਂਪਾਂ ਦੌਰਾਨ ਜਿਥੇ ਲੋਕ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਉਠਾ ਰਹੇ ਹਨ ਓਥੇ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਬੀ.ਐੱਸ.ਐੱਫ, ਪੰਜਾਬ ਪੁਲਿਸ ਅਤੇ ਹੋਰ ਸੁਰੱਖਿਆ ਫੋਰਸਾਂ ਵੱਲੋਂ ਦੇਸ਼ ਦੀ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਨਾਲ ਨੌਜਵਾਨਾਂ ਨੂੰ ਸੁਰੱਖਿਆ ਬਲਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਜੋ ਕਿ ਬਹੁਤ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਇਹ ਉਪਰਾਲੇ ਕਾਬਲ-ਏ-ਤਰੀਫ਼ ਹਨ।
ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਵੀ.ਕੇ. ਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਇੱਕ ਵਿਸ਼ੇਸ਼ ਪ੍ਰੋਗਰਾਮ `ਸਰਕਾਰ ਤੁਹਾਡੇ ਦੁਆਰ` ਸ਼ੁਰੂ ਕੀਤਾ ਗਿਆ ਹੈ, ਜਿਸਦੀ ਸਫਲਤਾ ਇਨ੍ਹਾਂ ਅਬਾਦ ਕੈਂਪਾਂ ਰਾਹੀਂ ਦੇਖੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਪਿੰਡ ਵਿੱਚ ਸਾਰੀਆਂ ਸਹੂਲਤਾਂ ਦਾ ਮੌਕੇ `ਤੇ ਲਾਭ ਮਿਲਣਾ ਇਸ ਪ੍ਰੋਗਰਾਮ ਦੀ ਸਫਲਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਇਸ ਨਿਵੇਕਲਾ ਉਪਰਾਲੇ ਦੀ ਭਰਪੁਰ ਸਰਾਹਨਾ ਕੀਤੀ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸਰਹੱਦੀ ਖੇਤਰ ਦੇ ਮੁਕੰਮਲ ਵਿਕਾਸ ਲਈ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਭਾਗਾਂ ਵਿੱਚ ਵੀ ਪਿੰਡ-ਪਿੰਡ, ਸ਼ਹਿਰ-ਸ਼ਹਿਰ ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਨਾਲ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਲੱਗੇ ਅਬਾਦ ਕੈਂਪ ਵਿੱਚ 417 ਵਿਅਕਤੀਆਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਮੌਕੇ `ਤੇ ਹੀ ਲਾਭ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੋ ਸ਼ਿਕਾਇਤਾਂ ਜਾ ਮੁਸ਼ਕਲਾਂ ਲੋਕਾਂ ਨੇ ਦੱਸੀਆਂ ਹਨ ਉਨ੍ਹਾਂ ਦਾ ਵੀ ਬਹੁਤ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਆਮ ਜਨਤਾ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦੇਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਵਚਨਬੱਧ ਹੈ।